Posted on September 7th, 2018

<p>ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਬਾਹਰੀ ਝਲਕ।<br></p>
ਚੰਡੀਗੜ੍ਹ, 7 ਸਤੰਬਰ- ਪਾਕਿਸਤਾਨ ਸਰਕਾਰ ਨੇ ਗੁਰੂ ਨਾਨਕ ਦੇਵ ਦੇ ਸਾਢੇ ਪੰਜ ਸੌ ਸਾਲਾ ਗੁਰਪੁਰਬ ਮੌਕੇ ਭਾਰਤੀ ਸਿੱਖ ਸ਼ਰਧਾਲੂਆਂ ਲਈ ਬਿਨਾਂ ਵੀਜ਼ੇ ਤੋਂ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦਿੱਤੀ। ਪੰਜਾਬ ਦੇ ਸੱਭਿਆਚਾਰਕ ਮਾਮਲੇ ਅਤੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸਿੱਖ ਜਥੇਬੰਦੀਆਂ ਨੇ ਪਾਕਿਸਤਾਨ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਇਹ ਵੀ ਕਿਹਾ ਹੈ ਕਿ ਬਿਨਾਂ ਵੀਜ਼ੇ ਦੇ ਆਰਜ਼ੀ ਲਾਂਘੇ ਬਾਰੇ ਯੋਜਨਾਬੰਦੀ ਉਨ੍ਹਾਂ ਦੇ ਵਿਚਾਰ ਅਧੀਨ ਹੈ।
ਭਾਰਤੀ ਸ਼ਰਧਾਲੂਆਂ ਲਈ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਦਾ ਸਵਾਗਤ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਪਾਕਿਸਤਾਨ ਦੋ ਕਦਮ ਚੱਲਿਆ ਹੈ ਤਾਂ ਭਾਰਤ ਸਰਕਾਰ ਨੂੰ ਵੀ ਇੱਕ ਕਦਮ ਅੱਗੇ ਵਧਾਉਣਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਇਸ ਨਾਲ ਸ਼ਰਧਾਲੂਆਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ। ਇੱਕ ਪ੍ਰੈਸ ਕਾਨਫਰੰਸ ਦੌਰਾਨ ਸਿੱਧੂ ਨੇ ਕਿਹਾ ਕਿ ਬਿਨਾਂ ਵੀਜ਼ਾ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਆਗਿਆ ਦੇਣਾ ਵੱਡੀ ਗੱਲ ਹੈ। ਉਨ੍ਹਾਂ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਮੰਤਰੀ ਨੂੰ ਚਿੱਠੀ ਲਿਖਣ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਮਤਾ ਪਾਸ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਆਪਣੇ ਦੋਸਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਦੋ ਕਦਮ ਨਹੀਂ ਬਲਕਿ ਮੀਲਾਂ ਅੱਗੇ ਤੁਰੇ ਹਨ।
ਇੱਕ ਸਵਾਲ ਦੇ ਜਵਾਬ ਵਿੱਚ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਇਮਰਾਨ ਖਾਨ ਜਾਂ ਪਾਕਿਸਤਾਨ ਦੇ ਕਿਸੇ ਅਧਿਕਾਰੀ ਨਾਲ ਸਿੱਧੀ ਗੱਲ ਨਹੀਂ ਹੋਈ, ਪਰ ਸਰਕਾਰੀ ਸੂਤਰਾਂ ਮੁਤਾਬਕ ਪਾਕਿਸਤਾਨ ਸਰਕਾਰ ਨੇ ਫੈਸਲਾ ਲੈ ਲਿਆ ਹੈ। ਭਾਰਤ ਸਰਕਾਰ ਤੋਂ ਹਾਂ-ਪੱਖੀ ਜਵਾਬ ਮਿਲਣ ਉੱਤੇ ਸਿੱਖਾਂ ਨੂੰ ਗੁਰੂ ਨਾਨਕ ਦੇਵ ਦੇ ਸਾਢੇ ਪੰਜ ਸੌ ਸਾਲਾ ਸਮਾਗਮ ਵਿੱਚ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਜਾਵੇਗਾ।
ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਨੇ ਪਾਕਿਸਤਾਨੀ ਸਰਕਾਰ ਦੀ ਪੇਸ਼ਕਸ਼ ਦਾ ਸਵਾਗਤ ਕਰਦਿਆਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਦਿਸ਼ਾ ਵਿੱਚ ਸਰਗਰਮੀ ਨਾਲ ਕਦਮ ਚੁੱਕੇ। ਇਸ ਫੈਸਲੇ ਨਾਲ ਸਿੱਖ ਭਾਈਚਾਰਾ ਉਤਸ਼ਾਹ ਵਿੱਚ ਹੈ। ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਜੇਕਰ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਮਨਜ਼ੂਰੀ ਦੇਣਗੀਆਂ ਤਾਂ ਲਾਂਘੇ ਦਾ ਪੂਰਾ ਪ੍ਰਬੰਧ ਕਮੇਟੀ ਕਰਨ ਲਈ ਤਿਆਰ ਹੈ।
ਚੇਤੇ ਰਹੇ ਕਿ ਇਮਰਾਨ ਖਾਨ ਵੱਲੋਂ ਪਾਕਿਸਤਾਨ ਦੇ ਵਜ਼ੀਰੇ ਆਜ਼ਮ ਵਜੋਂ ਅਹੁਦਾ ਸੰਭਾਲਣ ਮੌਕੇ ਨਵਜੋਤ ਸਿੱਧੂ ਨੂੁੰ ਹਲਫ਼ਦਾਰੀ ਸਮਾਗਮ ਲਈ ਸੱਦਾ ਪੱਤਰ ਮਿਲਿਆ ਸੀ। ਸਿੱਧੂ ਨੇ ਭਾਰਤ ਆ ਕੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਨੂੰ ਪਾਕਿਸਤਾਨ ਦੇ ਥਲ ਸੈਨਾ ਮੁਖੀ ਜਨਰਲ ਕਾਮਰ ਜਾਵੇਦ ਬਾਜਵਾ ਨੇ ਸੰਕੇਤ ਦਿੱਤਾ ਹੈ ਕਿ ਪਾਕਿਸਤਾਨੀ ਸਰਕਾਰ ਸਿੱਖਾਂ ਲਈ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਉੱਤੇ ਵਿਚਾਰ ਕਰ ਰਹੀ ਹੈ। ਸਿੱਧੂ ਦੀ ਬਾਜਵਾ ਨਾਲ ਪਈ ਗਲਵੱਕੜੀ ਅਤੇ ਅੰਤਰਰਾਸ਼ਟਰੀ ਮਾਮਲਿਆਂ ਵਿੱਚ ਅਜਿਹੀ ਬਿਆਨਬਾਜ਼ੀ ਦੀ ਆਲੋਚਨਾ ਵੀ ਹੋਈ, ਪਰ ਉਨ੍ਹਾਂ ਨੂੰ ਵੱਡੀ ਗਿਣਤੀ ਵਿੱਚ ਸਮਰਥਨ ਵੀ ਮਿਲਿਆ।
ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਦੀ ਮੰਗ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 16 ਨਵੰਬਰ 2010 ਨੂੰ ਮਤਾ ਪਾਸ ਕੀਤਾ ਸੀ। ਪੰਜਾਬ ਵਿਧਾਨ ਸਭਾ ਨੇ 27 ਅਗਸਤ 2018 ਨੂੰ ਪਾਏ ਮਤੇ ਤੋਂ ਪਹਿਲਾਂ ਵੀ 5 ਅਕਤੂਬਰ 2010 ਨੂੰ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਲਾਂਘਾ ਖੋਲ੍ਹਣ ਦਾ ਮੁੱਦਾ ਪਾਕਿਸਤਾਨ ਸਰਕਾਰ ਨਾਲ ਉਠਾਉਣ ਦੀ ਅਪੀਲ ਕੀਤੀ ਸੀ। ਗੁਰੂ ਨਾਨਕ ਸਾਹਿਬ ਨੇ ਉਦਾਸੀਆਂ ਤੋਂ ਆ ਕੇ ਆਪਣੇ ਜੀਵਨ ਦਾ ਅੰਤਿਮ ਲਗਪਗ ਡੇਢ ਦਹਾਕਾ ਕਰਤਾਰਪੁਰ ਸਾਹਿਬ ਖੇਤੀ ਕਰਕੇ ਲੋਕਾਈ ਨੂੰ ਹੱਥੀਂ ਸੁੱਚੀ ਕਿਰਤ ਕਰਨ ਦਾ ਸੰਦੇਸ਼ ਦਿੱਤਾ ਸੀ। ਦੁਨੀਆ ਭਰ ਦੇ ਸਿੱਖ ਇਸ ਸਥਾਨ ਤੇ ਨਤਮਸਤਕ ਹੋਣ ਦੇ ਖਾਹਿਸ਼ਮੰਦ ਹਨ।

Posted on May 1st, 2026

Posted on April 30th, 2026

Posted on April 29th, 2026

Posted on April 28th, 2026

Posted on April 27th, 2026

Posted on April 24th, 2026
Posted on April 23rd, 2026

Posted on April 22nd, 2026

Posted on April 14th, 2026

Posted on April 13th, 2026

Posted on April 10th, 2026

Posted on April 9th, 2026