Posted on January 8th, 2014

ਅੰਮ੍ਰਿਤਸਰ- ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਗੁਰਪੁਰਬ ਮੌਕੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਵਾਪਰੀ ਘਟਨਾ ਤੋਂ ਬਾਅਦਪ੍ਰਬੰਧਕੀ ਕਮੇਟੀ ਸ੍ਰੀ ਹਰਿਮੰਦਰ ਸਾਹਿਬ ਪਟਨਾ ਵਲੋਂ ਜਥੇਦਾਰ ਗਿਆਨੀ ਇਕਬਾਲ ਸਿੰਘ, ਉਨ੍ਹਾਂ ਦੇ ਬੇਟੇ ਗੁਰਪ੍ਰਸਾਦਿ ਸਿੰਘ ਤੇ ਇੱਕ ਗ੍ਰੰਥੀ ਗੁਰਦਿਆਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ ਪੰਜ ਮੈਂਬਰੀ ਜਾਂਚ ਕਮੇਟੀ ਵੀ ਪਟਨਾ ਸਾਹਿਬ ਪੁੱਜ ਗਈ ਹੈ।
ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੀਤ ਜਥੇਦਾਰ (ਵਧੀਕ ਗ੍ਰੰਥੀ) ਵਜੋਂ ਗਿਆਨੀ ਪ੍ਰਤਾਪ ਸਿੰਘ ਦੀ ਕੀਤੀ ਗਈ ਨਿਯੁਕਤੀ ਦੇ ਵਿਰੋਧ ਵਜੋਂ ਕੱਲ ਦੋਹਾਂ ਧਿਰਾਂ ’ਚ ਝੜਪ ਹੋ ਗਈ ਸੀ। ਘਟਨਾ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਉਨ੍ਹਾਂ ਦਾ ਬੇਟਾ ਗੁਰਪ੍ਰਸਾਦਿ ਸਿੰਘ ਤੇ ਤਿੰਨ ਹੋਰ ਵਿਅਕਤੀ ਜ਼ਖਮੀ ਹੋ ਗਏ ਸਨ। ਉਨ੍ਹਾਂ ਇਸ ਸਬੰਧ ਵਿਚ ਦੂਜੀ ਧਿਰ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਕਾਰ ਸੇਵਾ ਸੰਪਰਦਾ ਦੇ ਕਾਰਕੁਨਾਂ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਦਸਮ ਪਿਤਾ ਦੇ ਗੁਰਪੁਰਬ ਵਾਲੇ ਦਿਨ ਵਾਪਰੀ ਘਟਨਾ ਕਾਰਨ ਦੇਸ਼-ਵਿਦੇਸ਼ ਵਿਚ ਸਿੱਖ ਕੌਮ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਹਰ ਇੱਕ ਸਿੱਖ ਵਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ।
ਬਾਅਦ ਦੁਪਹਿਰ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਪ੍ਰਧਾਨ ਡਾ. ਆਰ.ਐਸ. ਗਾਂਧੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕੱਲ ਵਾਪਰੀ ਘਟਨਾ ਲਈ ਗਿਆਨੀ ਇਕਬਾਲ ਸਿੰਘ, ਉਨ੍ਹਾਂ ਦੇ ਬੇਟੇ ਅਤੇ ਹੋਰ ਸਮਰਥਕਾਂ ਨੂੰ ਦੋਸ਼ੀ ਠਹਿਰਾਇਆ ਗਿਆ। ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਆਰ.ਐਸ. ਗਾਂਧੀ ਨੇ ਦੱਸਿਆ ਕਿ ਮੀਟਿੰਗ ਵਿਚ ਮਾਮਲੇ ਨੂੰ ਵਿਚਾਰਨ ਮਗਰੋਂ ਇਸ ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਗੁਰਬਖ਼ਸ਼ ਸਿੰਘ ਸਲੂਜਾ, ਗੁਰਦਿਆਲ ਸਿੰਘ ਤੇ ਗੁਰਸ਼ਰਨ ਸਿੰਘ ਚਾਵਲਾ ਨੂੰ ਸ਼ਾਮਲ ਕੀਤਾ ਗਿਆ ਹੈ। ਜਾਂਚ ਕਮੇਟੀ ਇੱਕ ਹਫ਼ਤੇ ਅੰਦਰ ਆਪਣੀ ਰਿਪੋਰਟ ਦੇਵੇਗੀ। ਉਨ੍ਹਾਂ ਆਖਿਆ ਕਿ ਪ੍ਰਬੰਧਕੀ ਕਮੇਟੀ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਵਧੇਰੇ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ 2017 ਵਿਚ ਮਨਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਲਈ ਹੋਰ ਕਰਮਚਾਰੀਆਂ, ਗ੍ਰੰਥੀ, ਰਾਗੀ, ਪਾਠੀ ਆਦਿ ਦੀ ਨਿਯੁਕਤੀ ਕਰਨ ਦੇ ਪੂਰੇ ਅਧਿਕਾਰ ਹਨ ਅਤੇ ਇਸੇ ਤਹਿਤ ਗਿਆਨੀ ਪ੍ਰਤਾਪ ਸਿੰਘ ਦੀ ਵਧੀਕ ਗ੍ਰੰਥੀ ਵਜੋਂ ਨਵੀਂ ਨਿਯੁਕਤੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੱਲ੍ਹ ਜਦੋਂ ਉਨ੍ਹਾਂ ਦੀ ਤਾਜਪੋਸ਼ੀ ਕੀਤੀ ਜਾ ਰਹੀ ਸੀ ਤਾਂ ਉਸ ਵੇਲੇ ਗਿਆਨੀ ਇਕਬਾਲ ਸਿੰਘ, ਉਨ੍ਹਾਂ ਦਾ ਬੇਟਾ ਤੇ ਉਨ੍ਹਾਂ ਦੇ ਹੋਰ ਸਮਰਥਕ ਮੰਚ ’ਤੇ ਆ ਗਏ, ਜਿਸ ਕਾਰਨ ਰੌਲਾ ਰੱਪਾ ਪਿਆ ਅਤੇ ਧਾਰਮਿਕ ਸਮਾਗਮ ਦੀ ਮਰਿਆਦਾ ਭੰਗ ਹੋਈ। ਮੀਟਿੰਗ ਵਿੱਚ ਇਹ ਵੀ ਆਖਿਆ ਗਿਆ ਹੈ ਕਿ ਪ੍ਰਬੰਧਕੀ ਕਮੇਟੀ ਨੂੰ ਆਪਣੇ ਅਧੀਨ ਕੰਮ ਕਰਦੇ ਗ੍ਰੰਥੀ ਤੇ ਹੋਰਨਾਂ ਨੂੰ ਸੇਵਾ ਮੁਕਤ ਅਤੇ ਮੁਅੱਤਲ ਕਰਨ ਦੇ ਵੀ ਪੂਰੇ ਅਧਿਕਾਰ ਹੈ। ਇਸ ਸਬੰਧ ਵਿਚ ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਮਿਸਾਲ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਤਖ਼ਤਾਂ ਦੇ ਜਥੇਦਾਰਾਂ ਨੂੰ ਬਿਨਾਂ ਨੋਟਿਸ ਦਿੱਤਿਆਂ ਹੀ ਸੇਵਾ ਮੁਕਤ ਕੀਤਾ ਜਾ ਚੁੱਕਾ ਹੈ। ਮੀਟਿੰਗ ਵਿਚ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਹੀ ਮਾਹੌਲ ਨੂੰ ਖ਼ਰਾਬ ਕੀਤਾ ਗਿਆ ਸੀ ਅਤੇ ਮਰਿਆਦਾ ਦੀਆਂ ਧੱਜੀਆਂ ਉਡਾਈਆਂ ਗਈਆਂ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ, ਜਿਸ ਵਿਚ ਸੁਖਦੇਵ ਸਿੰਘ ਭੌਰ, ਰਜਿੰਦਰ ਸਿੰਘ ਮਹਿਤਾ, ਕਰਨੈਲ ਸਿੰਘ ਪੰਜੋਲੀ, ਨਿਰਵੈਲ ਸਿੰਘ ਜੌਲਾ ਅਤੇ ਸਕੱਤਰ ਸਤਬੀਰ ਸਿੰਘ ਸ਼ਾਮਲ ਹਨ, ਅੱਜ ਸ਼ਾਮ ਨੂੰ ਪਟਨਾ ਸਾਹਿਬ ਪੁੱਜ ਗਏ ਹਨ। ਕਮੇਟੀ ਵਲੋਂ ਦੋ ਦਿਨਾਂ ਅੰਦਰ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੀ ਜਾਏਗੀ ਜੋ ਅੱਗੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅੱਗੇ ਕਾਰਵਾਈ ਲਈ ਸੌਂਪਣਗੇ। ਇਸ ਮਾਮਲੇ ਬਾਰੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।
ਦੋਹਾਂ ਜਾਂਚ ਕਮੇਟੀਆਂ ’ਚ ਤਾਲਮੇਲ ਨਹੀਂ: ਘਟਨਾ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਆਪੋ ਆਪਣੀਆਂ ਜਾਂਚ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ। ਦੋਵਾਂ ਜਾਂਚ ਕਮੇਟੀਆਂ ਵਿਚ ਹੁਣ ਤੱਕ ਕੋਈ ਆਪਸੀ ਤਾਲਮੇਲ ਨਹੀਂ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਆਰ ਐਸ ਗਾਂਧੀ ਨੇ ਕਿਹਾ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਨੇ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਆਪਣੇ ਪੱਧਰ ’ਤੇ ਜਾਂਚ ਕਮੇਟੀ ਨਹੀਂ ਬਣਾਉਣੀ ਚਾਹੀਦੀ ਸੀ ਸਗੋਂ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਨੂੰ ਭਰੋਸੇ ਵਿੱਚ ਲੈ ਕੇ ਸਾਂਝੀ ਜਾਂਚ ਕਮੇਟੀ ਬਣਾਉਣੀ ਚਾਹੀਦੀ ਸੀ। ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਹੈ ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਇਕ ਪਾਸੜ ਰਿਪੋਰਟ ਦੇ ਸਕਦੀ ਹੈ।

Posted on August 28th, 2026

Posted on August 27th, 2026

Posted on August 26th, 2026

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026