Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਰਵੀ ਸਿੱਧੂ ਨੂੰ ਛੇ ਸਾਲ ਕੈਦ, ਡੇਢ ਲੱਖ ਰੁਪਏ ਜੁਰਮਾਨਾ

Posted on July 15th, 2013


ਰੂਪਨਗਰ-ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ ਰਵਿੰਦਰਪਾਲ ਸਿੰਘ ਉਰਫ ਰਵੀ ਸਿੱਧੂ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਛੇ ਸਾਲ ਦੀ ਕੈਦ ਅਤੇ ਡੇਢ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ। ਸਜ਼ਾ ਸੁਣਾਉਣ ਤੋਂ ਤੁਰੰਤ ਬਾਅਦ ਰਵੀ ਸਿੱਧੂ ਨੂੰ ਰੂਪਨਗਰ ਦੀ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਗਿਆ।

ਰਵੀ ਸਿੱਧੂ ਨੂੰ ਸਾਲ 2002 ਵਿੱਚ ਪੰਜਾਬ ਵਿਜੀਲੈਂਸ ਬਿਉਰੋ ਨੇ ਚੰਡੀਗੜ੍ਹ ਵਿੱਚ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਸੀ ਅਤੇ ਵਿਜੀਲੈਂਸ ਦੇ ਥਾਣਾ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਜ਼ਿਲ੍ਹਾ ਤੇ ਸੈਸ਼ਨ ਜੱਜ ਰੂਪਨਗਰ ਕਮਲਜੀਤ ਸਿੰਘ ਬਾਜਵਾ ਦੀ ਅਦਾਲਤ ਵਿੱਚ ਚੱਲ ਰਹੀ ਸੀ। ਲਗਪਗ 11 ਸਾਲ ਤੱਕ ਚੱਲੇ ਇਸ ਮੁਕੱਦਮੇ ਵਿੱਚ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਮਗਰੋਂ ਅੱਜ ਇਸ ਮਾਮਲੇ ਵਿੱਚ ਰਵੀ ਸਿੱਧੂ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13 (2) ਵਿੱਚ ਛੇ ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨਾ ਕੀਤਾ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿੱਚ ਦੋਸ਼ੀ ਨੂੰ ਛੇ ਮਹੀਨੇ ਦੀ ਹੋਰ ਸਜ਼ਾ ਭੁਗਤਣੀ ਪਵੇਗੀ। ਇਸ ਐਕਟ ਦੀ ਧਾਰਾ 7 ਤਹਿਤ ਦੋਸ਼ੀ ਨੂੰ ਚਾਰ ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਜੁਰਮਾਨਾ ਨਾ ਦੇਣ ਦੀ ਸੂਰਤ ਵਿੱਚ ਤਿੰਨ ਮਹੀਨੇ ਦੀ ਵਾਧੂ ਸਜ਼ਾ ਭੁਗਤਣੀ ਪਵੇਗੀ। ਦੋਵੇਂ ਸਜ਼ਾਵਾਂ ਇਕੋ ਸਮੇਂ ਚੱਲਣਗੀਆਂ।

ਪੁਲੀਸ ਫਾਇਲ ਅਨੁਸਾਰ ਰਵੀ ਸਿੱਧੂ ਨੇ ਕਰ ਤੇ ਆਬਕਾਰੀ ਵਿਭਾਗ ਵਿੱਚ ਤਾਇਨਾਤ ਇੰਸਪੈਕਟਰ ਭੂਪਜੀਤ ਸਿੰਘ ਪਾਸੋਂ ਕਥਿਤ ਤੌਰ ’ਤੇ ਰਿਸ਼ਵਤ ਮੰਗੀ ਸੀ। ਵਿਜੀਲੈਂਸ ਨੇ ਰਵੀ ਸਿੱਧੂ ਨੂੰ ਇਸ ਇੰਸਪੈਕਟਰ ਪਾਸੋਂ ਪੰਜ ਲੱਖ ਰੁਪਏ ਲੈਂਦਿਆਂ ਕਾਬੂ ਕੀਤਾ ਸੀ। ਇਸ ਤੋਂ ਬਾਅਦ ਵਿਜੀਲੈਂਸ ਵੱਲੋਂ ਕੀਤੀ ਪੜਤਾਲ ਦੌਰਾਨ ਰਵੀ ਸਿੱਧੂ ਦੇ ਲਾਕਰਾਂ ਵਿੱਚੋਂ ਲੱਖਾਂ ਰੁਪਏ ਬਰਾਮਦ ਹੋਏ। ਉਸ ਖ਼ਿਲਾਫ਼ ਇਸ ਅਦਾਲਤ ਵਿੱਚ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਵੀ ਵਿਚਾਰ ਅਧੀਨ ਹੈ।



Archive

RECENT STORIES