Posted on September 22nd, 2020

ਲੰਬੀ/ ਚੜ੍ਹਦੀ ਕਲਾ ਬਿਉਰੋ
ਖੇਤੀ ਬਿੱਲਾਂ ਖ਼ਿਲਾਫ਼ ਜਥੇਬੰਦਕ ਸੰਘਰਸ਼ ਦੇ ਸੂਬਾ ਪੱਧਰੀ ਤਿੱਖੇ ਫੈਲਾਅ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਬਾਦਲਾਂ ਦੇ ਘਰ ਮੂਹਰੋਂ ਕਿਸਾਨ ਮੋਰਚਾ ਅੱਠਵੇਂ ਦਿਨ ਸਮੇਟ ਦਿੱਤਾ ਅਤੇ ਪੰਜਾਬ ਦੇ ਲੋਕਾਂ ਨੂੰ 24 ਤੋਂ 26 ਸਤੰਬਰ ਤੱਕ ਜ਼ੋਰਦਾਰ ਸੰਘਰਸ਼ ਦੀ ਤਿਆਰੀ ਕਰਨ ਦੀ ਅਪੀਲ ਕੀਤੀ ਹੈ।
ਮੋਰਚੇ ਦੀ ਸਮਾਪਤੀ ਮੌਕੇ ਜਥੇਬੰਦੀ ਨੇ ਪੰਜਾਬ ਬੰਦ ’ਚ ਸ਼ਹਿਰੀ ਲੋਕਾਂ ਨੂੰ ਹਿੱਸਾ ਬਣਨ ਲਈ ਪ੍ਰੇਰਿਤ ਕਰਨ ਲਈ 24 ਸਤੰਬਰ ਨੂੰ ਰੇਲਾਂ ਜਾਮ ਕਰਨ ਦੇ ਨਾਲ-ਨਾਲ ਸ਼ਹਿਰਾਂ ਤੇ ਕਸਬਿਆਂ ’ਚ ਵਿਸ਼ਾਲ ਮੁਜ਼ਾਹਰਿਆਂ ਦਾ ਐਲਾਨ ਕੀਤਾ ਹੈ। ਹਜ਼ਾਰਾਂ ਲੋਕਾਂ ਨੂੰ ਰੇਲਾਂ ਜਾਮ ਕਰਨ ’ਤੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਦਿਨ-ਰਾਤ ਇੱਕ ਕਰਨ ਦੀ ਅਪੀਲ ਕੀਤੀ।
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਮਜ਼ਦੂਰਾਂ ਦੀਆਂ ਪੰਜ ਜਥੇਬੰਦੀਆਂ ’ਤੇ ਆਧਾਰਿਤ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦੀ ਹਮਾਇਤ ’ਚ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜ ਕੇ ਮਜ਼ਦੂਰਾਂ ਵੱਲੋਂ ਹਿੱਸਾ ਪਾਉਣ ਦਾ ਐਲਾਨ ਕੀਤਾ।
ਉਧਰ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ 25 ਸਤੰਬਰ ਨੂੰ ਸੂਬੇ ਭਰ ਵਿੱਚ 3 ਘੰਟੇ ਚੱਕਾ ਜਾਮ ਕਰਕੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾਵੇਗਾ। ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 25 ਸਤੰਬਰ ਨੂੰ ਪੰਜਾਬ ਦੇ ਹਰੇਕ ਹਲਕੇ ਵਿੱਚ ਖੇਤੀ ਬਿੱਲਾਂ ਖ਼ਿਲਾਫ਼ ਸਵੇਰੇ 11 ਤੋਂ ਬਾਅਦ ਦੁਪਹਿਰ 1 ਵਜੇ ਤਕ ਸ਼ਾਂਤਮਈ ਢੰਗ ਨਾਲ ਚੱਕਾ ਜਾਮ ਕੀਤਾ ਜਾਵੇਗਾ।
ਹੈਰਾਨੀ ਦੀ ਗੱਲ ਹੈ ਕਿ ਇੱਕ ਪਾਸੇ ਅਕਾਲੀ ਦਲ ਵਲੋਂ ਭਾਜਪਾ ਸਰਕਾਰ ਦੇ ਫੈਸਲਿਆਂ ਵਿਰੁੱਧ ਸੰਘਰਸ਼ ਅਤੇ ਜੇਲ੍ਹਾਂ ਭਰਨ ਦੀ ਗੱਲ ਕੀਤੀ ਜਾ ਰਹੀ ਹੈ ਤੇ ਦੂਜੇ ਪਾਸੇ ਅਕਾਲੀ ਦਲ ਦੇ ਆਗੂ ਭਾਜਪਾ ਸਰਕਾਰ ਨੂੰ ਬਿਨਾ ਸ਼ਰਤ ਸਮਰਥਨ ਵੀ ਜਾਰੀ ਰੱਖ ਰਹੇ ਹਨ।
ਭਾਜਪਾ ਪ੍ਰਤੀ ਕਿਸਾਨਾਂ 'ਚ ਗੁੱਸਾ ਜ਼ੋਰਾਂ 'ਤੇ
ਬਰਨਾਲਾ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਹੱਕ ਵਿੱਚ ਭਾਜਪਾ ਵਲੋਂ ਪ੍ਰੈਸ ਕਾਨਫ਼ਰੰਸਾਂ ਕੀਤੀਆਂ ਗਈਆਂ। ਬਰਨਾਲਾ ਦੇ ਰੈਸਟ ਹਾਊਸ ਵਿਖੇ ਪ੍ਰੈਸ ਕਾਨਫ਼ਰੰਸ ਕਰਨ ਵਾਲੇ ਭਾਜਪਾ ਆਗੂਆਂ ਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਗਵਾਈ ਵਿੱਚ ਕਿਸਾਨਾਂ ਵਲੋਂ ਰੈਸਟ ਹਾਊਸ ਦੇ ਗੇਟ ’ਤੇ ਘਿਰਾਉ ਕਰਕੇ ਵਿਰੋਧ ਕੀਤਾ ਗਿਆ। ਜਿੱਥੇ ਪ੍ਰੈਸ ਕਾਨਫ਼ਰੰਸ ਦੌਰਾਨ ਭਾਜਪਾ ਸੂਬਾ ਆਗੂ ਦਰਸ਼ਨ ਸਿੰਘ ਨੈਣੇਵਾਲ ਨੇ ਪਿੰਡਾਂ ਵਿੱਚ ਖੇਤੀ ਬਿੱਲਾਂ ਦੇ ਹੱਕ ਵਿੱਚ ਕਿਸਾਨਾਂ ਨੂੰ ਸਮਝਾਉਣ ਲਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ। ਉਥੇ ਵਿਰੋਧ ਕਰ ਰਹੇ ਕਿਸਾਨ ਆਗੂ ਜਗਸੀਰ ਸਿੰਘ ਛੀਨੀਵਾਲ ਅਤੇ ਮਹਿੰਦਰ ਸਿੰਘ ਵੜੈਚ ਨੇ ਕਿਹਾ ਕਿ ਜੇ ਭਾਜਪਾ ਆਗੂ ਪਿੰਡਾਂ ਵਿੱਚ ਇਸ ਬਿੱਲ ਦਾ ਸਮਰਥਨ ਕਰਨ ਆਏ ਤਾਂ ਘਿਰਾਉ ਕਰਕੇ ਬੰਦੀ ਬਣਾਇਆ ਜਾਵੇਗਾ।

Posted on September 24th, 2026

Posted on September 23rd, 2026

Posted on September 22nd, 2026

Posted on September 21st, 2026

Posted on September 18th, 2026

Posted on September 17th, 2026

Posted on September 15th, 2026

Posted on September 14th, 2026

Posted on September 11th, 2026

Posted on September 10th, 2026

Posted on September 9th, 2026

Posted on September 8th, 2026