Posted on June 15th, 2014

<p>ਸੀਨੀਅਰ ਭਾਜਪਾ ਆਗੂ ਬਲਰਾਮਜੀ ਦਾਸ ਟੰਡਨ <br></p>
ਭਾਜਪਾ ਆਗੂਆਂ ਨੂੰ ਛੱਡ ਕੇ ਕੇਂਦਰ ਕੋਲ ਜਾਣ ਬਾਰੇ ਸੋਚਿਆ ਹੀ ਨਹੀਂ ਜਾ ਸਕਦੈ: ਟੰਡਨ
ਚੰਡੀਗੜ੍ਹ- ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੇ ਸਖ਼ਤ ਸਟੈਂਡ ਲੈਂਦਿਆਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਾਰਟੀ ਦੇ ਮੰਤਰੀਆਂ ਤੇ ਆਗੂਆਂ ਨੂੰ ਨਜ਼ਰਅੰਦਾਜ਼ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰਨਾਂ ਕੇਂਦਰੀ ਮੰਤਰੀਆਂ ਨੂੰ ਮਿਲਣ ਜਾਣ 'ਤੇ ਉਜ਼ਰ ਕੀਤਾ ਹੈ।
ਸੀਨੀਅਰ ਭਾਜਪਾ ਆਗੂ ਬਲਰਾਮਜੀ ਦਾਸ ਟੰਡਨ ਨੇ ਇਹ ਮੁੱਦਾ ਉਠਾਉਂਦਿਆਂ ਕਿਹਾ ''ਮੈਂ ਇਹ ਸਮਝਣ ਤੋਂ ਅਸਮਰੱਥ ਹਾਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਮੁੱਖ ਲੀਡਰਸ਼ਿਪ ਸੂਬੇ ਅਤੇ ਕੇਂਦਰ ਵਿੱਚ ਆਪਣੀ ਭਿਆਲ ਭਾਜਪਾ ਨੂੰ ਛੱਡ ਕੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀਆਂ ਨੂੰ ਮਿਲਣ ਜਾਣ ਬਾਰੇ ਸੋਚ ਵੀ ਕਿਵੇਂ ਸਕਦੀ ਹੈ।'' ਅਕਾਲੀ ਦਲ ਲੀਡਰਸ਼ਿਪ ਨੂੰ ਇਹ ਗੱਲ ਧਿਆਨ 'ਚ ਰੱਖਣੀ ਚਾਹੀਦੀ ਹੈ ਕਿ ਸੂਬਾਈ ਭਾਜਪਾ ਆਗੂਆਂ ਨੂੰ ਛੱਡ ਕੇ ਕੇਂਦਰ ਵਿੱਚ ਜਾਣਾ ਮੋਦੀ ਸਰਕਾਰ ਲਈ ਇਕ ਬਹੁਤ ਹੀ ਗਲਤ ਸੰਦੇਸ਼ ਦਿੰਦਾ ਹੈ।'' ਸ੍ਰੀ ਟੰਡਨ ਦੋ ਦਿਨ ਪਹਿਲਾਂ ਮੁੱਖ ਮੰਤਰੀ ਬਾਦਲ ਵੱਲੋਂ ਆਪਣੇ ਪੁੱਤਰ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨਾਲ ਕੀਤੇ ਦਿੱਲੀ ਦੌਰੇ ਬਾਰੇ ਟਿੱਪਣੀ ਕਰ ਰਹੇ ਸਨ। ਸ੍ਰੀ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਕੇਂਦਰੀ ਮੰਤਰੀਆਂ ਨੂੰ ਮਿਲ ਕੇ ਪੰਜਾਬ ਦੀਆਂ ਵੱਖ-ਵੱਖ ਮੰਗਾਂ ਤੇ ਮੁੱਦੇ ਉਠਾਏ ਸਨ।
ਭਾਜਪਾ ਦੇ ਇਕ ਹੋਰ ਸੀਨੀਅਰ ਆਗੂ ਨੇ ਕਿਹਾ ਕਿ ਰਾਜ ਵਿੱਚ ਅਕਾਲੀ-ਭਾਜਪਾ ਗੱਠਜੋੜ ਵਿੱਚ ਪਹਿਲਾਂ ਹੀ ਖਿਚਾਅ ਪੈਦਾ ਹੋ ਗਿਆ ਅਤੇ ਅਜਿਹੇ ਸਮੇਂ ਪਾਰਟੀ ਆਗੂਆਂ ਨੂੰ ਲਾਂਭੇ ਕਰਕੇ ਕੇਂਦਰ ਸਰਕਾਰ ਕੋਲ ਜਾਣਾ ਠੀਕ ਨਹੀਂ ਹੈ। ਲੋਕ ਸਭਾ ਚੋਣਾਂ ਵਿੱਚ ਸੱਤਾਧਾਰੀ ਗੱਠਜੋੜ ਦੀ ਮਾੜੀ ਕਾਰਗੁਜ਼ਾਰੀ ਤੋਂ ਬਾਅਦ ਭਾਜਪਾ ਦੇ ਕਈ ਆਗੂਆਂ ਨੇ ਅਕਾਲੀ ਲੀਡਰਸ਼ਿਪ ਦੇ ਰਵੱਈਏ ਅਤੇ ਤੌਰ-ਤਰੀਕਿਆਂ ਬਾਰੇ ਖੁੱਲ੍ਹ ਕੇ ਭੜਾਸ ਕੱਢੀ ਸੀ। ਭਾਜਪਾ ਲੀਡਰਸ਼ਿਪ ਅਕਾਲੀ ਦਲ ਨਾਲ ਆਪਣੇ ਸਬੰਧ ਨਵੇਂ ਸਿਰਿਓਂ ਤੈਅ ਕਰਨਾ ਚਾਹੁੰਦੀ ਹੈ ਅਤੇ ਕੰਮਕਾਜ ਦੇ ਨਵੇਂ ਨੇਮ ਤੈਅ ਕਰਨ ਦੀ ਇੱਛੁਕ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਦਾ ਲੇਖਾ-ਜੋਖਾ ਕਰਨ ਲਈ ਸ੍ਰੀ ਟੰਡਨ ਦੀ ਅਗਵਾਈ ਹੇਠ ਬਣਾਈ ਗਈ ਕਮੇਟੀ ਨੇ ਰੇਤਾ-ਬਜਰੀ ਦੀਆਂ ਕੀਮਤਾਂ, ਹਲਕਾ ਇੰਚਾਰਜਾਂ ਦੀ ਭੂਮਿਕਾ, ਪ੍ਰਾਪਰਟੀ ਟੈਕਸ ਅਤੇ ਸੁਵਿਧਾ ਕੇਂਦਰਾਂ ਦੀ ਮਾੜੀ ਕਾਰਗੁਜ਼ਾਰੀ ਜਿਹੇ ਮੁੱਦਿਆਂ ਦੀ ਨਿਸ਼ਾਨਦੇਹੀ ਕੀਤੀ ਸੀ।
ਪਾਰਟੀ ਦੇ ਇਕ ਆਗੂ ਨੇ ਦੱਸਿਆ ਕਿ ਰਿਪੋਰਟ ਤੋਂ ਸਪਸ਼ਟ ਸੰਕੇਤ ਮਿਲਦਾ ਹੈ ਕਿ ਸ੍ਰੀ ਮੋਦੀ ਦੀ ਤਰ੍ਹਾਂ ਲੋਕਾਂ ਨੂੰ ਸਾਫ-ਸੁਥਰਾ ਪ੍ਰਸ਼ਾਸਨ ਦੇਣ ਲਈ ਅਕਾਲੀ ਦਲ ਨਾਲ ਸਾਡੀ ਰਾਜਸੀ ਸਾਂਝ ਨਵਿਆਈ ਜਾਵੇ। ਸਰਕਾਰ ਅਤੇ ਪ੍ਰਸ਼ਾਸਨ ਚਲਾਉਣ ਲਈ ਗੱਠਜੋੜ ਦੇ ਭਿਆਲਾਂ ਦਰਮਿਆਨ ਨਵੇਂ ਸਿਰਿਓਂ ਸੂਝ-ਬੂਝ ਕਾਇਮ ਕੀਤੀ ਜਾਵੇ।
ਸ੍ਰੀ ਟੰਡਨ ਨੇ ਦੱਸਿਆ ਕਿ ਉਨ੍ਹਾਂ ਇਹ ਰਿਪੋਰਟ 13 ਜੂਨ ਨੂੰ ਪੇਸ਼ ਕਰਨੀ ਸੀ ਪਰ ਹੁਣ ਇਹ ਰਿਪੋਰਟ ਕੇਂਦਰੀ ਲੀਡਰਸ਼ਿਪ ਕੋਲ ਪੇਸ਼ ਕਰਨ ਤੋਂ ਪਹਿਲਾਂ ਇਸ ਉਪਰ ਪਾਰਟੀ ਦੇ ਸੂਬਾਈ ਅਹੁਦੇਦਾਰਾਂ ਦੀ ਸ੍ਰੀ ਸ਼ਾਂਤਾ ਕੁਮਾਰ ਦੀ ਅਗਵਾਈ ਹੇਠ ਹੋਣ ਵਾਲੀ ਮੀਟਿੰਗ ਵਿੱਚ ਵਿਚਾਰ ਚਰਚਾ ਕੀਤੀ ਜਾਵੇਗੀ।
ਪਾਰਟੀ ਦੇ ਇਕ ਆਗੂ ਨੇ ਕਿਹਾ ''ਸਮੁੱਚੇ ਦੇਸ਼ ਵਿੱਚ ਜਦੋਂ ਮੋਦੀ ਲਹਿਰ ਚੱਲ ਰਹੀ ਸੀ ਤਾਂ ਸਾਨੂੰ ਵੀ ਇਸ ਦਾ ਲਾਹਾ ਮਿਲਣਾ ਚਾਹੀਦਾ ਸੀ। ਸ਼੍ਰੋਮਣੀ ਅਕਾਲੀ ਦਲ ਕੋਲ ਚੋਣਾਂ ਵਿੱਚ ਮਾੜੀ ਕਾਰਗੁਜ਼ਾਰੀ ਦਾ ਕੋਈ ਕਾਰਨ ਨਹੀਂ ਬਣਦਾ। ਰਾਜ ਦੇ ਲੋਕ ਰੇਤ ਮਾਫੀਏ ਤੋਂ ਬਹੁਤ ਖ਼ਫ਼ਾ ਹਨ। ਸੁਵਿਧਾ ਕੇਂਦਰ ਅਸੁਵਿਧਾ ਕੇਂਦਰ ਬਣੇ ਹੋਏ ਹਨ।''

Posted on August 25th, 2026

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026

Posted on August 10th, 2026