Posted on November 4th, 2020

ਨਵੀਂ ਦਿਲੀ । ਚੜ੍ਹਦੀ ਕਲਾ ਬਿਊਰੋ
ਕਿਸਾਨ ਸੰਘਰਸ਼ ਮਾਮਲੇ 'ਤੇ ਰਾਸ਼ਟਰਪਤੀ ਨੂੰ ਮਿਲਣ ਗਏ ਕੈਪਟਨ ਅਮਰਿੰਦਰ ਸਿੰਘ ਅਤੇ ਸਾਥੀ ਕਾਂਗਰਸੀ ਮੰਤਰੀਆਂ ਨੂੰ ਰਾਸ਼ਟਰਪਤੀ ਨੇ ਮਿਲਣ ਤੋਂ ਨਾਂਹ ਕਰ ਦਿੱਤੀ ਸੀ। ਇਸ ਬੇਇਜ਼ਤੀ ਦੇ ਰੋਸ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਧਾਇਕਾਂ ਤੇ ਮੰਤਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਜੰਤਰ ਮੰਤਰ ’ਤੇ ਧਰਨਾ ਦੇ ਕੇ ਮੋਦੀ ਸਰਕਾਰ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਘੇਰਿਆ।
ਦਿੱਲੀ ਦੇ ਪੰਜਾਬ ਭਵਨ ਤੋਂ ਵਿਧਾਇਕ ਤੇ ਮੰਤਰੀ ਪੈਦਲ ਮਾਰਚ ਕਰਦੇ ਹੋਏ ਜੰਤਰ ਮੰਤਰ ਪੁੱਜੇ ਤੇ ਧਰਨੇ ’ਤੇ ਬੈਠ ਗਏ ਜਦਕਿ ਕੈਪਟਨ ਅਮਰਿੰਦਰ ਸਿੰਘ ਕੁੱਝ ਸੰਸਦ ਮੈਂਬਰਾਂ ਨਾਲ ਰਾਜਘਾਟ ਪੁੱਜੇ ਤੇ ਮੋਹਨ ਦਾਸ ਕਰਮ ਚੰਦ ਗਾਂਧੀ ਦੀ ਸਮਾਧ ’ਤੇ ਫੁੱਲ ਭੇਟ ਕਰਨ ਮਗਰੋਂ ਆ ਕੇ ਧਰਨੇ ’ਤੇ ਬੈਠ ਗਏ।
'ਆਪ' ਤੇ ਅਕਾਲੀ ਵਿਧਾਇਕਾਂ ਨੂੰ ਛੱਡ ਕੇ ਵਿਰੋਧੀ ਧਿਰ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਸੁਖਪਾਲ ਸਿੰਘ ਖਹਿਰਾ, ਬੈਂਸ ਭਰਾਵਾਂ ਨੇ ਵੀ ਧਰਨੇ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਤੇ ਇਥੇ ਹਾਲਾਤ ਛੇਤੀ ਬਦਲ ਜਾਂਦੇ ਹਨ ਤੇ ਸਰਕਾਰ 1980-1995 ਵਾਲੇ ਕਾਲੇ ਦੌਰ ਦੇ ਹਾਲਾਤ ਬਣਾਉਣ ਵਲ ਪੰਜਾਬ ਨੂੰ ਨਾ ਧੱਕੇ। ਬੁਲਾਰਿਆਂ ਨੇ ਇਸ ਮੌਕੇ ਖੇਤੀ ਕਾਨੂੰਨਾਂ ਦੀ ਨਿਖੇਧੀ ਕੀਤੀ ਤੇ ਮਾਲ ਗੱਡੀਆਂ ਚਲਾਉਣ ਦੀ ਮੰਗ ਕੀਤੀ।
ਉਧਰ ਕੈਪਟਨ ਦੀ ਪਤਲੀ ਹਾਲਤ 'ਤੇ ਵਿਅੰਗ ਕੱਸਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਵਿੱਚ ਰਸਮੀ ਧਰਨੇ ਦੇਣ ਦੀ ਥਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੇਕਰ ਪ੍ਰਧਾਨ ਮੰਤਰੀ ਦੇ ਘਰ ਅੱਗੇ ਮਰਨ ਵਰਤ ’ਤੇ ਬੈਠਣ ਤਾਂ ਕੇਂਦਰ ਸਰਕਾਰ ਮਿੰਟੋ-ਮਿੰਟੀ ਸਾਰੇ ਮਸਲੇ ਹੱਲ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਜਿਹੇ ਕੰਮਾਂ ਵਾਸਤੇ ਹੁੰਦਾ ਹੈ, ਨਾ ਕਿ ਸੈਰ ਕਰਨ ਲਈ। ਜੇ ਕੈਪਟਨ ਮਰਨ ਵਰਤ ’ਤੇ ਬੈਠਣ ਤਾਂ ਅਕਾਲੀ ਦਲ ਵੀ ਇਸ ਦੀ ਹਮਾਇਤ ਕਰੇਗਾ।
ਉਨ੍ਹਾਂ ਵਿਅੰਗ ਕੀਤਾ ਕਿ ਉਹ ਮੁੱਖ ਮੰਤਰੀ ਕਾਹਦਾ, ਜਿਹੜਾ ਰਾਸ਼ਟਰਪਤੀ ਨੂੰ ਹੀ ਨਾ ਮਿਲ ਸਕੇ। ਉਨ੍ਹਾਂ ਕਾਂਗਰਸ ਪਾਰਟੀ ਨੂੰ ਅਪੀਲ ਕੀਤੀ ਕਿ ਅਜਿਹੇ ਮੁੱਖ ਮੰਤਰੀ ਨੂੰ ਪਾਰਟੀ ’ਚੋਂ ਹੀ ਕੱਢ ਦੇਣਾ ਚਾਹੀਦਾ ਹੈ।
ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ, ਅਕਾਲੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਤੇ ‘ਆਪ’ ਦੇ ਬਾਗ਼ੀ ਵਿਧਾਇਕ ਸੁਖਪਾਲ ਖਹਿਰਾ ਨੇ ਜੰਤਰ ਮੰਤਰ ’ਤੇ ਦਿੱਤੇ ਧਰਨੇ ਦੌਰਾਨ ਖੇਤੀ ਕਾਨੂੰਨਾਂ ਦੇ ਨਾਂ ’ਤੇ ਪੰਜਾਬ ਨਾਲ ਕੀਤੇ ਧੱਕੇ ਨੂੰ ਪ੍ਰਮੁੱਖਤਾ ਨਾਲ ਉਭਾਰਿਆ। 
ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਆਪਣੇ ਵਜ਼ਾਰਤੀ ਸਾਥੀਆਂ ਨਾਲ ਦਿੱਤੇ ਧਰਨੇ ਦੌਰਾਨ ਕਿਹਾ ਕਿ ਕੇਂਦਰ ਨੇ ਸੰਘੀ ਢਾਂਚੇ ’ਤੇ ਹੱਲਾ ਬੋਲਿਆ ਹੈ ਅਤੇ ਕਿਸਾਨਾਂ ਨੂੰ ਕਾਲੇ ਅੰਗਰੇਜ਼ਾਂ ਯਾਨੀ ਕਾਰਪੋਰੇਟਾਂ ਦੇ ਰਿਮੋਟ ਕੰਟਰੋਲ ਨਾਲ ਚੱਲਣ ਵਾਲੀ ਕਠਪੁਤਲੀ ਬਣਾਉਣ ਦੀ ਚਾਲ ਚੱਲੀ ਹੈ। ਉਨ੍ਹਾਂ ਕਿਹਾ ਕਿ 17 ਲੱਖ ਕਰੋੜ ਦਾ ‘ਐੱਨਪੀਏ’ ਮੁਆਫ਼ ਕਰ ਦਿੱਤਾ ਜਦਕਿ ਗ਼ਰੀਬਾਂ ਨੂੰ ਸਬਸਿਡੀ ਨਾਲ ਸਾਰ ਦਿੱਤਾ ਗਿਆ।
ਅਕਾਲੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਪੰਜਾਬੀਆਂ ਨੂੰ ਗੋਡੇ ਹੇਠਾਂ ਦੱਬਣਾ ਚਾਹੁੰਦਾ ਹੈ, ਪਰ ਪੰਜਾਬੀ ਸ਼ਾਨ ਨਾਲ ਜਿਊਣ ਵਾਲੇ ਹਨ ਜਿਸ ਕਰਕੇ ਉਹ ਨਹੀਂ ਝੁਕਣਗੇ। ਉਨ੍ਹਾਂ ਅਕਾਲੀਆਂ ਤੇ ‘ਆਪ’ ਨੂੰ ਕਿਸਾਨ ਸੰਘਰਸ਼ ਲਈ ਇੱਕ ਹੋਣ ਅਤੇ ਕੇਂਦਰ ਨਾਲ ਲੰਬੀ ਲੜਾਈ ਲੜਨ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।
ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਨਾਲ ਪਹਿਲਾਂ ਵੀ ਧੱਕਾ ਹੁੰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਹੁਣ ਪ੍ਰਦਰਸ਼ਨਕਾਰੀਆਂ ਨੂੰ ਟਿੱਚਰਾਂ ਕਰ ਕੇ ਤੇ ਚਿੜਾ ਕੇ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਖਪਾਲ ਖਹਿਰਾ ਨੇ ਕੇਂਦਰ ਸਰਕਾਰ ’ਤੇ ਤਾਨਾਸ਼ਾਹੀ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਜਘਾਟ ਨਹੀਂ ਜਾਣ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਜਾਪਦਾ ਹੈ ਕਿ ਪੰਜਾਬ ਭਾਰਤ ਦਾ ਹਿੱਸਾ ਨਾ ਹੋ ਕੇ ਕਿਸੇ ਬਾਹਰਲੇ ਮੁਲਕ ਦਾ ਹਿੱਸਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਨਾਲ ਹਮੇਸ਼ਾ ਵਿਤਕਰਾ ਹੁੰਦਾ ਰਿਹਾ ਹੈ।
ਕੇਂਦਰ ਨੇ ਕੈਪਟਨ ਨੂੰ ਘੇਰਿਆ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਇਨਕਮ ਟੈਕਸ ਵਿਭਾਗ ਵੱਲੋਂ ਉਨ੍ਹਾਂ ਸਮੇਤ ਪਰਿਵਾਰਕ ਮੈਂਬਰਾਂ ਨੂੰ ਜਾਰੀ ਕੀਤੇ ਗਏ ਵੱਖ-ਵੱਖ ਨੋਟਿਸਾਂ ਦੇ ਸਮੇਂ ’ਤੇ ਸਵਾਲ ਉਠਾਏ ਹਨ।
ਜੰਤਰ-ਮੰਤਰ ’ਤੇ ਦਿੱਤੇ ਗਏ ਧਰਨੇ ਦੌਰਾਨ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ, ਖੁਦ ਨੂੰ (ਕੈਪਟਨ) ਅਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੂੰ ਆਮਦਨ ਕਰ ਵਿਭਾਗ ਪਾਸੋਂ ਨੋਟਿਸ ਪ੍ਰਾਪਤ ਹੋਏ ਹਨ। ਇੱਥੋਂ ਤੱਕ ਕਿ ਉਨ੍ਹਾਂ ਦੀਆਂ ਦੋ ਪੋਤਰੀਆਂ, ਜਿਨ੍ਹਾਂ ਵਿੱਚੋਂ ਇਕ ਕਾਨੂੰਨ ਦੀ ਵਿਦਿਆਰਥਣ ਹੈ ਤੇ ਦੂਜੀ ਦੀ ਮੰਗਣੀ ਹੋਣ ਵਾਲੀ ਹੈ, ਅਤੇ ਅੱਲ੍ਹੜ ਉਮਰ ਦੇ ਪੋਤਰੇ ਨੂੰ ਵੀ ਨਹੀਂ ਬਖਸ਼ਿਆ ਗਿਆ ਹੈ ਤੇ ਉਨ੍ਹਾਂ ਨੂੰ ਵੀ ਨੋਟਿਸ ਪ੍ਰਾਪਤ ਹੋਏ ਹਨ।
ਕੈਪਟਨ ਨੇ ਕਿਹਾ ਕਿ ਨੋਟਿਸ ਜਾਰੀ ਕਰਨ ਦਾ ਸਮਾਂ ਸ਼ੱਕੀ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਖੇਤੀ ਸੋਧ ਬਿੱਲ ਪਾਸ ਕੀਤੇ ਗਏ ਹਨ ਜਿਸ ਮਗਰੋਂ ਕੇਂਦਰੀ ਏਜੰਸੀਆਂ ਨੇ ਇਹ ਨੋਟਿਸ ਜਾਰੀ ਕੀਤੇ ਹਨ। ਸੂਤਰਾਂ ਮੁਤਾਬਕ ਬੱਚਿਆਂ ਨੂੰ ‘ਆਈਟੀ’ ਵੱਲੋਂ ਨੋਟਿਸ ਵਿਧਾਨ ਸਭਾ ਵਿੱਚ ਬਿੱਲ ਪਾਸ ਕਰਨ ਦੇ ਇਕ-ਦੋ ਦਿਨ ਹੀ ਬਾਅਦ ਜਾਰੀ ਕੀਤੇ ਗਏ ਹਨ।

Posted on August 24th, 2026

Posted on August 21st, 2026

Posted on August 20th, 2026

Posted on August 19th, 2026

Posted on August 18th, 2026

Posted on August 17th, 2026

Posted on August 14th, 2026

Posted on August 13th, 2026
Posted on August 12th, 2026

Posted on August 11th, 2026

Posted on August 10th, 2026

Posted on August 7th, 2026