Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸਾਕਾ ਨੀਲਾ ਤਾਰਾ ਯਾਦਗਾਰ ਦਾ ਨਾਮ ਨਾ ਬਦਲਣ ’ਤੇ ਅੜੀਆਂ ਸਿੱਖ ਜਥੇਬੰਦੀਆਂ

Posted on May 9th, 2013

<p><h2>ਸ਼ਹੀਦੀ ਯਾਦਗਾਰ</h2></p>

ਅੰਮ੍ਰਿਤਸਰ- ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਯਾਦ ਪੱਤਰ ਦੇ ਕੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਬਣਾਈ ਸਾਕਾ ਨੀਲਾ ਤਾਰਾ ਸ਼ਹੀਦੀ ਯਾਦਗਾਰ ਦੇ ਨਾਂ ਅਤੇ ਇਤਿਹਾਸ ਬੋਰਡ ਨਾਲ ਛੇੜਛਾੜ ਨਾ ਕਰਨ ਦੀ ਮੰਗ ਕੀਤੀ ਹੈ। ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਬਲਵੰਤ ਸਿੰਘ ਗੋਪਾਲਾ, ਗੁਰਜਿੰਦਰ ਸਿੰਘ ਤੇ ਹੋਰਾਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਆਖਿਆ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਨੇ ਸ਼ਹੀਦ ਐਲਾਨਿਆ ਹੋਇਆ ਹੈ। ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਇਸ ਆਧਾਰ ’ਤੇ ਹੀ ਸਥਾਪਤ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਯਾਦਗਾਰ ਦਾ ਨਾਂ ਸੰਤ ਭਿੰਡਰਾਂਵਾਲਾ ਦੇ ਨਾਂ ’ਤੇ ਹੀ ਰਹਿਣਾ ਚਾਹੀਦਾ ਹੈ। ਯਾਦਗਾਰ ਦੇ ਨਾਂ ਅਤੇ ਇਤਿਹਾਸ ਬੋਰਡ ਨਾਲ ਛੇੜਛਾੜ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਬਾਰੇ ਦਬਾਅ ਪਾਉਣ ਵਾਲਿਆਂ ਨੂੰ ਕਰੜੇ ਹੱਥੀਂ ਲਵੇ।

ਇਸ ਦੌਰਾਨ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਪ੍ਰਧਾਨ ਹਰਮਨਦੀਪ ਸਿੰਘ ਸਰਹਾਲੀ, ਸਤਵਿੰਦਰ ਸਿੰਘ ਪਲਾਸੌਰ, ਵਿਰਸਾ ਸਿੰਘ ਬਹਿਲਾ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂ ਕਿਰਪਾਲ ਸਿੰਘ ਰੰਧਾਵਾ ਤੇ ਹੋਰਾਂ ਨੇ ਵੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਯਾਦਗਾਰ ਦੇ ਨਾਂ ਨਾਲ ਕੋਈ ਛੇੜਛਾੜ ਨਾ ਕੀਤੀ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਅਕਾਲ ਤਖ਼ਤ ਤੋਂ ਹੁਕਮਨਾਮਾ ਜਾਰੀ ਕਰਕੇ ਸਰਕਾਰ ਨੂੰ ਆਦੇਸ਼ ਦਿੱਤਾ ਜਾਵੇ ਕਿ ਛੇ ਜੂਨ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅਤੇ ਇਕ ਨਵੰਬਰ ਨੂੰ ਸਿੱਖ ਨਸਲਕੁਸ਼ੀ ਦੇ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਝੰਡਾ ਨੀਵਾਂ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਜਾਵੇ। ਇਸ ਤਰ੍ਹਾਂ ਝੂਠੇ ਪੁਲੀਸ ਮੁਕਾਬਲਿਆਂ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਨੂੰ ਦਿੱਤੀਆਂ ਤਰੱਕੀਆਂ ਵਾਪਸ ਲਈਆਂ ਜਾਣ।



Archive

RECENT STORIES