Posted on January 10th, 2024
ਡਾ. ਗੁਰਵਿੰਦਰ ਸਿੰਘ
ਕੈਨੇਡਾ ਦੇ ਮੋਢੀ ਜੁਝਾਰੂ ਸਿੱਖਾਂ 'ਚ ਗਿਣੇ ਜਾਂਦੇ ਭਾਈ ਮੇਵਾ ਸਿੰਘ ਲੋਪੋਕੇ ਕੈਨੇਡਾ 'ਚ ਫਾਂਸੀ ਦਾ ਰੱਸਾ ਚੁੰਮਣ ਵਾਲੇ ਪਹਿਲੇ ਸ਼ਹੀਦ ਸਨ। ਮਹਾਨ ਯੋਧੇ ਭਾਈ ਮੇਵਾ ਸਿੰਘ ਲੋਪੋਕੇ ਨੇ ਕੈਨੇਡਾ ਨੂੰ ''ਚਿੱਟੀ ਚਮੜੀ ਵਾਲਿਆਂ ਦਾ ਦੇਸ਼' ਸਾਬਤ ਕਰਨ ਦੀ ਕੋਸ਼ਿਸ਼ 'ਚ ਲੱਗੇ ਵਿਲੀਅਮ ਚਾਰਲਸ ਹਾਪਕਿਨਸਨ ਨੂੰ ਸੋਧਿਆ ਸੀ। ਭਾਈ ਮੇਵਾ ਸਿੰਘ ਵਲੋਂ ਚੁੱਕੇ ਇਨਕਲਾਬੀ ਕਦਮ ਤੋਂ ਬਾਅਦ, ਸਹੀ ਅਰਥਾਂ ਵਿੱਚ ਕੈਨੇਡਾ ਦੇ ਬਹੁ-ਸੱਭਿਆਚਾਰਕ ਢਾਂਚੇ ਦਾ ਮੁੱਢ ਬੱਝਿਆ ਸੀ। ਸ਼ਹੀਦ ਭਾਈ ਮੇਵਾ ਸਿੰਘ ਦੀ ਮਹਾਨ ਕੁਰਬਾਨੀ ਦਾ, ਭਾਰਤ ਦੀ ਆਜ਼ਾਦੀ ਦੇ ਸੰਘਰਸ਼ 'ਚ ਜ਼ਿਕਰ ਨਾਮਾਤਰ ਹੀ ਮਿਲਦਾ ਹੈ।
ਸ਼ਹੀਦ ਭਾਈ ਮੇਵਾ ਸਿੰਘ ਦਾ ਜਨਮ ਪੰਜਾਬ ਦੇ ਅੰਮ੍ਰਿਤਸਰ ਜਿਲ੍ਹੇ 'ਚ ਪੈਂਦੇ ਪਿੰਡ ਲੋਪੋਕੇ, ਤਹਿਸੀਲ ਅਜਨਾਲਾ ਵਿਖੇ ਸੰਨ 1880 ਨੂੰ ਸ. ਨੰਦ ਸਿੰਘ ਔਲਖ ਦੇ ਘਰ ਹੋਇਆ। ਸਿੱਖੀ ਪਿਛੋਕੜ ਨਾਲ ਸਬੰਧਤ ਪਰਿਵਾਰ ਵਾਲੇ ਮੇਵਾ ਸਿੰਘ 20ਵੀਂ ਸਦੀ ਦੇ ਸ਼ੁਰੂ 'ਚ ਹੋਰਨਾਂ ਪੰਜਾਬੀਆਂ ਵਾਂਗ ਸੁਨਹਿਰੀ ਭਵਿੱਖ ਸਿਰਜਨ ਲਈ 1906 ਈਂ ਵਿੱਚ ਵੈਨਕੂਵਰ ਆ ਵਸੇ। ਕੈਨੇਡਾ ਦੀ ਨਸਲਵਾਦੀ ਸਰਕਾਰ ਏਸ਼ੀਆਈ ਲੋਕਾਂ ਖਿਲਾਫ਼ ਕਾਲੇ ਕਾਨੂੰਨ ਬਣਾ ਰਹੀ ਸੀ, ਜਿਸ ਦੀ ਸਭ ਤੋਂ ਘਿਨਾਉਣੀ ਮਿਸਾਲ,1907 ਵਿੱਚ ਭਾਰਤੀਆਂ ਤੋਂ ਵੋਟ ਦਾ ਹੱਕ ਵਾਪਸ ਲੈਣਾ ਵੀ ਸ਼ਾਮਿਲ ਸੀ। ਭ
ਾਈ ਮੇਵਾ ਸਿੰਘ ਭਾਵੇਂ ਕਿਰਤੀ ਵਜੋਂ ਨਿਊ ਵੈਸਟਮਿਨਿਸਟਰ ਦੀ ਫਰੇਜ਼ਰ ਮਿੱਲ 'ਚ ਕੰਮ ਕਰਦੇ ਸਨ, ਪਰ ਉਨ੍ਹਾਂ ਦਾ ਸੰਪਰਕ ਆਜ਼ਾਦੀ ਲਈ ਜੂਝਣ ਵਾਲੇ ਸਿੱਖ ਆਗੂਆਂ ਨਾਲ ਲਗਾਤਾਰ ਬਣਿਆ ਰਹਿੰਦਾ ਸੀ। ਇੱਥੇ ਇਹ ਵੀ ਸਮਝਣਾ ਜ਼ਰੂਰੀ ਹੈ ਕਿ ਅਜਿਹੇ ਸੱਚੇ -ਸੁੱਚੇ ਮਨੁੱਖਾਂ ਅੰਦਰ ਆਜ਼ਾਦੀ ਦੀ ਚਿਣਗ ਕਿਤੇ ਨਾ ਕਿਤੇ ਅਵਚੇਤਨ ਮਨ ਅਤੇ ਪਰੋਖ ਰੂਪ ਵਿੱਚ ਪਹਿਲਾਂ ਹੀ ਮੌਜੂਦ ਸੀ। ਕੈਨੇਡਾ ਆ ਕੇ ਉਸ ਨੂੰ ਨਸਲਵਾਦ ਅਤੇ ਵਿਤਕਰਿਆਂ ਦੇ ਮਾਹੌਲ ਨੇ ਹੋਰ ਹਵਾ ਦਿੱਤੀ। ਜੋ ਲੇਖਕ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰਦੇ ਹਨ ਕਿ ਗਦਰੀ ਯੋਧਿਆਂ ਅੰਦਰ ਜਾਗ੍ਰਿਤੀ ਕੇਵਲ ਬਾਹਰਲੇ ਮੁਲਕਾਂ ਜਾਂ ਬਾਹਰੀ ਫਲਸਫਿਆਂ ਕਰਕੇ ਆਈ ਸੀ, ਉਹ ਭੁਲੇਖੇ ਪੈਦਾ ਕਰਦੇ ਹਨ।
ਕੈਨੇਡਾ ਦੀ ਪਹਿਲੀ ਸੰਸਥਾ ਖਾਲਸਾ ਦੀਵਾਨ ਸੁਸਾਇਟੀ, ਵੈਨਕੂਵਰ ਦੇ ਪਹਿਲੇ ਗੁਰਦੁਆਰਾ ਸਾਹਿਬ ਦੀ ਸਥਾਪਨਾ ਵਿੱਚ ਭਾਈ ਮੇਵਾ ਸਿੰਘ ਦੀ ਵਿਸ਼ੇਸ਼ ਭੂਮਿਕਾ ਸੀ।
21 ਜੂਨ 1908 ਨੂੰ ਮੇਵਾ ਸਿੰਘ ਨੇ ਅੰਮ੍ਰਿਤ ਛਕਿਆ ਅਤੇ ਆਪਣਾ ਜੀਵਨ ਜ਼ੁਲਮ ਖਿਲਾਫ਼ ਲੜਨ ਅਤੇ ਸੱਚ 'ਤੇ ਪਹਿਰਾ ਦੇਣ ਨੂੰ ਸਮਰਪਿਤ ਕੀਤਾ। ਹੱਕ ਸੱਚ ਅਤੇ ਇਨਸਾਫ਼ ਲਈ ਮਰ-ਮਿੱਟਣ ਦੀ ਭਾਈ ਸਾਹਿਬ ਦੀ ਭਾਵਨਾ ਇਸ ਗੱਲ ਤੋਂ ਹੋਰ ਵੀ ਸਪੱਸ਼ਟ ਹੁੰਦੀ ਹੈ ਕਿ ਅਜੇ ਉਨ੍ਹਾਂ ਵਿਆਹ ਨਹੀਂ ਸੀ ਕਰਾਇਆ, ਜਦੋਂ ਉਹ ਭਰ ਜੁਆਨੀ 'ਚ ਸ਼ਹੀਦੀ ਪਾ ਗਏ। ਭਾਈ ਮੇਵਾ ਸਿੰਘ ਦੇ ਜੀਵਨ 'ਤੇ 'ਗੁਰੂ ਨਾਨਕ ਜਹਾਜ਼' ਨੂੰ ਕੈਨੇਡਾ ਤੋਂ ਵਾਪਿਸ ਮੋੜਨ ਦੀ ਘਟਨਾ ਦਾ ਡੂੰਘਾ ਅਸਰ ਪਿਆ ਸੀ। 23 ਮਈ 1914 ਨੂੰ ਬਾਬਾ ਗੁਰਦਿੱਤ ਸਿੰਘ ਸਰਹਾਲੀ ਦੀ ਅਗਵਾਈ 'ਚ 'ਗੁਰੂ ਨਾਨਕ ਜਹਾਜ਼', ਜਿਸਨੂੰ ਸਮੁੰਦਰੀ ਬੇੜੇ ਕਾਮਾਗਾਟਾਮਾਰੂ ਵਜੋਂ ਜਾਣਿਆ ਜਾਂਦਾ ਹੈ, ਦੇ ਵੈਨਕੂਵਰ ਪੁੱਜਣ ਤੇ ਕੈਨੇਡਾ ਸਰਕਾਰ ਨੇ ਉਸ ਦੇ ਮੁਸਾਫਿਰਾਂ ਨੂੰ ਕੈਨੇਡਾ ਦਾਖਿਲ ਹੋਣ ਤੋਂ ਰੋਕ ਦਿੱਤਾ।
ਭਾਈ ਮੇਵਾ ਸਿੰਘ ਸਮੇਤ ਉੱਤਰੀ ਅਮਰੀਕਾ 'ਚ ਵਸਦੇ ਸਾਰੇ ਗਦਰੀ ਯੋਧਿਆਂ ਅੰਦਰ, ਇਸ ਘਟਨਾ ਨੇ ਰੋਸ ਦੀ ਲਹਿਰ ਪੈਦਾ ਕਰ ਦਿੱਤੀ। 6 ਜੁਲਾਈ,1914 ਨੂੰ ਬੀ.ਸੀ. ਅਪੀਲ ਕੋਰਟ ਨੇ ਜਹਾਜ਼ ਦੇ ਸਵਾਰਾਂ ਖਿਲਾਫ਼ ਫੈਸਲਾ ਸੁਣਾ ਕੇ, ਉਨ੍ਹਾਂ ਨੂੰ ਵਾਪਿਸ ਮੋੜਨ ਦਾ ਰਾਹ ਪੱਧਰਾ ਕਰ ਦਿੱਤਾ। ਅਜਿਹੀ ਸਥਿਤੀ ਵਿੱਚ ਗਦਰੀ ਬਾਬਿਆਂ ਨੇ ਫੈਸਲਾ ਕੀਤਾ ਕਿ 'ਗੁਰੂ ਨਾਨਕ ਜਹਾਜ਼' ਦੇ ਵਾਪਿਸ ਜਾਣ ਤੋਂ ਪਹਿਲਾਂ, ਇਸ ਦੇ ਸਵਾਰਾਂ ਰਾਹੀਂ, ਭਾਰਤ ਅੰਦਰ ਗਦਰ ਲਹਿਰ ਦੇ ਸਾਹਿਤ ਤੋਂ ਇਲਾਵਾ ਹਥਿਆਰ ਵੀ ਭੇਜੇ ਜਾਣ ਦਾ ਯਤਨ ਕੀਤਾ ਜਾਵੇ।
ਇਸ ਮਕਸਦ ਲਈ ਵੈਨਕੂਵਰ ਦੇ ਆਗੂ ਭਾਈ ਭਾਗ ਸਿੰਘ, ਭਾਈ ਬਲਵੰਤ ਸਿੰਘ, ਭਾਈ ਹਰਨਾਮ ਸਿੰਘ ਕਾਹਰੀ ਸਾਹਰੀ ਸਮੇਤ ਭਾਈ ਮੇਵਾ ਸਿੰਘ ਕੈਨੇਡਾ ਦੀ ਸਰਹੱਦ ਪਾਰ ਕਰਕੇ ਅਮਰੀਕਾ 'ਚ ਦਾਖਿਲ ਹੋਏ, ਜਿਥੋਂ ਹਥਿਆਰ ਖਰੀਦ ਕੇ ਅਗਲੇ ਦਿਨ ਵਾਪਿਸ ਪਰਤੇ। ਕੈਨੇਡਾ ਦੇ ਸ਼ਹਿਰ ਐਬਟਸਫੋਰਡ 'ਚ ਸੁੂਮਸ ਬਾਰਡਰ ਨੇੜਲੀਆਂ ਝਾੜੀਆਂ ਰਾਹੀਂ ਦਾਖਿਲ ਹੁੰਦਿਆਂ, ਭਾਈ ਮੇਵਾ ਸਿੰਘ ਵੀ ਬਾਕੀ ਗਦਰੀ ਆਗੂਆਂ ਸਮੇਤ ਹਥਿਆਰਾਂ ਸਣੇ ਗ੍ਰਿਫ਼ਤਾਰ ਕਰ ਲਏ ਗਏ। ਬ੍ਰਿਟਿਸ਼ ਹਿੰਦੁਸਤਾਨੀ ਸਰਕਾਰ ਦੇ ਸੂਹੀਏ ਵਿਲੀਅਮ ਹਾਪਕਿਨਸਨ ਅਤੇ ਇੰਮੀਗ੍ਰੇਸ਼ਨ ਅਧਿਕਾਰੀ ਮੈਕਲਮ ਹੀਡ ਨੇ, ਭਾਈ ਮੇਵਾ ਸਿੰਘ ਲੋਪੋਕੇ ਨੂੰ ਕਈ ਤਰ੍ਹਾਂ ਦੀ ਸਜ਼ਾ ਦੇ ਡਰਾਵੇ ਤੇ ਰਿਹਾਈ ਦੇ ਲਾਲਚ ਦੇ ਕੇ ਹੋਰਨਾਂ ਗਦਰੀ ਯੋਧਿਆਂ ਖਿਲਾਫ਼ ਬਿਆਨ ਦੇਣ ਲਈ ਧਮਕਾਇਆ, ਪਰੰਤੂ ਭਾਈ ਮੇਵਾ ਸਿੰਘ ਨੇ ਝੂਠੀ ਗਵਾਹੀ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਮਗਰੋਂ 7 ਅਗਸਤ 1914 ਨੂੰ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।
ਇਸ ਦੌਰਾਨ ਹੀ 23 ਜੁਲਾਈ ਨੂੰ 'ਗੁਰੂ ਨਾਨਕ ਜਹਾਜ਼' ਵੈਨਕੂਵਰ ਦੀ ਬੰਦਰਗਾਹ ਤੋਂ ਮੋੜ ਦਿੱਤਾ ਗਿਆ ਸੀ, ਜਿਸ ਕਰਕੇ ਗਦਰੀ ਯੋਧਿਆਂ ਅੰਦਰ ਬ੍ਰਿਟਿਸ਼ ਸਾਮਰਾਜ ਖਿਲਾਫ਼ ਵਿਰੋਧ ਸਿਖਰਾਂ 'ਤੇ ਸੀ। ਪਹਿਲਾ ਵਿਸ਼ਵ ਯੁੱਧ ਸ਼ੁਰੂ ਹੁੰਦਿਆਂ ਸਾਰ ਕੈਨੇਡਾ ਤੇ ਅਮਰੀਕਾ ਦੇ ਬਹੁਤ ਸਾਰੇ ਗਦਰੀ ਬਾਬੇ, ਭਾਰਤ ਨੂੰ ਆਜ਼ਾਦ ਕਰਾਉਣ ਲਈ ਰਵਾਨਾ ਹੋਣ ਲੱਗੇ, ਤਾਂ ਇੱਕ ਸਰਕਾਰੀ ਪਿੱਠੂ ਤੇ ਕੌਮੀ ਗੱਦਾਰ ਬੇਲੇ ਜਿਆਣ ਨੇ ਹਿੰਦੁਸਤਾਨੀ ਬ੍ਰਿਟਿਸ਼ ਸਰਕਾਰ ਦੀ ਏਜੰਟ ਹਾਪਕਿਨਸਨ ਦੀ ਸ਼ਹਿ 'ਤੇ ਵਹਿਸ਼ੀਆਨਾ ਕਾਰਵਾਈ ਕਰਦਿਆਂ, 5 ਸਤੰਬਰ 1914 ਨੂੰ ਵੈਨਕੂਵਰ ਦੇ ਗੁਰਦੁਆਰਾ ਸਾਹਿਬ ਵਿਖੇ ਗੋਲੀਆਂ ਚਲਾ ਦਿੱਤੀਆਂ। ਦੀਵਾਨ ਹਾਲ ਅੰਦਰ ਸੁਸਾਇਟੀ ਦੇ ਪ੍ਰਧਾਨ ਭਾਈ ਭਾਗ ਸਿੰਘ ਅਤੇ ਉਨ੍ਹਾਂ ਨੂੰ ਬਚਾਉਂਦਿਆਂ ਭਾਈ ਬਤਨ ਸਿੰਘ ਸ਼ਹੀਦੀਆਂ ਪਾ ਗਏ। ਗੁਰਦੁਆਰੇ ਅੰਦਰ ਮੌਜੂਦ ਸੰਗਤ ਵਿਚੋਂ ਕਈ ਹੋਰ ਵਿਅਕਤੀ ਜ਼ਖਮੀ ਵੀ ਹੋਏ, ਜਿੰਨਾ ਵਿੱਚ ਭਾਈ ਦਲੀਪ ਸਿੰਘ ਫਾਲਾ, ਭਾਈ ਉੱਤਮ ਸਿੰਘ ਨੂਰਪੁਰੀ, ਭਾਈ ਲਾਭ ਸਿੰਘ ਤੇ ਭਾਈ ਜਵਾਲਾ ਸਿੰਘ ਸ਼ੇਖ ਦੌਲਤ ਆਦਿ ਦਰਜਨ ਤੋਂ ਵੱਧ ਵਿਅਕਤੀ ਸ਼ਾਮਿਲ ਸਨ।
ਇਹ ਘਟਨਾ ਕੈਨੇਡਾ ਦੇ ਸਿੱਖ ਇਤਿਹਾਸ ਦਾ ਸਭ ਤੋਂ ਦਰਦਨਾਕ ਪੰਨਾ ਸੀ, ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਿੱਖ ਆਗੂਆਂ ਨੂੰ ਸ਼ਹੀਦ ਕੀਤਾ ਗਿਆ ਹੋਵੇ। ਨੌਜਵਾਨ ਭਾਈ ਮੇਵਾ ਸਿੰਘ ਉਸ ਵੇਲੇ ਸੰਗਤਾਂ ਵਿੱਚ ਮੌਜੂਦ ਸਨ, ਜਿਨ੍ਹਾਂ ਦੇ ਹਿਰਦੇ ਨੂੰ ਇਸ ਘਟਨਾ ਨੇ ਵਲੂੰਧਰ ਦਿੱਤਾ। ਗੁਲਾਮ ਹਿੰਦੁਸਤਾਨ ਦੀ ਬ੍ਰਿਟਿਸ਼ ਸਰਕਾਰ ਦੇ ਏਜੰਟ ਐਂਗਲੋ -ਇੰਡੀਅਨ ਵਿਲੀਅਮ ਹਾਪਕਿਨਸਨ ਨੇ ਭਾਈ ਭਾਗ ਸਿੰਘ ਭਿਖੀਵਿੰਡ ਅਤੇ ਭਾਈ ਬਤਨ ਸਿੰਘ ਦਲੇਲ ਸਿੰਘ ਵਾਲਾ ਨੂੰ ਸ਼ਹੀਦ ਕਰਵਾਇਆ ਸੀ। ਇਸ ਸਮੇਂ ਚੱਲ ਰਹੀ ਕਸ਼ਮਕਸ਼ ਦੇ ਦੌਰ ਵਿੱਚ ਇੱਕ ਗੱਲ ਸਪੱਸ਼ਟ ਹੈ ਕਿ 110 ਸਾਲ ਪਹਿਲਾਂ ਭਾਰਤੀ ਬ੍ਰਿਟਿਸ਼ ਏਜੰਟਾਂ ਨੇ ਕੈਨੇਡਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨੂੰ ਹਕੂਮਤੀ ਸ਼ਹਿ 'ਤੇ ਸ਼ਹੀਦ ਕਰਵਾਇਆ ਸੀ ਅਤੇ ਹੁਣ ਫੇਰ ਇਹ ਇਤਿਹਾਸ ਦੁਹਰਾਇਆ ਗਿਆ ਹੈ। ਇਹ ਵੀ ਇਤਿਹਾਸਕ ਸੱਚਾਈ ਹੈ ਕਿ ਕੈਨੇਡਾ ਦੀ ਧਰਤੀ 'ਤੇ ਕਿਸੇ ਸਮੇਂ ਚਿੱਟੇ ਨਸਲਵਾਦ ਦਾ ਖੁੱਲ੍ਹੇਆਮ ਬੋਲਬਾਲਾ ਸੀ, ਭਾਵੇਂ ਅੱਜ ਵੀ ਇਹ ਲੁਕਵੇਂ ਰੂਪ ਵਿੱਚ ਕਿਤੇ ਨਾ ਕਿਤੇ ਮੌਜੂਦ ਹੈ। ਵਿਲੀਅਮ ਹਾਪਕਿਨਸਨ ਦਾ ਜਨਮ ਭਾਰਤ ਦੇ ਇਲਾਹਾਬਾਦ ਸ਼ਹਿਰ ਵਿੱਚ 1880 ਵਿੱਚ ਹੋਇਆ ਸੀ।
ਵਿਲੀਅਮ ਹਾਪਕਿਨਸਨ ਦਾ ਬਾਪ ਅੰਗਰੇਜ਼ ਅਤੇ ਮਾਂ ਭਾਰਤੀ ਹਿੰਦੂ ਸੀ, ਇਸੇ ਕਾਰਨ ਉਸ ਦੇ ਯੂਰੇਸ਼ੀਅਨ ਐਂਗਲੋ ਇੰਡੀਅਨ ਵੰਸ਼ ਵਿੱਚ ਹੋਣ ਦਾ ਪਿਛੋਕੜ ਮਿਲਦਾ ਹੈ। ਉਹ 16 ਸਾਲ ਦੀ ਉਮਰ ਤੋਂ ਪੰਜਾਬ ਪੁਲਿਸ ਵਿੱਚ ਵੀ ਕੁਝ ਸਮਾਂ ਭਰਤੀ ਰਿਹਾ ਅਤੇ ਮਗਰੋਂ ਕੋਲਕਤਾ ਚਲਿਆ ਗਿਆ ਤੇ 21 ਸਾਲ ਦੀ ਉਮਰ ਵਿੱਚ ਕਲਕੱਤਾ ਪੁਲਿਸ ਵਿੱਚ ਭਰਤੀ ਹੋ ਗਿਆ। ਵਿਲੀਅਮ ਹਾਪਕਿਨਸਨ ਜਿੱਥੇ ਅੰਗਰੇਜ਼ੀ ਅਤੇ ਹਿੰਦੀ ਬੋਲ ਸਕਦਾ ਸੀ, ਉੱਥੇ ਕੁਝ ਸਮਾਂ ਪੰਜਾਬ 'ਚ ਰਹਿਣ ਕਾਰਨ ਉਸ ਨੂੰ ਪੰਜਾਬੀ ਵੀ ਸਮਝ ਆਉਂਦੀ ਸੀ। ਉਸਦੇ ਅੰਦਰ ਇਸ ਗੱਲ ਦੀ ਤੀਬਰ ਇੱਛਾ ਸੀ ਕਿ ਉਹ ਜਲਦੀ ਤੋਂ ਜਲਦੀ ਅੰਗਰੇਜ਼ ਸਰਕਾਰ ਖਿਲਾਫ ਲੜ ਰਹੇ 'ਬਾਗੀਆਂ ਦਾ ਖਾਤਮਾ' ਕਰ ਅਤੇ 'ਚਿੱਟੀ ਚਮੜੀ ਦੀ ਰਾਜ ਸੱਤਾ ਅਤੇ ਉੱਤਮਤਾ' ਦੇ ਹੱਕ ਵਿੱਚ ਭੁਗਤੇ।
ਵਿਲੀਅਮ ਚਾਰਲਸ ਹਾਪਕਿਨਸਨ 1908 ਵਿੱਚ ਕੈਨੇਡਾ ਪਹੁੰਚਿਆ, ਜਿੱਥੇ ਉਸ ਨੇ ਇੱਕ ਦੁਕਾਨਦਾਰ ਵਜੋਂ ਆਪਣਾ ਸਫਰ ਸ਼ੁਰੂ ਕੀਤਾ। ਕੁਝ ਸਮੇਂ ਬਾਅਦ ਹੀ ਹਾਪਕਿਨਸਨ ਨੇ ਕੈਨੇਡਾ ਦੇ ਕਿਰਤ ਉਪ ਮੰਤਰੀ ਮਕੈਂਜੀ ਕਿੰਗ ਨਾਲ ਮੁਲਾਕਾਤ ਕੀਤੀ। ਉਸ ਨੇ 'ਟਾਈਮਜ਼ ਆਫ ਲੰਡਨ' ਦੇ ਇੱਕ ਪੱਤਰਕਾਰ ਵੱਲੋਂ 1908 ਵਿੱਚ ਭਾਰਤੀ ਬ੍ਰਿਟਿਸ਼ ਹਕੂਮਤ ਦੇ ਬਾਗੀਆਂ ਦੀਆਂ ਗਤੀਵਿਧੀਆਂ ਬਾਰੇ ਪ੍ਰਕਾਸ਼ਤ ਇਕ ਰਿਪੋਰਟ ਲਈ ਵੱਧ ਤੋਂ ਵੱਧ ਖੁਫੀਆ ਜਾਣਕਾਰੀ ਮੁਹਈਆ ਕੀਤੀ। ਛੇਤੀ ਹੀ ਹਾਪਕਿਨਸਨ ਕੈਨੇਡਾ ਵਿੱਚ ਬ੍ਰਿਟਿਸ਼ ਭਾਰਤ ਦੇ ਏਜੰਟ, ਲੰਡਨ ਦੇ ਏਜੰਟ ਅਤੇ ਡੋਮੀਨੀਅਨ ਕੈਨੇਡਾ ਦੇ ਕਰਿੰਦੇ ਵਜੋਂ ਇਮੀਗ੍ਰੇਸ਼ਨ ਅਧਿਕਾਰੀ ਅਤੇ ਸੂਹੀਏ ਦੇ ਕੰਮ ਕਰਨ ਲੱਗਾ। ਕੈਨੇਡਾ ਦੇ ਗਵਰਨਰ ਜਨਰਲ ਲਾਰਡ ਗ੍ਰੇ ਅਤੇ ਇਸ ਤੋਂ ਇਲਾਵਾ ਬ੍ਰਿਟਿਸ਼ ਹੌਂਡੂਰਸ ਦੇ ਗਵਰਨਰ ਕਰਨਲ ਕਿੰਗ, ਕੈਨੇਡੀਅਨ ਸਰਕਾਰ ਲਈ ਕੰਮ ਕਰਦੇ ਈਜੀ ਸਵੈਨ ਸਮੇਤ ਸਾਰਿਆਂ ਨਾਲ ਸੰਪਰਕ ਕਾਇਮ ਕਰ ਲਿਆ।
ਅੰਗਰੇਜ਼ੀ, ਹਿੰਦੀ ਤੋਂ ਇਲਾਵਾ ਪੰਜਾਬੀ ਰਾਹੀਂ ਹਾਪਕਿਨਸਨ ਨੇ ਇਥੋਂ ਦੀ ਖਾਲਸਾ ਦੀਵਾਨ ਸੁਸਾਇਟੀ ਗੁਰਦੁਆਰਾ ਸਾਹਿਬ ਸੰਸਥਾ ਵਿੱਚ ਘੁਸਪੈਠ ਕਰ ਲਿਆ। ਉਸਨੇ ਬੇਲਾ ਜਿਆਣ ਵਰਗੇ ਲਾਲਚੀ, ਵਿਕਾਊ ਅਤੇ ਗੱਦਾਰ ਅਤੇ ਝੋਲੀਚੁੱਕ ਲੱਭੇ ਅਤੇ ਹਿੰਦੁਸਤਾਨੀ ਬ੍ਰਿਟਿਸ਼ ਹਕੂਮਤ ਖਿਲਾਫ ਲੜਨ ਵਾਲੇ ਗਦਰੀ ਬਾਬਿਆਂ ਅਤੇ ਸਿੱਖ ਜੁਝਾਰੂਆਂ ਨੂੰ ਖਤਮ ਕਰਨ ਦਾ ਨਿਸ਼ਚਾ ਕਰ ਲਿਆ। ਹਾਪਕਿਨਸਨ ਦੀਆਂ ਨਸਲਵਾਦੀ ਅਤੇ ਭਰਿਸ਼ਟਾਚਾਰੂ ਕਾਰਵਾਈਆਂ ਜਾਹਰ ਹੋਣ ਲੱਗੀਆਂ, ਪਰ ਹਕੂਮਤ ਨੇ ਆਪਣੇ ਪਾਲੇ ਹੋਏ ਸੂਹੀਏ ਦਾ ਹਰ ਤਰ੍ਹਾਂ ਬਚਾਓ ਕੀਤਾ। 'ਪਾੜੋ ਤੇ ਰਾਜ ਕਰੋ' ਦੀ ਨੀਤੀ ਅਧੀਨ ਐਂਗਲੋ-ਇੰਡੀਅਨ ਹਾਪਕਿਨਸਨ ਨੇ ਕੈਨੇਡਾ ਵਸਦੇ ਭਾਰਤੀਆਂ ਨੂੰ ਦੋ ਧਿਰਾਂ ਵਿੱਚ ਵੰਡ ਦਿੱਤਾ। ਉਸ ਨੇ ਕੈਨੇਡਾ ਵਸਦੇ ਸਿੱਖਾਂ ਅਤੇ ਭਾਰਤੀਆਂ ਨੂੰ ਇਥੋਂ ਕੱਢਣ ਲਈ ਹੌਡੂਰਸ ਦੀ ਸਾਜ਼ਿਸ਼ ਰਚੀ, ਭਾਰਤੀਆਂ ਖਿਲਾਫ ਨਸਲੀ ਕਾਲੇ ਕਾਨੂੰਨਾਂ ਲਈ ਸਰਗਰਮੀ ਦਿਖਾਈ ਤੇ ਗੁਰੂ ਨਾਨਕ ਜਹਾਜ਼ ਵਾਪਸ ਮੋੜੇ ਜਾਣ ਦੀ ਸਾਜਿਸ਼ ਦਾ ਮੁੱਖ ਭਾਗੀ ਬਣਿਆ। ਕਹਿਣ ਦਾ ਭਾਵ, ਕੋਈ ਵੀ ਅਜਿਹੀ ਨਫਰਤੀ ਅਤੇ ਨਸਲੀ ਗਤੀਵਿਧੀ ਨਹੀਂ ਸੀ, ਜਿਸ ਵਿੱਚ ਹਾਪਕਿਨਸਨ ਨੇ ਕੋਈ ਸਾਜਿਸ਼ ਨਾ ਰਚੀ ਹੋਵੇ। ਉਸ ਦੀ ਸਭ ਤੋਂ ਵੱਡੀ ਜ਼ਾਲਮਾਨਾ ਕਾਰਵਾਈ ਆਪਣੇ ਏਜੰਟਾਂ ਰਾਹੀਂ ਗੁਰਦੁਆਰਾ ਸਾਹਿਬ ਦੇ ਅੰਦਰ ਸਿੱਖਾਂ ਨੂੰ ਸ਼ਹੀਦ ਕਰਵਾਉਣ ਦੀ ਸੀ।
ਭਾਈ ਮੇਵਾ ਸਿੰਘ ਲੋਪੋਕੇ ਦੀ ਨਜ਼ਰ 'ਚ ਇਸ ਦੁਖਾਂਤ ਲਈ ਹਾਪਕਿਨਸਨ ਮੁੱਖ ਦੋਸ਼ੀ ਸੀ, ਜਿਨ੍ਹਾਂ ਹਾਪਕਿਨਸਨ ਨੂੰ ਸੋਧਣ ਦੀ ਸਹੁੰ ਖਾਈ। ਹਿੰਦੁਸਤਾਨੀ ਅੰਗਰੇਜ਼ ਸਰਕਾਰ ਦੇ ਝੋਲੀ ਚੁੱਕ ਤੇ ਗ਼ੱਦਾਰ ਬੇਲਾ ਜਿਆਣ ਖਿਲਾਫ਼, ਵੈਨਕੂਵਰ ਦੀ ਸੂਬਾਈ ਅਦਾਲਤ ਵਿੱਚ, ਗੁਰਦੁਆਰੇ ਅੰਦਰ ਗੋਲੀ ਚਲਾ ਕੇ ਸਿੰਘਾਂ ਨੂੰ ਸ਼ਹੀਦ ਕਰਨ ਦਾ ਮੁਕੱਦਮਾ ਚੱਲ ਰਿਹਾ ਸੀ, ਜਿਸ ਵਿੱਚ 21 ਅਕਤੂਬਰ 1914 ਨੂੰ ਵਿਲੀਅਮ ਹਾਪਕਿਨਸਨ ਗਵਾਹੀ ਦੇਣ ਲਈ ਅਦਾਲਤ ਵਿੱਚ ਪੁੱਜਿਆ। ਅਜੇ ਉਹ ਬਰਾਂਡੇ ਵਿੱਚ ਹੀ ਸੀ, ਜਦੋਂ ਭਾਈ ਮੇਵਾ ਸਿੰਘ ਨੇ ਉਸ ਨੂੰ ਦਬੋਚ ਲਿਆ ਤੇ ਆਪਣੇ ਪਿਸਤੌਲ ਅਤੇ ਰਿਵਾਲਵਰ ਦੋਹਾਂ ਹੱਥਾਂ 'ਚ ਵਾਰੀ-ਵਾਰੀ ਲੈ ਕੇ, ਗੋਲੀਆਂ ਦਾਗ਼ ਦਿੱਤੀਆਂ। ਹਿੰਦ ਸਰਕਾਰ ਦਾ ਸੂਹੀਆ ਵਿਲੀਅਮ ਚਾਰਲਸ ਹਾਪਕਿਨਸਨ ਮੌਕੇ 'ਤੇ ਹੀ ਮਾਰਿਆ ਗਿਆ ਤੇ ਭਾਈ ਸਾਹਿਬ ਨੇ ਖ਼ੁਦ ਨੂੰ ਹਥਿਆਰਾਂ ਸਮੇਤ ਪੁਲਿਸ ਹਵਾਲੇ ਕਰ ਦਿੱਤਾ।
ਹਿੰਦੁਸਤਾਨ, ਬਰਤਾਨੀਆ ਅਤੇ ਡੋਮੇਨੀਅਨ ਕੈਨੇਡੀਅਨ ਹਕੂਮਤਾਂ ਦਾ ਤੀਹਰਾ ਏਜੰਟ ਵਿਲੀਅਮ ਹਾਪਕਿਨਸਨ ਸਾਰਿਆਂ ਲਈ 'ਮਹੱਤਵਪੂਰਨ' ਸੀ ਅਤੇ ਉਸ ਨੂੰ ਦਫਨਾਉਣ ਸਮੇਂ 2000 ਦੇ ਕਰੀਬ ਪੁਲਿਸ ਕਰਮਚਾਰੀ, ਫਾਇਰਮੈਨ, ਇਮੀਗ੍ਰੇਸ਼ਨ ਅਤੇ ਕਸਟਮ ਅਧਿਕਾਰੀ ਸ਼ਾਮਿਲ ਹੋਏ ਤੇ ਵੱਡਾ ਮਾਰਚ ਕੀਤਾ ਗਿਆ। ਦੂਜੇ ਪਾਸੇ 30 ਅਕਤੂਬਰ ਨੂੰ ਭਾਈ ਮੇਵਾ ਸਿੰਘ ਤੇ ਮੁਕੱਦਮੇ ਦੀ ਸੁਣਵਾਈ ਲਈ, ਬੀ.ਸੀ. ਸੁਪਰੀਮ ਕੋਰਟ ਦੇ ਜੱਜ ਮਿਸਟਰ ਆਈਲੇ ਮੌਰੀਸਨ ਵਲੋਂ 12 ਮੈਂਬਰੀ ਜਿਊਰੀ ਚੁਣੀ ਗਈ। ਭਾਈ ਸਾਹਿਬ ਦੇ ਵਕੀਲ ਮਿਸਟਰ ਵੁੱਡ ਅਤੇ ਸਰਕਾਰੀ ਵਕੀਲ ਮਿਸਟਰ ਟੇਲਰ ਸਨ। ਅਦਾਲਤ 'ਚ ਇੱਕ ਹਜ਼ਾਰ ਦੇ ਕਰੀਬ ਲੋਕ ਹਾਜ਼ਰ ਸਨ, ਜਿੰਨਾਂ 'ਚੋਂ ਚਾਰ ਕੁ ਹੀ ਭਾਰਤੀ ਸਨ। ਇਸ ਮੌਕੇ 'ਤੇ ਭਾਈ ਮੇਵਾ ਸਿੰਘ ਨੇ ਜੋ ਬਿਆਨ ਦਿੱਤੇ, ਉਹ ਬਹਾਦਰੀ ਨੇ ਨਿਡੱਰਤਾ ਪੱਖੋਂ ਖਾਸ ਅਹਿਮੀਅਤ ਰੱਖਦੇ ਸਨ। ਅਦਾਲਤ ਵਿਚ ਅਨੁਵਾਦਕ ਡਾਲਟਨ ਵਲੋਂ, ਭਾਈ ਸਾਹਿਬ ਦੇ ਬਿਆਨ ਜੱਜ ਅੱਗੇ ਰੱਖੇ ਗਏ।
''ਮੇਰਾ ਨਾਂ ਮੇਵਾ ਸਿੰਘ ਹੈ, ਮੈਂ ਰੱਬ ਤੋਂ ਡਰਨ ਵਾਲਾ ਬੰਦਾ ਹਾਂ, ਜੋ ਹਰ ਰੋਜ਼ ਅਰਦਾਸ ਕਰਦਾ ਹਾਂ। ਮੇਰੀ ਜ਼ਬਾਨ ਵਿੱਚ ਐਸੇ ਸ਼ਬਦ ਨਹੀਂ, ਜੋ ਬਿਆਨ ਕਰ ਸਕਣ ਕਿ ਵੈਨਕੂਵਰ ਵਿੱਚ ਮੈਨੂੰ ਕਿਹੜੇ-ਕਿਹੜੇ ਦੁੱਖ, ਮੁਸੀਬਤਾਂ ਅਤੇ ਪ੍ਰੇਸ਼ਾਨੀਆਂ ਝੱਲਣੀਆਂ ਪਈਆਂ ਹਨ... ਅਸੀਂ ਸਿੱਖ ਗੁਰਦੁਆਰੇ 'ਚ ਅਰਦਾਸ ਕਰਨ ਜਾਂਦੇ ਹਾਂ ਪਰ ਇਨ੍ਹਾਂ ਪਾਪੀਆਂ ਨੇ ਗੁਰੁਦਆਰੇ 'ਚ ਗੋਲੀ ਚਲਾਕੇ ਅਤੇ ਭਾਈ ਭਾਗ ਸਿੰਘ ਦਾ ਕਤਲ ਕਰਕੇ, ਗੁਰਦੁਆਰੇ ਦੀ ਪਵਿੱਤਰਤਾ ਭੰਗ ਕੀਤੀ ਹੈ। ਇਨ੍ਹਾਂ ਪਾਪੀਆਂ ਨੇ ਦੋ ਮਾਸੂਮ ਬੱਚਿਆਂ ਨੂੰ ਯਤੀਮ ਬਣਾਇਆ ਹੈ। ਦੁਸ਼ਟਾਂ ਵਲੋਂ ਗੁਰਦੁਆਰੇ 'ਚ ਕੀਤੇ ਇਨ੍ਹਾਂ ਕਾਰਿਆਂ ਨੇ ਮੇਰੇ ਸੀਨੇ 'ਚ ਅੱਗ ਲਾ ਦਿੱਤੀ ਹੈ।
''ਮੈਂ ਆਪਣੇ ਭਾਈਚਾਰੇ ਅਤੇ ਆਪਣੇ ਧਰਮ ਦੀ ਅਣਖ ਅਤੇ ਇੱਜ਼ਤ ਲਈ, ਹਾਪਕਿਨਸਨ ਦਾ ਕਤਲ ਕੀਤਾ ਹੈ। ਮੈਂ ਇਹ ਸਭ ਕੁਝ ਬਰਦਾਸ਼ਤ ਨਹੀਂ ਸੀ ਕਰ ਸਕਦਾ। ਜੱਜ ਸਾਹਿਬ, ਜੇ ਇਹ ਸਭ ਕੁਝ ਤੁਹਾਡੇ ਚਰਚ ਵਿੱਚ ਹੋਇਆ ਹੁੰਦਾ, ਤਾਂ ਤੁਸੀਂ ਈਸਾਈਆਂ ਨੇ ਵੀ ਬਰਦਾਸ਼ਤ ਨਹੀਂ ਸੀ ਕਰਨਾ, ਕਿਉਂਕਿ ਅਜਿਹਾ ਕਰਨ ਨਾਲ ਤੁਸੀਂ ਆਪਣੇ ਆਪ ਨੂੰ ਮੁਰਦਾ ਕੌਮ ਸਮਝਣਾ ਸੀ। ਕਿਸੇ ਸਿੱਖ ਲਈ ਵੀ ਗੁਰਦੁਆਰੇ 'ਚ ਇਹ ਸਭ ਕੁਝ ਹੁੰਦਾ ਵੇਖਣ ਨਾਲੋਂ, ਮਰ ਜਾਣਾ ਚੰਗਾ ਹੈ। ਮੈਨੂੰ ਕਿਸੇ ਇਨਸਾਫ਼ ਦੀ ਆਸ ਨਹੀਂ। ਮੈਨੂੰ ਪਤਾ ਹੈ ਕਿ ਮੈ ਹਾਪਕਿਨਸਨ ਨੂੰ ਗੋਲ਼ੀ ਮਾਰੀ ਹੈ ਅਤੇ ਇਸ ਵਾਸਤੇ ਮੈਨੂੰ ਮਰਨਾ ਪਵੇਗਾ। ਮੈ ਇਹ ਬਿਆਨ ਇਸ ਕਰਕੇ ਦੇ ਰਿਹਾ ਹਾਂ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਸਾਡੇ ਨਾਲ ਕੀ ਵਰਤਾਉ ਹੁੰਦਾ ਰਿਹਾ ਹੈ। ਸਾਨੂੰ ਜੱਜਾਂ ਕੋਲੋਂ, ਪੁਲਿਸ ਕੋਲੋਂ ਜਾਂ ਕਿਸੇ ਹੋਰ ਕੋਲੋਂ ਕਦੀ ਇਨਸਾਫ਼ ਨਹੀਂ ਮਿਲਿਆ ਅਤੇ ਮੈਂ ਆਪਣੀ ਜਾਨ ਇਸੇ ਕਰਕੇ ਦੇ ਰਿਹਾ ਹਾਂ, ਤਾਂ ਜੋ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗ ਸਕੇ...।'' ਭਾਈ ਮੇਵਾ ਸਿੰਘ ਦਾ ਵੈਨਕੂਵਰ ਦੀ ਅਦਾਲਤ ਵਿੱਚ ਦਿੱਤਾ ਬਿਆਨ ਇਤਿਹਾਸਕ ਦਸਤਾਵੇਜ਼ ਹੈ, ਜਿਸ 'ਚ ਉਨ੍ਹਾਂ ਪ੍ਰਵਾਸੀਆਂ ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਹੁੰਦੇ ਵਰਤਾਉ ਦੀ ਦਿਲਕੰਬਾਊ ਤਸਵੀਰ ਪੇਸ਼ ਕੀਤੀ ਹੈ।
ਨਸਲਵਾਦੀ ਚਿਟ ਚਮੜੀਆਂ ਵਿਲੀਅਮ ਹੌਪਕਿਨਸਨ ਦੇ ਕਤਲ ਦੀ ਜ਼ਿੰਮੇਵਾਰੀ ਕਬੂਲਣ ਮਗਰੋਂ ਅਦਾਲਤ ਨੇ ਸਿਰਫ਼ ਇੱਕ ਘੰਟਾ ਚਾਲੀ ਮਿੰਟ 'ਚ ਫੈਸਲਾ ਕਰਦਿਆਂ ਭਾਈ ਸਾਹਿਬ ਲਈ ਸਜ਼ਾ-ਏ-ਮੌਤ ਸੁਣਾ ਦਿੱਤੀ। 11 ਜਨਵਰੀ 1915 ਈ. ਨੂੰ ਨਿਊਵੈਸਟ ਮਿਨਿਸਟਰ ਦੀ ਪ੍ਰੋਵਿੰਸ਼ਿਅਲ ਜੇਲ੍ਹ ਵਿੱਚ ਸਵੇਰੇ ਪੌਣੇ ਅੱਠ ਵਜੇ ਭਾਈ ਮੇਵਾ ਸਿੰਘ ਗੁਰਬਾਣੀ ਦਾ ਸ਼ਬਦ ''ਹਰਿ ਜਗੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੋਰੋ'' ਗਾਇਨ ਕਰਦਿਆਂ, ਹੱਸਦੇ-ਹੱਸਦੇ ਫਾਂਸੀ ਚੜ੍ਹ ਗਏ। ਜੇਲ੍ਹ ਬਾਹਰ ਹਾਜ਼ਰ ਚਾਰ ਸੌ ਦੇ ਕਰੀਬ ਲੋਕ ਵੈਰਾਗ 'ਚ 'ਸ਼ਹੀਦ ਮੇਵਾ ਸਿੰਘ ਅਮਰ ਰਹੇ' ਦੇ ਨਾਅਰੇ ਲਾ ਕੇ ਧਰਮੀ ਯੋਧੇ ਦੀ ਜੈ ਜੈ ਕਾਰ ਕਰ ਰਹੇ ਸਨ। ਕੈਨੇਡਾ ਦੇ ਇਤਿਹਾਸ ਵਿੱਚ ਚਿੱਟੇ ਨਸਲਵਾਦ ਦੇ ਖ਼ਾਤਮੇ ਦੀ ਇਹ ਗੌਰਵਮਈ ਗਾਥਾ ਸਾਡਾ ਸ਼ਾਨਾਮੱਤਾ ਇਤਿਹਾਸ ਹੈ। ਇਸ ਦਿਨ ਨੂੰ ਕੈਨੇਡਾ ਦੇ ਬਹੁ-ਸਭਿਆਚਾਰਕ ਢਾਂਚੇ ਦੇ ਮੁੱਢ ਬੱਝਣ ਬੰਨ੍ਹਣ ਵਜੋਂ ਚੇਤੇ ਕਰਨਾ ਚਾਹੀਦਾ ਹੈ।
ਨਿਊ ਵੈਸਟਮਿਨਸਟਰ ਸ਼ਹਿਰ ਦੇ ਸਾਬਕਾ ਸਿਟੀ ਕੌਂਸਲਰ ਚੱਕ ਪਿੱਕਮਾਇਰ ਨੇ ਭਾਈ ਮੇਵਾ ਸਿੰਘ ਲੋਪੋਕੇ ਦੇ ਇਤਿਹਾਸ ਨੂੰ ਵਿਚਾਰਨ ਮਗਰੋਂ, ਸਿਟੀ ਕੌਂਸਲ ਵਿਚ 2020 ਨੂੰ ਮਤਾ ਲਿਆਂਦਾ ਅਤੇ 'ਸ਼ਹੀਦ ਮੇਵਾ ਸਿੰਘ ਲੋਪੋਕੇ ਦਿਨ' ਵਜੋਂ ਪ੍ਰੋਕਲੇਮੇਸ਼ਨ ਜਾਰੀ ਕਰਵਾਇਆ। ਇਸ ਸ਼ਹਿਰ ਵਿਚ ਹੀ ਭਾਈ ਸਾਹਿਬ ਨੂੰ ਫਾਂਸੀ ਦਿੱਤੀ ਗਈ ਸੀ। ਕੌਂਸਲਰ ਚੱਕ ਪਕਮਾਇਰ ਨੂੰ ਸ਼ਹੀਦ ਭਾਈ ਮੇਵਾ ਸਿੰਘ ਜੀ ਦੀ ਸ਼ਹਾਦਤ ਦਾ ਐਲਾਨਨਾਮਾ ਜਾਰੀ ਕਰਨ, ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਅਤੇ ਭਾਰਤ ਦੇ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਨਿਭਾਈ ਇਤਿਹਾਸਕ ਭੂਮਿਕਾ ਲਈ ਸਦਾ ਚੇਤੇ ਕੀਤਾ ਜਾਂਦਾ ਰਹੇਗਾ। ਨਸਲਵਾਦ ਖ਼ਿਲਾਫ਼ ਡਟਣ ਵਾਲ਼ੇ ਸਮੂਹ ਭਾਈਚਾਰਿਆਂ ਨੂੰ ਮੰਗ ਕਰਨੀ ਚਾਹੀਦੀ ਹੈ ਕਿ ਸੂਬਾਈ ਅਤੇ ਫੈਡਰਲ ਪੱਧਰ ਦੇ ਸਿਆਸਤਦਾਨ ਭਾਈ ਮੇਵਾ ਸਿੰਘ ਦੀ ਸ਼ਹਾਦਤ ਦੇ ਸਹੀ ਅਰਥਾਂ ਨੂੰ ਵਿਚਾਰਨ ਅਤੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਨੂੰ ਕੈਨੇਡਾ ਵਿਚ ਮਲਟੀ-ਕਲਚਰਲਿਜ਼ਮ ਸਥਾਪਤ ਕਰਨ ਵਾਲੀ ਸ਼ਖ਼ਸੀਅਤ ਵਜੋਂ ਸਨਮਾਨ ਦਿੱਤਾ ਜਾਏ। ਇਸ ਦਿਨ 'ਤੇ ਫ਼ਖ਼ਰ ਮਹਿਸੂਸ ਕਰੀਏ ਕਿ ਮਹਾਨ ਯੋਧੇ ਭਾਈ ਮੇਵਾ ਸਿੰਘ ਲੋਪੋਕੇ ਨੇ ਸਿਆਸੀ ਉਦੇਸ਼ ਹਿਤ, ਕੈਨੇਡਾ ਵਿੱਚੋਂ ਚਿੱਟੇ ਨਸਲਵਾਦ ਦਾ ਅੰਤ ਕਰਨ ਲਈ ਵਿਲੀਅਮ ਹਾਪਕਿਨਸਨ ਨੂੰ ਸੋਧ ਕੇ, ਕੈਨੇਡੀਅਨ ਬਹੁ-ਸੱਭਿਆਚਾਰ ਨੂੰ ਪ੍ਰਫੁੱਲਤ ਕੀਤਾ ਹੈ।
ਅੱਜ ਲੋੜ ਇਸ ਗੱਲ ਦੀ ਹੈ ਕਿ ਕੈਨੇਡਾ ਦੀਆਂ ਸਿੱਖ ਸੰਸਥਾਵਾਂ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਸ਼ਹੀਦ ਮੇਵਾ ਸਿੰਘ ਦੇ ਨਕਸ਼ੇ-ਕਦਮਾਂ ਤੇ ਪਹਿਰਾ ਦੇਣ। ਅੱਜ ਲੋੜ ਅਜਿਹੇ ਪ੍ਰਬੰਧਕਾਂ ਤੇ ਆਗੂਆਂ ਦੀ ਹੈ, ਜੋ ਭਾਈ ਮੇਵਾ ਸਿੰਘ ਦੀ ਸੋਚ ਅਨੁਸਾਰ ਮੌਜੂਦਾ ਨਸਲਵਾਦੀ ਅਤੇ ਫਾਸ਼ੀਵਾਦੀ ਤਾਕਤਾਂ ਖ਼ਿਲਾਫ਼ ਡਟਣ। ਹਾਪਕਿਨਸਨ ਅਤੇ ਬੇਲੇ ਵਰਗਿਆਂ ਦੇ ਵਾਰਿਸ ਅੱਜ ਵੀ ਖ਼ਤਮ ਨਹੀਂ ਹੋਏ, ਜਿਸ ਦੀ ਮਿਸਾਲ ਤਾਜ਼ਾ ਘਟਨਾਵਾਂ ਵਿੱਚ, ਸਰੀ ਦੇ ਗੁਰਦੁਆਰਾ ਸਾਹਿਬ ਵਿਖੇ ਪਹਿਲੀ ਤਰਜ਼ 'ਤੇ ਹੀ ਮੁੱਖ ਸੇਵਾਦਾਰ ਭਾਈ ਹਰਦੀਪ ਸਿੰਘ ਨਿੱਝਰ ਨੂੰ ਸ਼ਹੀਦ ਕਰਨ ਤੋਂ ਪ੍ਰਤੱਖ ਰੂਪ ਵਿੱਚ ਮਿਲਦੀ ਹੈ। ਇਸ ਕਰਕੇ ਸ਼ਹੀਦ ਮੇਵਾ ਸਿੰਘ ਲੋਪੋਕੇ ਦੇ ਵਾਰਿਸਾਂ ਨੂੰ ਤਕੜੇ ਹੋ ਕੇ ਮੈਦਾਨ ਵਿੱਚ ਨਿੱਤਰਨ ਦੀ ਲੋੜ ਹੈ, ਤਾਂ ਕਿ ਨਸਲਵਾਦੀ, ਬਸਤੀਵਾਦੀ ਅਤੇ ਮਨੁੱਖੀ ਹੱਕਾਂ ਨੂੰ ਕੁਚਲਣ ਵਾਲੀਆਂ ਹਕੂਮਤਾਂ ਖਿਲਾਫ਼ ਜੰਗ ਜਾਰੀ ਰੱਖਿਆ ਜਾ ਸਕੇ। ਗੁਰਦੁਆਰਾ ਸੁਖ ਸਾਗਰ ਖਾਲਸਾ ਦੀਵਾਨ ਸੁਸਾਇਟੀ ਨਿਊ ਵੈਸਟ ਮਨਿਸਟਰ ਵੱਲੋਂ ਭਾਈ ਸਾਹਿਬ ਦਾ ਸ਼ਹੀਦੀ ਦਿਨ ਉਤਸ਼ਾਹ ਨਾਲ ਮਨਾਉਂਦਿਆਂ ਹੋਇਆਂ, 14 ਜਨਵਰੀ ਦਿਨ ਐਤਵਾਰ ਨੂੰ ਸਵੇਰ ਦੇ ਸਮਾਗਮ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਨੂੰ ਸਮਰਪਿਤ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਨੂੰ ਵੱਧ-ਚੜ ਕੇ ਪਹੁੰਚਣ ਲਈ ਸੱਦਾ ਦਿੱਤਾ ਗਿਆ ਹੈ। ਇਹ ਉਪਰਾਲਾ ਸ਼ਲਾਘਾਯੋਗ ਹੈ।
ਭਾਈ ਸਾਹਿਬ ਦੀ ਸ਼ਹਾਦਤ ਨਸਲਵਾਦ ਅਤੇ ਬਸਤੀਵਾਦ ਖ਼ਿਲਾਫ਼ ਲੰਮੀ ਜੰਗ ਦੀ ਪ੍ਰਤੀਕ ਹੈ, ਜੋ ਅੱਜ ਵੀ ਜਾਰੀ ਹੈ। ਫ਼ਰਕ ਸਿਰਫ਼ ਇੰਨਾ ਹੈ ਕਿ ਨਸਲਵਾਦ ਅਤੇ ਬਸਤੀਵਾਦ ਦਾ ਅੱਜ ਨਵਾਂ ਰੂਪ ਵੇਖਣ ਨੂੰ ਮਿਲ ਰਿਹਾ ਹੈ, ਅੱਜ ਹੋਰ ਵੀ ਵਧ ਖ਼ਤਰਨਾਕ ਹੈ। ਇਕ ਪਾਸੇ ਭਾਈ ਮੇਵਾ ਸਿੰਘ ਸ਼ਹੀਦ ਵਰਗੇ ਯੋਧਿਆਂ ਨੇ ਭਾਰਤ ਅੰਦਰੋਂ ਨਸਲਵਾਦ ਅਤੇ ਬਸਤੀਵਾਦੀ ਦੀ ਜੜ੍ਹ ਪੁੱਟਣ ਲਈ ਸ਼ਹੀਦੀਆਂ ਪਾਈਆਂ, ਦੂਜੇ ਪਾਸੇ ਅੱਜ ਭਾਰਤ ਅੰਦਰ ਨਵ- ਬਸਤੀਵਾਦ ਭਾਰੂ ਹੋ ਚੁੱਕਿਆ ਹੈ, ਜਿਸ ਦੀ ਜੜ੍ਹ ਪੁੱਟਣ ਲਈ ਅੱਜ ਫੇਰ ਏਕੇ ਦੀ ਲੋੜ ਹੈ।
-ਡਾ. ਗੁਰਵਿੰਦਰ ਸਿੰਘ ਧਾਲੀਵਾਲ
ਕੋਆਰਡੀਨੇਟਰ, ਪੰਜਾਬੀ ਸਾਹਿਤ ਸਭਾ ਮੁੱਢਲੀ (ਰਜਿ.)
ਐਬਟਸਫੋਰਡ, ਕੈਨੇਡਾ।
singhnewscanada@gmail.com
604-825-1550
Posted on February 6th, 2025
Posted on February 5th, 2025
Posted on February 4th, 2025
Posted on February 3rd, 2025
Posted on January 31st, 2025
Posted on January 30th, 2025
Posted on January 29th, 2025
Posted on January 28th, 2025
Posted on January 27th, 2025
Posted on January 24th, 2025
Posted on January 23rd, 2025
Posted on January 22nd, 2025