Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਕੈਨੇਡਾ ਤੋਂ ਪੰਜਾਬ ਜਾ ਕੇ 'ਬਬਰ ਅਕਾਲੀ' ਅਖ਼ਬਾਰ ਕੱਢਣ ਵਾਲੇ ਸ਼ਹੀਦ ਕਰਮ ਸਿੰਘ ਬਬਰ ਦੌਲਤਪੁਰ (ਚੀਫ਼ ਐਡੀਟਰ) ਦੀ 100ਵੀਂ ਵਰ੍ਹੇ-ਗੰਢ 'ਤੇ

Posted on May 8th, 2024

-ਡਾ. ਗੁਰਵਿੰਦਰ ਸਿੰਘ

'ਬਬਰ ਅਕਾਲੀ ਦੋਆਬਾ' ਅਖ਼ਬਾਰ ਦੀ ਸੌਵੀਂ ਵਰ੍ਹੇ-ਗੰਢ ਦੇ, ਅੱਜਕੱਲ੍ਹ ਮੁਬਾਰਕ ਦਿਨ ਹਨ। ਬੱਬਰ ਅਕਾਲੀ ਲਹਿਰ ਦੇ ਮਹਾਨ ਯੋਧੇ ਸ਼ਹੀਦ ਭਾਈ ਕਰਮ ਸਿੰਘ 'ਬਬਰ ਅਕਾਲੀ' ਦਾ ਨਾਂ ਇਤਿਹਾਸ ਦੇ ਪੰਨਿਆਂ' ਤੇ ਸੁਨਹਿਰੀ ਅੱਖ਼ਰਾਂ 'ਚ ਦਰਜ ਹੈ, ਜਿਨ੍ਹਾਂ ਕੈਨੇਡਾ ਤੋਂ ਪੰਜਾਬ ਜਾ ਕੇ ਬਬਰ ਅਕਾਲੀ ਦੋਆਬਾ ਅਖ਼ਬਾਰ ਕੱਢਿਆ ਅਤੇ ਲੋਕਾਂ ਵਿੱਚ ਇਨਕਲਾਬੀ ਚੇਤਨਾ ਦਾ ਛੱਟਾ ਦਿੱਤਾ। ਲੇਖ ਦੇ ਸ਼ੁਰੂ ਵਿੱਚ ਇਹ ਗੱਲ ਸਪਸ਼ਟ ਕਰਨੀ ਜ਼ਰੂਰੀ ਹੈ ਕਿ ਲੇਖ ਵਿੱਚ ਸ਼ਬਦ 'ਬਬਰ ਅਕਾਲੀ' ਹੀ ਵਰਤਿਆ ਜਾ ਰਿਹਾ ਹੈ, ਕਿਉਂਕਿ ਜੋ ਅਖਬਾਰ ਭਾਈ ਕਰਮ ਸਿੰਘ ਚੀਫ਼ ਐਡਟਰ ਵੱਲੋਂ ਅਖਬਾਰ ਗਿਆ, ਉਸ ਵਿੱਚ ਬਬਰ ਅਕਾਲੀ ਹੀ ਲਿਖਿਆ ਗਿਆ ਹੈ। ਉਸ ਵਿੱਚ ਬਬਰ ਸ਼ਬਦ ਉਪਰ ਅੱਧਕ ਨਹੀਂ। ਪੰਜਾਬੀ ਵਿੱਚ ਬਬਰ ਦਾ ਅਰਥ ਸ਼ੇਰ ਹੈ, ਜਦਕਿ 'ਬੱਬਰ' ਦਾ ਅਰਥ ਢਿੱਡ ਹੈ। ਇਉਂ ਬਬਰ ਅਕਾਲੀ ਨਾਂ ਹੈ ਅਤੇ ਇਤਿਹਾਸਿਕ ਦਸਤਾਵੇਜ਼ ਹੈ, ਇਸ ਕਰਕੇ ਇਸ ਦੇ ਨਾਲ ਛੇੜਛਾੜ ਨਹੀਂ ਕੀਤੀ ਜਾ ਸਕਦੀ।

ਪੰਜਾਬ ਦੀ ਧਰਤੀ 'ਤੇ ਨਵਾਂਸ਼ਹਿਰ ਨੇੜੇ ਅਤੇ ਅੱਜਕੱਲ੍ਹ ਸ਼ਹੀਦ ਭਗਤ ਸਿੰਘ ਨਗਰ 'ਚ ਪੈਂਦੇ ਪਿੰਡ ਦੌਲਤਪੁਰ ਵਿੱਚ 20 ਮਾਰਚ 1880 ਨੂੰ ਭਾਈ ਨੱਥਾ ਸਿੰਘ ਥਾਂਦੀ ਦੇ ਘਰ ਬੀਬੀ ਦੁੱਲੀ ਦੀ ਕੁੱਖੋਂ ਜਨਮੇ ਕਰਮ ਸਿੰਘ ਦਾ ਪਹਿਲਾ ਨਾਂ ਨਰੈਣ ਸਿੰਘ ਸੀ। ਆਪ ਨੇ ਮੁੱਢਲੀ ਪੜ੍ਹਾਈ ਪਿੰਡ ਦੌਲਤਪੁਰ ਦੇ ਸਕੂਲੋਂ ਕੀਤੀ ਅਤੇ ਸੰਨ 1898 'ਚ ਬ੍ਰਿਟਿਸ਼ ਫੌਜ 'ਚ ਭਰਤੀ ਹੋ ਗਏ, ਪਰ ਫੌਜ 'ਚ ਗ਼ੁਲਾਮੀ ਅਤੇ ਜ਼ਲਾਲਤ ਭਰੇ ਵਤੀਰੇ ਤੋਂ ਦੁਖੀ ਹੋ ਕੇ ਆਪ ਨੇ ਨੌਕਰੀ ਛੱਡ ਦਿੱਤੀ। ਮਹਾਨ ਸਿੱਖ ਸ਼ਖ਼ਸੀਅਤ ਬਾਬਾ ਕਰਮ ਸਿੰਘ ਹੋਤੀ ਮਰਦਾਨ ਤੋਂ ਪ੍ਰਭਾਵਿਤ ਹੋ ਕੇ ਆਪ ਧਾਰਮਿਕ ਰੁਚੀਆਂ ਵੱਲ ਪ੍ਰੇਰਿਤ ਹੋ ਗਏ।ਇਸ ਦੌਰਾਨ ਕੈਨੇਡਾ ਦੇ ਮੋਢੀ ਸਿੱਖਾਂ 'ਚ ਗਿਣੇ ਜਾਂਦੇ ਭਾਈ ਵਰਿਆਮ ਸਿੰਘ ਨੇ ਭਾਈ ਨਰੈਣ ਸਿੰਘ ਥਾਂਦੀ (ਮਗਰੋਂ ਭਾਈ ਕਰਮ ਸਿੰਘ ਦੌਲਤਪੁਰ) ਤੇ ਉਨ੍ਹਾਂ ਦੇ ਭਰਾ ਭਾਈ ਹਰੀ ਸਿੰਘ ਥਾਂਦੀ ਨੂੰ ਸੰਨ 1907 ਵਿਚ ਕੈਨੇਡਾ ਸੱਦ ਲਿਆ। ਇੱਥੇ ਆ ਕੇ ਵੈਨਕੂਵਰ ਨੇੜਲੇ ਸ਼ਹਿਰ ਐਬਟਸਫੋਰਡ'ਚ ਆਪ ਨੇ ਸੰਘਰਸ਼ਮਈ ਜੀਵਨ ਸ਼ੁਰੂ ਕੀਤਾ।

ਇਹ ਉਹ ਸਮਾਂ ਸੀ, ਜਦੋਂ ਕੈਨੇਡਾ ਵੀ ਬ੍ਰਿਟਿਸ਼ ਸਾਮਰਾਜ ਦੀ ਬਸਤੀ ਸੀ ਅਤੇ ਇਥੇ ਨਸਲਵਾਦ ਦਾ ਬੋਲਬਾਲਾ ਸੀ। ਜਿਸ ਵੇਲੇ ਕੈਨੇਡਾ ਵਸਦੇ ਭਾਰਤੀਆਂ ਨੂੰ ਇਥੋਂ ਕੱਢ ਕੇ ਹੰਡੂਰਸ ਭੇਜਿਆ ਜਾ ਰਿਹਾ ਸੀ, ਉਸ ਵੇਲੇ ਪ੍ਰੋਫੈਸਰ ਸੰਤ ਤੇਜਾ ਜੀ ਦੀ ਅਗਵਾਈ ਵਿਚ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਆਗੂਆਂ ਨੇ ਕੈਨੇਡਾ ਸਰਕਾਰ ਦੇ ਅਜਿਹੇ ਨਸਲਵਾਦੀ ਫੈਸਲਾ ਦਾ ਜ਼ੋਰਦਾਰ ਵਿਰੋਧ ਕੀਤਾ। ਅਜਿਹਾ ਸਮੇਂ ਭਾਈ ਨਰੈਣ ਸਿੰਘ ਥਾਂਦੀ ਨੇ ਵੀ ਸਰਗਰਮ ਭੂਮਿਕਾ ਨਿਭਾਈ ਅਤੇ ਨਸਲਵਾਦੀ ਸਰਕਾਰੀ ਨੀਤੀਆਂ ਖਿਲਾਫ਼ ਆਵਾਜ਼ ਉਠਾਈ। ਆਪ ਨੇ ਸੰਤ ਤੇਜਾ ਸਿੰਘ ਦੁਆਰਾ ਸਥਾਪਿਤ 'ਗੁਰੂ ਨਾਨਕ ਮਾਈਨਿੰਗ ਐਡ ਟਰੱਸਟ ਕੰਪਨੀ' ਵਿਚ ਵੀ ਹਿੱਸਾ ਪਾਇਆ ਅਤੇ ਵੱਧ ਚੜ੍ਹ ਕੇ ਭਾਈਚਾਰੇ ਦੀ ਸੇਵਾ ਕੀਤੀ। ਕੈਨੇਡਾ 'ਚ ਆ ਵਸੇ ਸਾਬਕਾ ਫੌਜੀਆਂ ਨੇ 3 ਅਕਤੂਬਰ 1909 ਨੂੰ, ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ'ਚ ਅੰਗਰੇਜ਼ਾਂ ਵਲੋਂ ਮਿਲੇ ਤਮਗੇ, ਵਰਦੀਆਂ, ਇਨਸਿਗਨੀਏ ਅਤੇ ਸਰਟੀਫਿਕੇਟ ਅੱਗ 'ਚ ਸਾੜੇ। ਤਦ ਭਾਈ ਨਰੈਣ ਸਿੰਘ ਵਲੋਂ ਵੀ ਅੰਗਰੇਜ਼ ਫੌਜ ਦੇ ਸਾਬਕਾ ਸਿਪਾਹੀ ਹੋਣ ਦੇ ਨਾਤੇ ਬਸਤੀਵਾਦ ਅਤੇ ਨਸਲਵਾਦ ਖਿਲਾਫ ਅਪਣਾ ਰੋਸ ਪ੍ਰਗਟਾਇਆ ਗਿਆ। ਇਥੋਂ ਤੱਕ ਕਿ ਬਰਤਾਨੀਆਂ ਦੇ ਬਾਦਸ਼ਾਹ ਜਾਰਜ ਪੰਜਵੇਂ ਦੀ ਤਾਜਪੋਸ਼ੀ ਦੇ ਜਸ਼ਨਾਂ ਸਬੰਧੀ ਸਤੰਬਰ 1912 ਨੂੰ, ਕੈਨੇਡਾ ਨੇ ਇਹਨਾਂ ਗ਼ਦਰੀ ਯੋਧਿਆਂ ਨੇ ਵਿਰੋਧ ਪ੍ਰਗਟਾਇਆ ਅਤੇ ਅੰਗਰੇਜ਼ੀ ਦੀ ਗ਼ੁਲਾਮੀ ਖਿਲਾਫ਼ ਝੰਡਾ ਚੁਕਿਆ। ਉੱਤਰੀ ਅਮਰੀਕਾ ਦੀ ਧਰਤੀ 'ਤੇ ਸੰਨ 1913 'ਚ ਉੱਠੀ ਗ਼ਦਰ ਲਹਿਰ ਵਿਚ ਆਪ ਲਗਾਤਾਰ ਸਰਗਰਮ ਰਹੇ।

ਭਾਈ ਕਰਮ ਸਿੰਘ ਬਬਰ ਅਕਾਲੀ ਦੀ ਸ਼ਖਸੀਅਤ ਦਾ ਇੱਕ ਅਣਗੋਲਿਆ ਪੱਖ ਇਹ ਹੈ ਕਿ ਆਪ ਕੈਨੇਡਾ ਦੀ ਧਰਤੀ 'ਤੇ 'ਗ਼ਦਰ' ਅਖ਼ਬਾਰ ਲਈ ਹਰ ਤਰ੍ਹਾਂ ਸਹਿਯੋਗ ਜੁਟਾਉਣ 'ਚ ਵੀ ਮੋਹਰੀ ਰਹੇ। 'ਗਦਰ' ਅਖ਼ਬਾਰ ਦੀ ਇਸ ਚਿਣਗ ਦਾ ਹੀ ਨਤੀਜਾ ਸੀ ਕਿ ਆਪ ਨੇ ਪੰਜਾਬ ਜਾ ਕੇ 'ਬਬਰ ਆਕਾਲੀ ਦੁਆਬਾ' ਅਖ਼ਬਾਰ ਕੱਢਿਆ। ਕੈਨੇਡਾ ਦੀ ਧਰਤੀ ਤੋਂ 23 ਜੁਲਾਈ 1914 ਨੂੰ ਗੁਰੂ ਨਾਨਕ ਜਹਾਜ਼ (ਕਾਮਾਗਾਟਾਮਾਰੂ) ਨੂੰ ਮੁਸਾਫਿਰਾਂ ਸਮੇਤ ਵਾਪਿਸ ਭਾਰਤ ਮੋੜੇ ਜਾਣ ਦੀ ਨਸਲੀ ਘਟਨਾ ਮਗਰੋਂ, ਗ਼ਦਰੀ ਬਾਬਿਆ ਅੰਦਰ ਫਿਰੰਗੀਆਂ ਖਿਲਾਫ਼ ਰੋਹ ਹੋਰ ਸਿਖਰਾਂ ਨੂੰ ਛੂਹ ਗਿਆ ਸੀ। ਅਜਿਹੇ ਸਮੇਂ ਕੈਨੇਡਾ ਅਤੇ ਅਮਰੀਕਾ ਤੋਂ ਵੱਡੀ ਗਿਣਤੀ 'ਚ ਗ਼ਦਰੀ ਯੋਧੇ ਵਤਨ ਪਰਤ ਕੇ, ਅੰਗਰੇਜ਼ਾਂ ਨੂੰ ਦੇਸ਼ 'ਚੋਂ ਕੱਢਣ ਲਈ ਤਿਆਰ ਹੋਏ। ਐਬਟਸਫੋਰਡ ਤੋਂ ਭਾਈ ਨਰੈਣ ਸਿੰਘ ਥਾਂਦੀ ਨੇ ਵੀ ਫੈਸਲਾ ਕੀਤਾ ਕਿ ਉਨ੍ਹਾਂ ਗੁਲਾਮੀ ਦੀਆਂ ਜ਼ੰਜੀਰਾਂ ਤੋੜਨ ਲਈ ਦੇਸ਼ ਪਰਤਣਾ ਹੈ। ਸ਼ਹਿਰ 'ਚ ਸਾਊਥ ਫਰੇਜ਼ਰ ਵੇਅ 'ਤੇ ਆਪ ਦੀ, ਆਪ ਦੇ ਭਰਾ ਭਾਈ ਹਰੀ ਸਿੰਘ ਥਾਂਦੀ ਤੇ ਪੇਂਡੂ ਭਾਈ ਸੁੰਦਰ ਸਿੰਘ ਥਾਂਦੀ ਦੀ ਚਾਰ ਏਕੜ ਦੇ ਕਰੀਬ ਸਾਂਝੀ ਜ਼ਮੀਨ ਸੀ, ਜਿਸ ਦੀ ਉਸ ਸਮੇਂ ਵੀ ਬਹੁਤ ਕੀਮਤ ਸੀ। ਆਪ ਨੇ ਸਮੂਹ ਭਾਈਆਂ ਨੂੰ ਕਿਹਾ ਕਿ ਜੇਕਰ ਉਹ ਵਤਨ ਜਾ ਕੇ ਸ਼ਹੀਦੀ ਪਾ ਗਏ, ਤਾਂ ਉਨ੍ਹਾਂ ਦੀ ਜ਼ਮੀਨ 'ਤੇ ਗੁਰਦੁਆਰਾ ਸਾਹਿਬ ਉਸਾਰ ਦਿੱਤਾ ਜਾਵੇ।

ਭਾਈ ਕਰਮ ਸਿੰਘ ਬਬਰ ਨੇ ਪੰਜਾਬ ਜਾ ਕੇ ਅੰਗਰੇਜ਼ ਹਕੂਮਤ ਖ਼ਿਲਾਫ਼ ਸੰਘਰਸ਼ ਕਰਦਿਆਂ 1 ਸਤੰਬਰ 1923 ਨੂੰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਬਬੇਲੀ ਵਿਖੇ, ਪੁਲਿਸ ਮੁਕਾਬਲਾ ਵਿਚ ਸ਼ਹੀਦੀ ਪ੍ਰਾਪਤ ਕੀਤੀ। ਆਪ ਦੀ ਇੱਛਾ ਅਨੁਸਾਰ ਆਪ ਦੀ ਜ਼ਮੀਨ 'ਤੇ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਸੰਨ 1982 ਵਿੱਚ ਉਸਾਰਿਆ ਗਿਆ। ਭਾਈ ਸਾਹਿਬ ਦੀ ਸ਼ਹਾਦਤ ਦਾ ਇਤਿਹਾਸ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੇ ਕੋਲ ਲਿਖਿਆ ਹੋਇਆ ਹੈ। ਇੱਥੇ ਇਹ ਗੱਲ ਗੌਰ ਕਰਨ ਵਾਲੀ ਹੈ ਕਿ ਵਿਰਾਸਤੀ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਵਿਖੇ ਘੋੜਿਆਂ ਤੇ ਸਵਾਰ ਸਿੱਖ ਫ਼ੌਜੀਆਂ ਦੇ ਬੁੱਤ ਤਾਂ ਲਗਾਏ ਗਏ ਹਨ, ਪਰ ਇਨ੍ਹਾਂ ਸਾਬਕਾ ਫ਼ੌਜੀਆਂ ਵੱਲੋਂ ਅੰਗਰੇਜ਼ਾਂ ਤੋਂ ਮਿਲੇ ਤਗ਼ਮੇ ਅਤੇ ਵਰਦੀਆਂ ਸਾੜਨ ਦਾ ਕਿਧਰੇ ਜ਼ਿਕਰ ਨਹੀਂ ਮਿਲਦਾ। ਇਹ ਅੱਜ ਦੀ ਪੀੜ੍ਹੀ ਨੂੰ ਅਧੂਰਾ ਅਤੇ ਗਲਤ ਇਤਹਾਸ ਸਿਖਾਉਣ ਤੇ ਪੜ੍ਹਾਉਣ ਦੇ ਸਾਮਾਨ 'ਇਤਿਹਾਸਕ ਗਲਤੀ' ਕਹੀ ਜਾ ਸਕਦੀ ਹੈ। ਇਹ ਗ਼ਲਤੀ ਵੀ ਉਸ ਥਾਂ 'ਤੇ ਹੋ ਰਹੀ ਹੈ, ਜੋ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਅਤੇ ਸਾਬਕਾ ਸਿੱਖ ਫ਼ੌਜੀ ਦਾ ਅਸਥਾਨ ਹੈ। ਅਜਿਹੀ ਇਤਿਹਾਸਕ ਗਲਤੀ ਨੂੰ ਤੁਰੰਤ ਦਰੁਸਤ ਕਰਨਾ ਬਹੁਤ ਜ਼ਰੂਰੀ ਹੈ।

ਕੈਨੇਡਾ ਤੋਂ ਪੰਜਾਬ ਪਰਤਦਿਆਂ ਹੀ ਆਪ ਨੂੰ ਵੀ ਹੋਰਨਾਂ ਗ਼ਦਰੀਆਂ ਵਾਂਗ ਜੂਹਬੰਦ ਕਰ ਦਿੱਤਾ ਗਿਆ। ਸੰਨ 1918 'ਚ ਇਹ ਪਾਬੰਦੀ ਹਟਦਿਆਂ ਸਾਰ ਹੀ ਆਪ ਸਰਗਰਮ ਹੋ ਗਏ ਅਤੇ ਥਾਂ-ਥਾਂ ਸਿਆਸੀ ਕਾਨਫਰੰਸਾਂ ਕਰਨ ਲੱਗੇ। ਅੰਗਰੇਜ਼ਾਂ ਦੇ ਪਿੱਠੂ ਮਹੰਤ ਨਰੈਣ ਦਾਸ ਨੇ ਜਦੋਂ 21 ਫਰਵਰੀ 1921 ਨੂੰ ਨਨਕਾਣਾ ਸਾਹਿਬ ਵਿਖੇ ਸੌ ਤੋਂ ਵੱਧ ਸਿੱਖਾਂ ਨੂੰ ਸ਼ਹੀਦ ਕਰਵਾਇਆ, ਤਾਂ ਆਪ ਦਾ ਖੂਨ ਖੌਲ ਉੱਠਿਆ। ਆਪ ਨੇ ਨਨਕਾਣਾ ਸਾਹਿਬ ਪਹੁੰਚ ਕੇ ਭਾਈ ਆਸਾ ਸਿੰਘ ਭੁਕੜੁਦੀ ਤੇ ਹੋਰਨਾਂ ਸਾਥੀਆਂ ਸਮੇਤ ਅੰਮ੍ਰਿਤ ਛਕਿਆ ਅਤੇ 'ਨਰੈਣ' ਸਿੰਘ ਨਾਂ ਬਦਲ ਕੇ 'ਕਰਮ ਸਿੰਘ' ਗ੍ਰਹਿਣ ਕਰ ਲਿਆ। ਕੁਝ ਇਤਿਹਾਸਕਾਰਾਂ ਦਾ ਮੱਤ ਹੈ ਕਿ ਆਪ ਪਹਿਲਾਂ ਤੋਂ ਹੀ ਅੰਮ੍ਰਿਤਧਾਰੀ ਸਿੱਖ ਸਨ ਅਤੇ ਨਨਕਾਣਾ ਸਾਹਿਬ ਜਾ ਕੇ ਲਗਾਤਾਰ ਲੰਮਾ ਸਮਾਂ ਰੋਪੋਸ਼ ਰਹਿਣ ਕਾਰਨ ਆਪ ਨੇ ਜਾਣੇ ਅਣਜਾਣੇ ਹੋ ਜਾਂਦੀਆਂ ਭੁੱਲਾਂ ਚੁੱਕਾਂ ਨੂੰ ਧਿਆਨ ਵਿੱਚ ਰੱਖਦਿਆਂ ਦੁਬਾਰਾ ਪਾਹੁਲ ਲਿਆ। ਇੱਥੇ ਇਤਿਹਾਸ ਦਾ ਇੱਕ ਹੋਰ ਮਹੱਤਵਪੂਰਨ ਪੱਖ ਇਹ ਵੀ ਹੈ ਕਿ ਇੱਕ ਪਾਸੇ ਲਾਜਪਤ ਰਾਏ ਦੁਸ਼ਣ ਨਰੈਣੂ ਦੇ ਹੱਕ 'ਚ ਵਕੀਲ ਵਜੋਂ ਕੇਸ ਲੜ ਰਿਹਾ ਸੀ, ਦੂਜੇ ਪਾਸੇ ਭਾਈ ਕਰਮ ਸਿੰਘ ਸਾਥੀਆਂ ਸਮੇਤ ਨਰੈਣੂ ਵਰਗੇ ਮਹੰਤਾਂ ਤੋਂ ਗੁਰਦੁਆਰੇ ਆਜ਼ਾਦ ਕਰਾਉਣ ਦੀ ਲੜਾਈ ਲੜ ਰਹੇ ਸੀ। ਆਪ ਚਾਬੀਆਂ ਦੇ ਮੋਰਚੇ ਤੋਂ ਲੈ ਕੇ ਵੱਖ- ਵੱਖ ਅਕਾਲੀ ਮੋਰਚਿਆਂ ਵਿੱਚ ਸ਼ਾਮਿਲ ਹੋਏ। ਜਦੋਂ ਭਾਈ ਕਰਮ ਸਿੰਘ ਦੌਲਤਪੁਰ, ਭਾਈ ਕਰਮ ਸਿੰਘ ਝਿੰਗੜ ਅਤੇ ਹੋਰਨਾਂ ਯੋਧਿਆਂ ਨੇ ਮਹਿਸੂਸ ਕੀਤਾ ਕਿ ਨਿਰੇ ਸ਼ਾਂਤਮਈ 'ਗਾਂਧੀਵਾਦੀ' ਤਰੀਕਿਆਂ ਦੀ ਥਾਂ ਹਥਿਆਰਬੰਦ ਇਨਕਲਾਬੀ ਸ਼ੰਘਰਸ਼ ਹੀ ਜ਼ਾਲਮ ਫਿਰੰਗੀਆਂ ਨੂੰ ਭਾਂਜ ਦੇ ਸਕਦਾ ਹੈ, ਤਾਂ ਆਪ ਨੇ 'ਖੰਡਾ ਖੜਕਾਉਣ' ਦਾ ਫੈਸਲਾ ਕੀਤਾ। ਇਸ ਦੇ ਪ੍ਰਤੀਕਰਮ ਵਜੋਂ ਭਾਈ ਕਰਮ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਖਿਲਾਫ਼ ਅੰਗਰੇਜ਼ ਸਰਕਾਰ ਨੇ ਵਰੰਟ ਜਾਰੀ ਕਰਦਿਆਂ, ਇਨ੍ਹਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਕਈ ਇਨਾਮ ਰੱਖੇ।

ਭਾਈ ਕਰਮ ਸਿੰਘ ਜਿਥੇ ਮਹਾਨ ਸੂਰਬੀਰ ਸਨ, ਉਥੇ ਸੱਚ 'ਤੇ ਡੱਟਣ ਵਾਲੇ ਪੱਤਰਕਾਰ ਅਤੇ ਜੁਝਾਰੂ ਕਵੀ ਵੀ ਸਨ। ਇਸ ਦਾ ਹਵਾਲਾ ਦਿਲਚਸਪ ਘਟਨਾਕ੍ਰਮ ਤੋਂ ਮਿਲਦਾ ਹੈ। ਇਤਿਹਾਸਕ ਵੇਰਵਿਆਂ ਅਨੁਸਾਰ ਮਈ,1922 ਨੂੰ ਬਲਾਚੌਰ ਦੇ ਨਜ਼ਦੀਕ ਪਿੰਡ ਕੌਲਗੜ੍ਹ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਕਰਮ ਸਿੰਘ ਦੌਲਤਪੁਰ, ਆਸਾ ਸਿੰਘ ਭੁਕੜੁਦੀ, ਉਦੇ ਸਿੰਘ ਰਾਮਗੜ੍ਹ, ਜਥੇਦਾਰ ਦਲੀਪ ਸਿੰਘ ਸਾਦੜਾਂ, ਹਰਨਾਮ ਸਿੰਘ ਗੜ੍ਹੀ ਕਾਨੂੰਗੋਆਂ, ਉਦੈ ਸਿੰਘ ਦੌਲਤਪੁਰ ਜੁਝਾਰੂ ਇਕੱਠੇ ਹੋਏ। ਉਨ੍ਹਾਂ ਫ਼ੈਸਲਾ ਕੀਤਾ ਕਿ ਹੁਣ ਸਮਾਂ ਆ ਗਿਆ ਹੈ ਕਿ 'ਅਖਬਾਰ' ਦੀ ਵਰਤੋਂ ਕਰਕੇ ਆਜ਼ਾਦੀ ਦਾ ਵਿਰੋਧ ਕਰਨ ਵਾਲਿਆਂ ਨੂੰ ਨੱਥ ਪਾਈ ਜਾਵੇ। ਇਸ ਮੌਕੇ 'ਤੇ ਭਾਈ ਸਾਹਿਬ ਨੇ ਪ੍ਰੇਰਿਆ ਕਿ 'ਗਦਰ ਦੀ ਗੂੰਜ' ਅੱਜ ਤੱਕ ਲੋਕਾਂ ਦੇ ਦਿਲਾਂ ਵਿਚ ਵਸੀ ਹੋਈ ਹੈ, ਜਿਸ ਤੋਂ ਸੇਧ ਲੈ ਕੇ ਅਖਬਾਰ ਕੱਢਣਾ ਚਾਹੀਦਾ ਹੈ। ਭਾਈ ਕਰਮ ਸਿੰਘ ਦੌਲਤਪੁਰ ਨੇ ਕਿਹਾ ਉਨ੍ਹਾਂ ਦਾ ਕੈਨੇਡਾ ਵਾਲਾ ਤਜਰਬਾ ਇਸ ਗੱਲ ਦਾ ਗਵਾਹ ਹੈ ਕਿ 'ਗਦਰ' ਅਖਬਾਰ ਨੇ ਉਹ ਕੰਮ ਕੀਤਾ, ਜਿਹੜਾ ਭਾਸ਼ਣਾਂ ਤੋਂ ਕਿਤੇ ਵੱਧ ਅਸਰਦਾਰ ਹੋਇਆ ਸੀ। ਅਖਬਾਰ ਲਈ ਲੋੜੀਂਦਾ ਧਨ ਜਗੀਰਦਾਰਾਂ, ਨੰਬਰਦਾਰਾਂ ਤੇ ਸ਼ਾਹੂਕਾਰਾਂ ਕੋਲੋਂ ਹੀ ਕਿਉਂ ਨਾ ਖੋਹਣਾ ਪਵੇ, ਪਰ ਅਖਬਾਰ ਜ਼ਰੂਰ ਕੱਢਣਾ ਚਾਹੀਦਾ ਹੈ। ਆਖ਼ਰ ਇਸ ਫ਼ੈਸਲੇ ਨੂੰ ਅੰਜਾਮ ਦਿੰਦਿਆਂ 3 ਜੁਲਾਈ,1922 ਬੱਬਰ ਅਕਾਲੀਆਂ ਨੇ ਸਰਕਾਰੀ ਖ਼ਜਾਨੇ ਵਿੱਚੋ 575 ਰੁਪਏ ਦੀ ਰਕਮ ਖੋਹੀ, ਜਿਸ ਨਾਲ ਇੱਕ ਸਾਈਕਲੋ-ਸਟਾਈਲ ਮਸ਼ੀਨ ਅਤੇ ਹਥਿਆਰ ਖ਼ਰੀਦੇ। ਇਸ 'ਚੋਂ ਸੌ ਰੁਪਏ ਨਾਲ ਲਾਹੌਰ ਤੋਂ ਪ੍ਰੈਸ ਮਸ਼ੀਨ ਖਰੀਦੀ ਗਈ ਤੇ ਬਾਕੀ ਰਾਸ਼ੀ ਨਾਲ ਜਥੇਬੰਦੀ ਦੀ ਸਰਗਰਮੀ ਆਦਿ ਦੇ ਹੋਰਨਾਂ ਕੰਮਾਂ ਤੋਂ ਇਲਾਵਾ ਪਰਚੇ ਛਾਪਣ ਅਤੇ ਹਥਿਆਰ ਖਰੀਦਣ ਦੋ ਪ੍ਰਬੰਧ ਕੀਤਾ ਗਿਆ।

ਐਡੀਟਰ ਕਰਮ ਸਿੰਘ ਦੇ ਨਾਂ ਥੱਲੇ 'ਸਫ਼ਰੀ ਪ੍ਰੈਸ' ਨਾਂ ਰੱਖ ਕੇ ਪਹਿਲਾ ਪਰਚਾ ਛਾਪਿਆ ਗਿਆ। ਇਸ ਦੌਰਾਨ ਭਾਈ ਕਰਮ ਸਿੰਘ ਦੌਲਤਪੁਰ ਵੱਲੋਂ ਹੋਰਨਾਂ ਜੁਝਾਰੂਆਂ ਨਾਲ ਮਿਲ ਕੇ 22 ਅਗਸਤ,1922 ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਇਕੱਤਰਤਾ ਕੀਤੀ ਗਈ। ਇਸ ਦੌਰਾਨ ਪਰਚੇ ਦਾ ਨਾਂ 'ਬਬਰ ਅਕਾਲੀ ਦੁਆਬਾ' ਰੱਖਿਆ ਗਿਆ।

'ਬਬਰ ਅਕਾਲੀ' ਅਖਬਾਰ ਦੇ ਮੁੱਢ ਵਿੱਚ 'ਸ੍ਰੀ ਅਕਾਲ ਜੀ ਸਹਾਇ॥' ਅਤੇ ਗੁਰੂ ਗ੍ਰੰਥ ਸਾਹਿਬ ਵਿੱਚੋਂ ਭਗਤ ਕਬੀਰ ਜੀ ਦਾ ਦੋਹਾ "ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤੁ॥ ਪੁਰਜਾ ਪੁਰਜਾ ਕਟਿ ਮਰੈ ਕਬਹੂ ਨਾ ਛਾਡੈ ਖੇਤੁ॥" ਛਾਪਿਆ ਜਾਂਦਾ ਸੀ। ਕੁਝ ਇਤਿਹਾਸਕਾਰ ਬਬਰ ਅਕਾਲੀ ਅਖ਼ਬਾਰ ਕੱਢਣ ਦੀ ਮਿਤੀ 20 ਜਾਂ 21ਅਗਸਤ 1922 ਵੀ ਲਿਖਦੇ ਹਨ। ਬੱਬਰ ਅਕਾਲੀ' ਅਖ਼ਬਾਰ ਨਿਰੋਲ ਜੁਝਾਰੂ ਅਕਾਲੀਆਂ ਦਾ ਸੀ, ਜਿਸ ਵਿਚ ਜੋਸ਼ੀਲੇ ਲੇਖ, ਕਵਿਤਾਵਾਂ ਤੇ ਸਿੱਖ ਇਤਿਹਾਸ ਦੇ ਗੌਰਵਮਈ ਵਿਰਸੇ ਨਾਲ ਸੰਬੰਧਤ ਲਿਖਤਾਂ ਪ੍ਰਕਾਸ਼ਤ ਕੀਤੀਆਂ ਜਾਂਦੀਆਂ। ਇਸੇ ਅਖ਼ਬਾਰ ਦੇ ਨਾਂ ਸਦਕਾ ਭਾਈ ਕਰਮ ਸਿੰਘ ਦੌਲਤਪੁਰ ਦੇ ਨਾਂ ਨਾਲ 'ਬਬਰ ਅਕਾਲੀ' ਸ਼ਬਦ ਜੁੜ ਗਿਆ।

ਬਬਰ ਅਕਾਲੀ ਲਹਿਰ ਦੇ ਇਤਿਹਾਸ ਦਾ ਜ਼ਿਕਰਯੋਗ ਪੱਖ ਹੈ ਕਿ 'ਚੱਕਰਵਰਤੀ ਜਥੇ' ਦੇ ਆਗੂ ਭਾਈ ਕਿਸ਼ਨ ਸਿੰਘ ਗੜਗੱਜ ਜਦੋਂ ਅਖ਼ਬਾਰ ਦੇ ਪ੍ਰਭਾਵ ਤੋਂ ਜਾਣੂ ਹੋਏ, ਤਾਂ ਉਹ ਐਡੀਟਰ ਕਰਮ ਸਿੰਘ ਨਾਲ ਵਿਚਾਰ ਵਟਾਂਦਰੇ ਲਈ ਅਗਸਤ 1922 ਦੇ ਤੀਜੇ ਹਫ਼ਤੇ ਮਿਲੇ। ਉਸ ਸਮੇਂ ਤੱਕ ਬਬਰ ਅਕਾਲੀ ਦੋਆਬਾ ਦੇ ਦੋ ਅੰਕ ਪ੍ਰਕਾਸ਼ਤ ਹੋ ਚੁੱਕੇ ਸਨ, ਜਿਨ੍ਹਾਂ ਦੀ ਇਲਾਕੇ ਚ ਭਰਪੂਰ ਚਰਚਾ ਹੋ ਰਹੀ ਸੀ। ਇਕ ਇਤਿਹਾਸਕ ਹਵਾਲੇ ਅਨੁਸਾਰ ਭਾਈ ਕਿਸ਼ਨ ਸਿੰਘ ਗੜਗੱਜ ਅਤੇ ਭਾਈ ਕਰਮ ਸਿੰਘ ਬਬਰ ਦੇ ਜਥਿਆਂ ਵਿਚ ਮੁਲਾਕਾਤ, ਕੈਨੇਡਾ ਤੋਂ ਹੀ ਗਏ ਭਾਈ ਕਰਮ ਸਿੰਘ ਝਿੰਗੜ ਦੇ ਉਪਰਾਲੇ ਨਾਲ, ਬਬਰ ਆਸਾ ਸਿੰਘ ਦੇ ਪਿੰਡ ਭੁਕੜੁਦੀ ਵਿੱਚ ਹੋਈ ਜਿੱਥੇ ਭਾਈ ਕਿਸ਼ਨ ਸਿੰਘ ਗੜਗੱਜ ਨੇ ਬਬਰ ਅਕਾਲੀ ਦੋਆਬਾ ਅਖ਼ਬਾਰ ਕੱਢਣ ਲਈ ਭਾਈ ਕਰਮ ਸਿੰਘ ਦੌਲਤਪੁਰ ਦੀ ਭਰਪੂਰ ਸ਼ਲਾਘਾ ਕੀਤੀ। (ਹਵਾਲਾ : ਬਬਰ ਅਕਾਲੀ ਲਹਿਰ ਦਾ ਇਤਿਹਾਸ, ਲੇਖਕ ਮਿਲਖਾ ਸਿੰਘ ਨਿੱਝਰ, ਪੰਨਾ 127) ਇਕ ਹੋਰ ਇਤਿਹਾਸਕ ਹਵਾਲੇ ਅਨੁਸਾਰ ਦੋਹਾਂ ਜਥਿਆਂ ਵਿਚਕਾਰ ਮਿਲਣੀ ਸੰਤ ਠਾਕਰ ਸਿੰਘ ਗੁੱਜਰਵਾਲ ਦੀ ਕੁਟੀਆ ਵਿਚ 21 ਅਗਸਤ 1922 ਨੂੰ ਹੋਈ। (ਕਿਤਾਬ : ਬਬਰ ਅਕਾਲੀ, ਲੇਖਕ ਪ੍ਰਿੰਸੀਪਲ ਨਿਹਾਲ ਸਿੰਘ ਰਸ, ਪੰਨਾ 55) ਨਿਚੋੜ ਇਹ ਹੈ ਕਿ ਜਥੇਦਾਰ ਕਰਮ ਸਿੰਘ ਬਬਰ ਅਤੇ ਜਥੇਦਾਰ ਕਿਸ਼ਨ ਸਿੰਘ ਗੜਗੱਜ ਦੇ ਦੋਵੇਂ ਜਥੇ ਇਕ ਮੰਚ ਤੇ ਇਕੱਠੇ ਹੋਏ। ਇਸ ਮੌਕੇ 'ਤੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਅਤੇ ਸਾਰੇ ਜੁਝਾਰੂਆਂ ਨੇ ਅਰਦਾਸ ਕਰ ਕੇ ਅਹਿਮ ਫ਼ੈਸਲੇ ਲਏ ਅਤੇ ਮਿਲ ਕੇ ਸਾਂਝਾ ਜਥਾ ਬਣਾ ਕੇ ਇਕਮੁੱਠ ਹੁੰਦਿਆਂ ਸੰਘਰਸ਼ ਵਿੱਢਣ ਦਾ ਐਲਾਨ ਕੀਤਾ।

ਪਹਿਲਾ ਫੈਸਲਾ ਜਥੇਬੰਦੀ ਦੇ ਨਾਂ ਦਾ ਸੀ, ਜਿਸ ਮੁਤਾਬਕ 'ਬਬਰ ਅਕਾਲੀ' ਅਖ਼ਬਾਰ ਦੇ ਪ੍ਰਭਾਵਸ਼ਾਲੀ ਨਾਂ ਨੂੰ ਮੁੱਖ ਰਖਦਿਆਂ, ਨਵੀਂ ਜਥੇਬੰਦੀ ਦਾ ਨਾਂ 'ਬਬਰ ਅਕਾਲੀ ਜਥਾ' ਘੋਸ਼ਿਤ ਐਲਾਨਿਆ ਗਿਆ। ਇਹ ਬਿਲਕੁਲ ਉਸੇ ਤਰ੍ਹਾਂ ਸੀ, ਜਿਵੇਂ 'ਗ਼ਦਰ' ਅਖ਼ਬਾਰ ਨੂੰ ਮੁੱਖ ਰੱਖ ਕੇ ਲਹਿਰ ਦਾ ਨਾਂ 'ਗ਼ਦਰ ਲਹਿਰ' ਮਕਬੂਲ ਹੋਇਆ ਸੀ। ਸਰਬਸੰਮਤੀ ਨਾਲ ਇਹ ਵੀ ਫੈਸਲਾ ਹੋਇਆ ਭਾਈ ਕਰਮ ਸਿੰਘ ਜਥੇ ਵਿੱਚ 'ਬਬਰ ਅਕਾਲੀ' ਕਰਕੇ ਜਾਣੇ ਜਾਣਗੇ ਤੇ ਬਾਕੀ ਸਾਰੇ 'ਬਬਰ ਅਕਾਲੀ ਜਥੇ' ਦੇ ਮੈਂਬਰ ਹੋਣਗੇ। ਜਥੇਬੰਦੀ ਨੇ ਇਹ ਵੀ ਫ਼ੈਸਲਾ ਲਿਆ ਕਿ ਅਖ਼ਬਾਰ 'ਤੇ ਸੰਪਾਦਕ ਦਾ ਨਾਂ ਕਰਮ ਸਿੰਘ ਬਬਰ ਹੀ ਰਹੇਗਾ ਤੇ ਇਸ ਵਿਚਲੇ ਲੇਖ ਭਾਈ ਕਿਸ਼ਨ ਸਿੰਘ ਬਬਰ ਵੱਲੋਂ ਸੰਪਾਦਤ ਕੀਤੀ ਜਾਣਗੇ। ਬਬਰ ਅਕਾਲੀ ਜਥੇ ਦੀ ਵਰਕਿੰਗ ਕਮੇਟੀ ਦਾ ਪ੍ਰਧਾਨ ਭਾਈ ਕਿਸ਼ਨ ਸਿੰਘ ਬਬਰ (ਗੜਗੱਜ) ਨੂੰ ਚੁਣਿਆ ਗਿਆ, ਜਦਕਿ ਮਾਸਟਰ ਦਲੀਪ ਸਿੰਘ ਗੋਸਲ ਇਸ ਦੇ ਸਕੱਤਰ ਅਤੇ ਕੈਨੇਡਾ ਤੋਂ ਗਏ ਬਬਰ ਕਰਮ ਸਿੰਘ ਝਿੰਗੜ ਖ਼ਜ਼ਾਨਚੀ ਬਣੇ। ਬਬਰ ਅਕਾਲੀ ਜਥੇ ਦੀ ਵਰਕਿੰਗ ਕਮੇਟੀ ਦੇ ਹੋਰਨਾਂ ਮੈਂਬਰਾਂ ਵਿੱਚ ਚੀਫ ਐਡੀਟਰ ਭਾਈ ਕਰਮ ਸਿੰਘ ਬਬਰ, ਬਾਬੂ ਸੰਤਾ ਸਿੰਘ ਅਤੇ ਭਾਈ ਉਦੈ ਸਿੰਘ ਰਾਮਗੜ੍ਹ ਝੁੰਗੀਆਂ ਚੁਣੇ ਗਏ। ਇਉਂ ਸਮੂਹ ਜੁਝਾਰੂਆਂ ਨੂੰ ਇੱਕ ਮੰਚ 'ਤੇ ਇਕੱਠਾ ਕਰਕੇ ਸ਼ਹੀਦਾਂ ਦੀ ਮਹਾਨ ਜਥੇਬੰਦੀ ਨੂੰ 'ਬਬਰ ਅਕਾਲੀ' ਜਥੇ ਦਾ ਨਾਂ ਦੇਣ ਦਾ ਸਿਹਰਾ ਸ਼ਹੀਦ ਭਾਈ ਕਰਮ ਸਿੰਘ 'ਬਬਰ ਅਕਾਲੀ' ਦੇ ਸਿਰ ਬੱਝਦਾ ਹੈ।

'ਬਬਰ ਅਕਾਲੀ' ਪਰਚੇ ਵਿੱਚ ਲੇਖ ਅਤੇ ਕਵਿਤਾਵਾਂ ਮੁਰਦਾ ਦਿਲਾਂ 'ਚ ਰੂਹ ਫੂਕ ਦਿੰਦੀਆਂ ਸਨ। 'ਬਬਰ ਕੱਢ ਵਰੰਟ ਤੂੰ ਜ਼ਾਲਮਾਂ ਦੇ, ਹੱਥੀਂ ਆਪਣੀ ਦਫ਼ਾ ਲਗਾ ਭਾਈ' ਅਤੇ 'ਕਰਮ ਸਿੰਘ ਹੁਣ ਬਬਰ ਦਾ ਰੂਪ ਧਾਰੋ, ਵੇਲਾ ਆ ਗਿਆ ਧੂਮ ਧੁਮਾਵਣੇ ਦਾ' ਵਰਗੇ ਅਨੇਕਾਂ ਕਾਵਿ-ਬੰਦ ਜੁਝਾਰੂ ਸੋਚ ਪ੍ਰਗਟਾਉਂਦੇ ਸਨ। ਇਸ ਅਖ਼ਬਾਰ ਦਾ ਲੋਕਾਂ 'ਤੇ ਡੂੰਘਾ ਅਸਰ ਪਿਆ ਅਤੇ ਥਾਂ-ਥਾਂ ਲੋਕ ਅੰਗਰੇਜ਼ਾਂ ਖਿਲਾਫ਼ ਲਾਮਬੰਦ ਹੋਣ ਲੱਗੇ। 'ਬਬਰ ਅਕਾਲੀ' ਅਖ਼ਬਾਰ ਰਾਹੀਂ ਸਿੱਖ ਪਲਟਣਾਂ, ਸਕੂਲਾਂ, ਕਾਲਜਾਂ ਆਦਿ ਤੋਂ ਇਲਾਵਾ ਬਾਹਰਲੇ ਪ੍ਰਾਂਤਾਂ ਵਿੱਚ ਵੀ ਅੰਗਰੇਜ਼ਾਂ ਦੇ ਵਿਰੁੱਧ ਜ਼ਬਰਦਸਤ ਪ੍ਰਚਾਰ ਕੀਤਾ ਗਿਆ ਅਤੇ ਦੇਸ਼ਵਾਸੀਆਂ ਨੂੰ ਅੰਗਰੇਜ਼ਾਂ ਖ਼ਿਲਾਫ਼ ਬਗ਼ਾਵਤ ਕਰਨ ਲਈ ਪ੍ਰੇਰਿਆ ਗਿਆ। ਅਖਬਾਰ ਨੇ ਸਰਕਾਰੀ ਝੋਲੀਚੁੱਕਾਂ, ਟੋਡੀਆਂ ਅਤੇ ਗ਼ਦਾਰਾਂ ਨੂੰ ਸਖ਼ਤ ਤਾੜਨਾ ਵੀ ਕੀਤੀ ਕਿ ਜੇਕਰ ਉਹ ਆਪਣੀਆਂ ਹਰਕਤਾਂ ਤੋਂ ਬਾਜ ਨਾ ਆਏ, ਤਾਂ ਉਨ੍ਹਾਂ ਨੂੰ ਸੋਧਿਆ ਜਾਏਗਾ। ਅੰਗਰੇਜ਼ ਸਰਕਾਰ ਵੱਲੋਂ ਸਾਈਕਲੋ ਸਟਾਈਲ ਮਸ਼ੀਨਾਂ ਚੁੱਕਣ ਅਤੇ ਅਖ਼ਬਾਰ ਜ਼ਬਤ ਕਰਨ ਦੀਆਂ ਅਨੇਕਾਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਛਾਪੇ ਮਾਰਨ 'ਤੇ ਪੁਲਸ ਦੇ ਹੱਥ ਕੁਝ ਨਾ ਲੱਗਦਾ, ਕਿਉਂਕਿ 'ਬਬਰ ਅਕਾਲੀ' ਅਖ਼ਬਾਰ ਕਦੇ ਇੱਕ ਥਾਂ ਤੋਂ ਅਤੇ ਕਿਸੇ ਦੂਜੀ ਥਾਂ ਤੋਂ ਪ੍ਰਕਾਸ਼ਿਤ ਕੀਤਾ ਜਾਂਦਾ ਸੀ। ਗੁਪਤ ਤੌਰ 'ਤੇ ਬਬਰ ਅਕਾਲੀ ਅਖ਼ਬਾਰ ਛਾਪਣ ਦੇ ਮੁੱਖ ਕੇਂਦਰ ਕੋਟ ਫਤੂਹੀ, ਪੰਡੋਰੀ ਕੋਠੀ, ਫਤਹਿਪੁਰ ਜੱਸੋਵਾਲ ਅਤੇ ਗੁਰਦੁਆਰਾ ਕਿਸ਼ਨਪੁਰ ਵਿੱਚ ਕਾਇਮ ਸਨ, ਪਰ ਇਸਦੇ ਬਾਵਜੂਦ ਇਨ੍ਹਾਂ ਪਰਚਿਆਂ ਨੂੰ ਖੁਫ਼ੀਆ ਢੰਗ ਨਾਲ ਖਾਸ ਟਿਕਾਣਿਆਂ 'ਤੇ ਪਹੁੰਚਾਇਆ ਜਾਂਦਾ ਤੇ ਫ਼ੌਜਾਂ ਤੱਕ ਡਾਕ ਰਾਹੀਂ ਦੂਰ-ਦੁਰਾਡੇ ਭੇਜਿਆ ਜਾਂਦਾ। ਮਗਰੋਂ ਪੁਲਿਸ ਦੀ ਸਰਗਰਮੀ ਵਧ ਜਾਣ ਕਰਕੇ ਪਰਚਾ ਛਾਪਣ ਲਈ ਇੱਕ ਹੋਰ ਸਾਈਕਲੋ-ਸਟਾਈਲ ਮਸ਼ੀਨ ਖ਼ਰੀਦੀ ਗਈ। ਇੱਕ ਮਸ਼ੀਨ ਜਲੰਧਰ ਨੇੜੇ ਅਤੇ ਦੂਜੀ ਕੰਢੀ ਦੇ ਇਲਾਕੇ ਵਿੱਚ ਰੱਖੀ ਗਈ, ਤਾਂ ਕਿ ਲੋੜ ਪੈਣ ’ਤੇ ਦੋਵਾਂ ’ਚੋਂ ਕਿਸੇ ਵੀ ਥਾਂ ਤੋਂ ਪਰਚਾ ਛਾਪ ਲਿਆ ਜਾਵੇ। ਇਸ ਤਰ੍ਹਾਂ ਦੀਆਂ ਕਈ ਕਾਰਵਾਈਆਂ ਬੱਬਰ ਅਕਾਲੀ ਯੋਧਿਆਂ ਦੀ ਗੁਰੀਲਾ ਨੀਤੀ ਦਾ ਪ੍ਰਗਟਾਵਾ ਵੀ ਕਰਦੀਆਂ ਹਨ।

ਅਗਸਤ 1922 ਤੋਂ ਮਈ 1923 ਤੱਕ ਬੱਬਰ ਅਕਾਲੀ ਅਖ਼ਬਾਰ ਦੇ ਪੰਦਰਾਂ ਅੰਕ ਛਾਪੇ ਗਏ। ਇਹਨਾਂ ਵਿਚ ਵਿਸਾਖੀ, ਮਾਘੀ ਤੇ ਕਲਗੀਧਰ ਅੰਕ ਵੀ ਸ਼ਾਮਲ ਸਨ। ਜੁਝਾਰੂ ਕਵੀ ਜਥੇਦਾਰ ਕਰਮ ਸਿੰਘ ਬੱਬਰ ਗੁਰੂ ਗੋਬਿੰਦ ਸਿੰਘ ਜੀ ਦੇ ਖ਼ਾਲਸਈ ਫ਼ਲਸਫ਼ੇ ਤੋਂ ਸੇਧ ਲੈ ਕੇ ਗ਼ੁਲਾਮੀ ਖ਼ਿਲਾਫ਼ ਲੜਨ ਅਤੇ ਜ਼ਾਲਮਾਂ ਨੂੰ ਸੋਧਣ ਲਈ ਕਾਵਿ ਰਚਨਾਵਾਂ ਲਿਖਦੇ;

"ਬਬਰ ਕੱਢ ਵਾਰੰਟ ਤੂੰ ਜ਼ਾਲਮਾਂ ਦੇ ਹੱਥੀਂ ਆਪਣੇ ਦਫ਼ਾ ਲਗਾ ਭਾਈ।

ਸ਼ਾਂਤਮਈ ਨੇ ਕੁਝ ਸਵਾਰਿਆ ਨਾ ਕੰਮ ਸ਼ੁਰੂ ਕਰਦੇ ਦੂਜੇ ਦਾ ਭਾਈ।

ਤੁਖਮ ਛੋੜ ਨਹੀਂ ਹੁਣ ਜ਼ਾਲਮਾਂ ਦਾ ਜਿਨ੍ਹਾਂ ਦਿੱਤੇ ਹਨ ਲੋਕ ਸਤਾ ਭਾਈ।

'ਕਰਮ ਸਿੰਘ' ਕਰਤਾਰ ਦੀ ਓਟ ਲੈ ਕੇ ਹੁਣ ਜ਼ਾਲਮਾਂ ਵੰਡੀਆਂ ਪਾ ਭਾਈ।"

ਬਬਰ ਅਕਾਲੀ ਯੋਧਿਆਂ ਨੇ ਅਗਸਤ,1922 ਦੇ ਗੁਰੂ ਕੇ ਬਾਗ ਦੇ ਮੋਰਚੇ ਸਮੇਂ ਸ਼ਾਂਤਮਈ ਅਕਾਲੀਆਂ ਉੱਪਰ ਪੁਲਿਸ ਦੇ ਤਸ਼ੱਦਦ ਬਾਰੇ, ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਨੂੰ ਅੰਗਰੇਜ਼ ਸਰਕਾਰ ਵਿਰੁੱਧ ਹਥਿਆਰਬੰਦ ਸੰਘਰਸ਼ ਛੇੜਣ ਲਈ ਆਖਿਆ ਗਿਆ, ਪਰ ਨਰਮ-ਖਿਆਲੀ ਅਕਾਲੀ ਆਗੂਆਂ ਵੱਲੋਂ ਇਹ ਗੱਲ ਨਾ ਮੰਨੀ ਗਈ। ਦੂਜੇ ਪਾਸੇ ਜੁਝਾਰੂ ਬਬਰ ਅਕਾਲੀਆਂ ਨੇ ਆਪਣੀਆਂ ਕਾਰਵਾਈਆਂ ਜਾਰੀ ਰੱਖੀਆਂ ਅਤੇ ਇਕ ਖੁੱਲ੍ਹੀ ਚਿੱਠੀ ਗਵਰਨਰ ਪੰਜਾਬ ਦੇ ਨਾਲ ਲਿਖਦਿਆਂ ਕਿਹਾ, "ਐ ਗਵਰਨਰ ਪੰਜਾਬ! ਤੇਰੀਆਂ ਬੇਇਨਸਾਫ਼ੀਆਂ ਅਤੇ ਜ਼ੁਲਮਾਂ ਤੋਂ ਤੰਗ ਆ ਕੇ, ਬੱਬਰ ਅਕਾਲੀਆਂ ਨੇ ਆਪਣਾ ਸ਼ਾਂਤਮਈ ਦਾ ਰਾਹ ਤਿਆਗ ਕੇ, ਹੁਣ ਤਲਵਾਰ ਦਾ ਰਸਤਾ ਫੜਿਆ ਹੈ।" ਇਸ ਦੌਰਾਨ ਜਥੇਬੰਦੀ ਦੇ ਅਨੁਸ਼ਾਸਨ ਨੂੰ ਮੁੱਖ ਰੱਖਦਿਆਂ 25 ਨਵੰਬਰ,1922 ਨੂੰ ਇਕ ਬੈਠਕ 'ਚ ਮੈਂਬਰਾਂ ਨੂੰ ਔਰਤਾਂ ਅਤੇ ਬੱਚਿਆਂ ਉਤੇ ਹਮਲੇ ਨਾ ਕਰਨ ਦੀ ਹਦਾਇਤ ਤੋਂ ਇਲਾਵਾ, ਝੋਲੀ-ਚੁੱਕਾਂ ਨੂੰ ਸੋਧਣ ਦੀ ਜਿੰਮੇਵਾਰੀ ਲਈ ਬਬਰ ਕਰਮ ਸਿੰਘ ਦੌਲਤਪੁਰ, ਧੰਨਾ ਸਿੰਘ ਅਤੇ ਉਦੈ ਸਿੰਘ ਦੇ ਨਾਮ ਦਾ ਮਤਾ ਪਾਸ ਕੀਤਾ ਗਿਆ। ਬਬਰ ਅਕਾਲੀਆਂ ਵੱਲੋਂ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ ਕਿ ਕੋਈ ਵੀ ਠੇਕੇਦਾਰ ਸ਼ਰਾਬ ਤੇ ਸੜਕਾਂ ਦੁਆਲੇ ਲੱਗੇ ਅੰਬਾਂ ਦਾ ਠੇਕਾ ਨਹੀਂ ਲਵੇਗਾ। ਇਸ ਦਾ ਅਸਰ ਇਹ ਹੋਇਆ ਕਿ 1922-23 ਦੌਰਾਨ ਕਿਸੇ ਵੀ ਠੇਕੇਦਾਰ ਨੇ ਅੰਬਾਂ ਦਾ ਠੇਕਾ ਲੈਣ ਦੀ ਹਿੰਮਤ ਨਾ ਕੀਤੀ।

12 ਜਨਵਰੀ,1923 ਨੂੰ 'ਬਬਰ ਅਕਾਲੀ ਦੁਆਬਾ' ਅਖਬਾਰ ਵਿੱਚ ਜੁਝਾਰੂਆਂ ਦੀਆਂ ਚਿੱਠੀਆਂ ਛਾਪੀਆਂ, ਇਨ੍ਹਾਂ ਵਿੱਚ ਜਲੰਧਰ ਦੇ ਜ਼ਿਲ੍ਹਾ ਵਿਚ ਬੱਬਰਾਂ ਵੱਲੋਂ ਟੋਡੀਆਂ ਨੂੰ ਸੋਧਣ ਦੇ ਦਾ ਐਲਾਨ ਛਾਪਿਆ ਗਿਆ ਸੀ। 11 ਮਾਰਚ,1923 ਨੂੰ ਨੰਗਲ ਸਾਮਾਂ ਪਿੰਡ ਦਾ ਲੰਬਰਦਾਰ ਸੋਧਿਆ।19 ਮਾਰਚ,1923 ਨੂੰ ਸੀਆਈਡੀ ਸਿਪਾਹੀ ਲਾਭ ਸਿੰਘ ਨੂੰ ਡਾਨਸੀਵਾਲ ਪਿੰਡ ਵਿਚ ਖਤਮ ਕੀਤਾ। 21 ਮਾਰਚ,1923 ਨੂੰ ਪਿੰਡ ਕੌਲਗੜ੍ਹ, ਸਭਸ ਨਗਰ ਵਿਖੇ ਅੰਗਰੇਜ਼ ਪ੍ਰਸਤਾਂ ਨੂੰ ਸੋਧਣ ਦੀ ਜਿੰਮੇਵਰੀ ਲੈਣ ਦਾ ਬਬਰ ਅਕਾਲੀਆਂ ਦਾ ਦੂਜਾ ਐਲਾਨ 'ਬਬਰ ਅਕਾਲੀ' ਅਖਬਾਰ ਵਿੱਚ ਪ੍ਰਕਸ਼ਿਤ ਕੀਤਾ ਗਿਆ।

ਭਾਈ ਕਰਮ ਸਿੰਘ ਬਬਰ ਅਕਾਲੀ ਨੇ ਆਪਣਾ ਜੀਵਨ ਲੋਕਾਂ ਦੀ ਆਜ਼ਾਦੀ ਲਈ ਸਮਰਪਿਤ ਕੀਤਾ। 20 ਮਈ,1923 ਨੂੰ ਹਿਯਾਤਪੁਰ ਰੁੜਕੀ ਦੇ ਦੋ ਅੰਗਰੇਜ਼-ਪ੍ਰਸਤ ਰਲਾ ਅਤੇ ਦਿੱਤੂ ਨੂੰ ਕੌਮੀ ਯੋਧਿਆਂ ਨਾਲ ਗ਼ੱਦਾਰੀ ਕਰਨ ਤੋਂ ਬਾਜ਼ ਨਾ ਆਉਣ ਕਾਰਨ ਖੁਦ ਬਬਰ ਅਕਾਲੀ ਨੇ ਸੋਧਿਆ। ਹਿਯਾਤਪੁਰ ਰੁੜਕੀ ਭਾਈ ਕਰਮ ਸਿੰਘ ਬਬਰ ਅਕਾਲੀ ਦਾ ਨਾਨਕਾ ਪਿੰਡ ਸੀ। ਇਸੇ ਦੌਰਾਨ ਕੁਝ ਅੰਗਰੇਜ਼ਪ੍ਰਸਤ ਸੰਪਰਦਾਰਵਾਂ ਨੇ ਬਬਰ ਅਕਾਲੀਆਂ ਗਰਮ ਕਾਰਵਾਈਆਂ ਵਿਰੁੱਧ ਮਤੇ ਵੀ ਪਾਸ ਕੀਤੇ। ਨਰਮ-ਖ਼ਿਆਲੀ ਅਕਾਲੀ ਅਤੇ ਚੀਫ਼ ਖ਼ਾਲਸਾ ਦੀਵਾਨ ਵਾਲੇ ਬਬਰਾਂ ਦਾ ਵਿਰੋਧ ਕਰਨ ਲੱਗੇ।

ਬੇਸ਼ੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਬਰਾਂ ਦੇ ਮੁਕੱਦਮੇ ਵੀ ਲੜੇ, ਪਰ ਇਹ ਵੀ ਸੱਚ ਹੈ ਕਿ 29 ਮਈ,1923 ਨੂੰ ਸ਼੍ਰੋਮਣੀ ਕਮੇਟੀ ਨੇ ਬਬਰ ਅਕਾਲੀਆਂ ਨੂੰ ਪੰਥ ਵਿਰੋਧੀ ਘੋਸ਼ਿਤ ਕਰ ਦਿੱਤਾ। ਦੁਖਦਾਈ ਪੱਖ ਇਹ ਹੈ ਕਿ ਸਰਕਾਰ ਨੂੰ ਖੁਸ਼ ਕਰਨ ਲਈ ਇਹ ਮਤਾ ਪਾਸ ਕੀਤਾ ਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੱਬਰਾਂ ਦੀ ਕਤਲਾਂ ਦੀ ਪਾਲਿਸੀ ਦੀ ਨਿਖੇਧੀ ਕਰਦੀ ਹੈ ਤੇ ਪੰਥ ਅੱਗੇ ਅਪੀਲ ਕਰਦੀ ਹੈ ਕਿ ਕੋਈ ਸੱਜਣ ਇਨ੍ਹਾਂ ਦੀ ਸਹਾਇਤਾ ਨਾ ਕਰੇ, ਸਗੋਂ ਇਨ੍ਹਾਂ ਨੂੰ ਦੇਸ਼ ਤੇ ਕੌਮ ਲਈ ਹਾਨੀਕਾਰਕ ਸਮਝੇ। (ਹਵਾਲਾ ਕਿਤਾਬ 'ਬਬਰ ਅਕਾਲੀ', ਲੇਖਕ ਪ੍ਰਿੰਸੀਪਲ ਨਿਹਾਲ ਸਿੰਘ ਰਸ, ਪੰਨਾ 135) ਇਨ੍ਹਾਂ ਦੇ ਨਾਲ-ਨਾਲ ਬਬਰਾਂ ਦੇ ਪ੍ਰਚਾਰ ਦਾ ਅਸਰ ਘੱਟ ਕਰਨ ਲਈ ਅੰਗਰੇਜ਼ਪ੍ਰਸਤ ਜ਼ੈਲਦਾਰਾਂ, ਨੰਬਰਦਾਰਾਂ, ਸਫੈਦਪੋਸ਼ਾਂ ਤੇ ਜਗੀਰਦਾਰਾਂ ਦੇ ਕਈ ਪਿੰਡਾਂ ਨੂੰ ਅਮਨ ਕਮੇਟੀਆਂ ਬਣਾਉਣ ਅਤੇ ਰਾਤਾਂ ਨੂੰ ਪਹਿਰਾ ਲਾਉਣ ਵਾਲੇ ਮਸ਼ਵਰਿਆਂ ਨਾਲ, ਬਬਰਾਂ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਦੇ ਕਾਰੇ ਸ਼ੁਰੂ ਕਰ ਦਿੱਤੇ ਗਏ। ਇਸ ਤੋਂ ਮੰਦਭਾਗੀ ਗੱਲ ਕੀ ਹੋ ਸਕਦੀ ਹੈ ਲੋਕਾਂ ਲਈ ਲੜਨ ਵਾਲੇ ਯੋਧਿਆਂ ਖਿਲਾਫ਼ ਹੀ ਲੋਕ ਲਾਮਬੰਦ ਹੋਣੇ ਸ਼ੁਰੂ ਹੋ ਗਏ। ਇਹ ਮੁਰਦਾ ਜ਼ਮੀਰ ਅਤੇ ਗ਼ੁਲਾਮ ਮਾਨਸਿਕਤਾ ਦੇ ਪ੍ਰਤੱਖ ਸਬੂਤ ਸਨ।

ਬਬਰ ਅਕਾਲੀ ਲਹਿਰ ਦੇ ਨਾਇਕ ਭਾਈ ਕਰਮ ਸਿੰਘ ਬੱਬਰ ਅੰਗਰੇਜ਼ ਹਕੂਮਤ ਖ਼ਿਲਾਫ਼ ਇਨਕਲਾਬੀ ਸੰਘਰਸ਼ ਕਰਦਿਆਂ, 1 ਸਤੰਬਰ 1923 ਨੂੰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਬਬੇਲੀ ਵਿਖੇ, ਪੁਲਿਸ ਮੁਕਾਬਲਾ ਵਿਚ ਸ਼ਹੀਦ ਹੋਏ। ਇਸ ਮੌਕੇ ਆਪ ਦੇ ਨਾਲ ਭਾਈ ਮਹਿੰਦਰ ਸਿੰਘ ਪੰਡੋਰੀ, ਭਾਈ ਗੰਗਾ ਸਿੰਘ, ਭਾਈ ਉਦੇ ਸਿੰਘ ਰਾਮਗੜੂ ਝੁੰਗੀਆਂ ਅਤੇ ਭਾਈ ਬਿਸ਼ਨ ਸਿੰਘ ਮਾਂਗਟਾਂ ਨੇ ਵੀ ਸ਼ਹੀਦੀਆਂ ਪਾਈਆਂ। ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਅਤੇ ਉਨ੍ਹਾਂ ਦੇ ਸਾਥੀ ਯੋਧਿਆਂ ਦੀਆਂ ਸ਼ਹੀਦੀਆਂ ਸਦਕਾ ਹੀ ਭਾਰਤ ਦੀਆਂ ਅੰਗਰੇਜ਼ਾਂ ਤੋਂ ਗ਼ੁਲਾਮੀ ਦੀਆਂ ਜ਼ੰਜੀਰਾਂ ਟੁੱਟੀਆਂ। ਅੱਜ ਦੁਖਦਾਈ ਗੱਲ ਇਹ ਹੈ ਕਿ ਨਵ-ਬਸਤੀਵਾਦ ਅਤੇ ਫਾਸ਼ੀਵਾਦ ਦੀਆਂ ਲੋਕ ਵਿਰੋਧੀ ਤਾਕਤਾਂ ਭਾਰਤ ਵਿੱਚ ਸੱਤਾ 'ਤੇ ਕਾਬਜ਼ ਹਨ। ਅਜੋਕੀ ਫਾਸ਼ੀਵਾਦੀ ਸਟੇਟ ਖਿਲਾਫ਼ ਘੱਟ ਗਿਣਤੀਆਂ ਹੱਕਾਂ ਲਈ ਜੂਝ ਰਹੀਆਂ ਹਨ। ਗ਼ਦਰੀ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਤੇ ਉਨ੍ਹਾਂ ਵਰਗੇ ਅਨੇਕਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਮਿਲੀ ਸੱਤਾਂ 'ਤੇ ਕਾਬਜ਼ ਫਾਸ਼ੀਵਾਦੀਆਂ ਨੂੰ ਤੱਕ ਕੇ ਮੂੰਹੋਂ ਇਹੀ ਨਿਕਲਦਾ ਹੈ; 'ਸ਼ੇਰਾਂ ਦੀਆਂ ਮਾਰਾਂ 'ਤੇ ਗਿੱਦੜ ਦੀਆਂ ਕਲੋਲਾਂ'। ਘੱਟ ਗਿਣਤੀਆਂ ਦੀ ਦੁਸ਼ਮਣ ਅੱਜ ਦੀ ਫਾਸ਼ੀਵਾਦੀ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਹੀ ਮਹਾਨ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਨੂੰ ਸੱਚੀ ਸ਼ਰਧਾਂਜਲੀ ਹੈ।

ਸਿਤਮਜ਼ਰੀਫੀ ਇਹ ਕਿ ਭਾਈ ਕਰਮ ਸਿੰਘ ਬਬਰ ਨੇ ਆਪਣੀ ਜਾਨ ਦੇ ਕੇ ਸਾਨੂੰ ਸਰਦਾਰੀਆਂ ਬਖ਼ਸ਼ੀਆਂ ਹਨ, ਪਰ ਅਸੀਂ ਇਸ ਮਹਾਨ ਯੋਧੇ ਨੂੰ ਵਿਸਾਰ ਚੁੱਕੇ ਹਾਂ। ਸਕੂਲਾਂ ਦੀਆਂ ਪਾਠ ਪੁਸਤਕਾਂ ਵਿੱਚ ਇਨ੍ਹਾਂ ਬੱਬਰ ਅਕਾਲੀਆਂ ਅਤੇ ਗਦਰੀ ਯੋਧਿਆਂ ਦਾ ਇਤਿਹਾਸ ਪੜ੍ਹਾਇਆ ਨਹੀਂ ਜਾਂਦਾ। ਦੂਜੇ ਪਾਸੇ ਇਹ ਗੱਲ ਜ਼ਰੂਰ ਮਾਣ ਵਾਲੀ ਹੈ ਕਿ ਪਿੰਡ ਦੌਲਤਪੁਰ, ਵਿੱਚ ਬਬਰ ਸ਼ਹੀਦਾਂ ਦੀ ਯਾਦ 'ਚ ਉਸਾਰੇ ਗਏ ਸਮਾਰਕ ਸਭ ਲਈ ਪ੍ਰੇਰਨਾ ਸਰੋਤ ਹਨ। ਇੱਥੇ 57 ਬੱਬਰ ਸ਼ਹੀਦਾਂ ਦੀ ਵਿਰਾਸਤ ਵਜੋਂ ਇਨ੍ਹਾਂ ਦੇ ਹਥਿਆਰਾਂ ਅਤੇ ਸਾਹਿਤ ਨੂੰ ਸੰਭਾਲ ਕੇ ਰੱਖਿਆ ਹੈ, ਜੋ ਕਿ ਸੰਘਰਸ਼ ਦੇ ਰਾਹ 'ਤੇ ਚੱਲਣ ਅਤੇ ਜ਼ੁਲਮ ਖ਼ਿਲਾਫ਼ ਡਟਣ ਵਾਲਿਆਂ ਲਈ ਚਾਨਣ ਮੁਨਾਰੇ ਹਨ।

'ਬਬਰ ਅਕਾਲੀ ਲਹਿਰ' ਦੀ ਸ਼ਤਾਬਦੀ ਅਤੇ 'ਬਬਰ ਅਕਾਲੀ ਅਖ਼ਬਾਰ' ਦੇ 100ਵੇਂ ਸਥਾਪਨਾ ਦਿਹਾੜੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ 1922-23 ਦੌਰਾਨ ਬੱਬਰ ਅਕਾਲੀ ਯੋਧਿਆਂ ਖ਼ਿਲਾਫ਼ ਪਾਸ ਕੀਤੇ ਮਤੇ ਰੱਦ ਕਰੇ ਅਤੇ ਇਸ ਇਤਿਹਾਸਕ ਗ਼ਲਤੀ ਨੂੰ ਤੁਰੰਤ ਦਰੁਸਤ ਕਰੇ। ਅਜਿਹਾ ਪਹਿਲਾਂ ਹੀ ਹੋ ਜਾਣਾ ਚਾਹੀਦਾ ਸੀ। ਬਬਰ ਅਕਾਲੀ ਅਖ਼ਬਾਰ ਦੇ ਸੰਪਾਦਕ ਭਾਈ ਕਰਮ ਸਿੰਘ ਦੌਲਤਪੁਰ ਅਤੇ ਸਮੂਹ ਬਬਰਾਂ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦੇ ਹੋਏ, ਸ਼੍ਰੋਮਣੀ ਕਮੇਟੀ ਨੂੰ ਅਜਿਹੇ ਮੰਦਭਾਗੇ ਮਤੇ ਤੁਰੰਤ ਹਟਾਉਣ ਦੀ ਲੋੜ ਹੈ। ਅਫ਼ਸੋਸ ਇਸ ਗੱਲ ਦਾ ਵੀ ਹੈ ਕਿ ਚੀਫ ਐਡੀਟਰ ਬਬਰ ਅਕਾਲੀ ਕਰਮ ਸਿੰਘ ਜੀ ਦੀ ਪੱਤਰਕਾਰ ਵਜੋਂ ਦੇਣ ਦਾ ਪਹਿਲੂ ਅਣਗੌਲਿਆ ਰਿਹਾ ਹੈ, ਜਿਸ ਲਈ ਪੰਜਾਬੀ ਪੱਤਰਕਾਰੀ ਨਾਲ ਜੁੜੇ ਅਦਾਰੇ ਅਤੇ ਸ਼ਖਸੀਅਤਾਂ ਜ਼ਿੰਮੇਵਾਰ ਹਨ। ਪੰਜਾਬੀ ਪ੍ਰੈੱਸ ਕਲੱਬ ਆਫ ਬ੍ਰਿਟਿਸ਼ ਕੋਲੰਬੀਆ ਨੇ ਸ਼ਤਾਬਦੀ ਸਾਲ ਦੌਰਾਨ ਭਾਈ ਸਾਹਿਬ ਦੇ ਬਤੌਰ ਪੱਤਰਕਾਰ ਯੋਗਦਾਨ ਬਾਰੇ ਸਮਾਗਮ ਕਰਨ ਦਾ ਫੈਸਲਾ ਲੈਂਦਿਆਂ, ਬਣਦਾ ਫਰਜ਼ ਨਿਭਾਇਆ ਹੈ।

ਦੇਰ ਆਏ ਦਰੁਸਤ ਆਏ!



Archive

RECENT STORIES