Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਸਜ਼ਾ ਭੁਗਤ ਚੁੱਕੇ ਨੌਜਵਾਨਾਂ ਨੂੰ ਛੁਡਾਉਣ ਲਈ ਸਿੱਖ ਜਥੇਬੰਦੀਆਂ ਹੋਈਆਂ ਇਕਮੁੱਠ

Posted on August 20th, 2013


ਮੁਹਾਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਮਾਮਲੇ ਵਿੱਚ ਨਾਮਜ਼ਦ ਭਾਈ ਸ਼ਮਸ਼ੇਰ ਸਿੰਘ, ਭਾਈ ਲਖਵਿੰਦਰ ਸਿੰਘ ਉਰਫ਼ ਲੱਖਾ ਅਤੇ ਭਾਈ ਗੁਰਮੀਤ ਸਿੰਘ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਰੋਸ ਮਾਰਚ ਕੀਤਾ ਗਿਆ। ਇਹ ਤਿੰਨੇ ਮੁਲਜ਼ਮ ਜ਼ਿਲ੍ਹਾ ਪਟਿਆਲਾ ਨਾਲ ਸਬੰਧ ਰੱਖਦੇ ਹਨ।

ਜਾਣਕਾਰੀ ਅਨੁਸਾਰ ਭਾਈ ਸ਼ਮਸ਼ੇਰ ਸਿੰਘ ਰਾਜਪੁਰਾ ਨੇੜਲੇ ਪਿੰਡ ਉਕਸੀ ਦੇ ਵਸਨੀਕ ਹਨ, ਭਾਈ ਲਖਵਿੰਦਰ ਸਿੰਘ ਉਰਫ਼ ਲੱਖਾ ਨਾਰੰਗਵਾਲ, ਗੁਰੂ ਨਾਨਕ ਨਗਰ ਪਟਿਆਲਾ ਅਤੇ ਭਾਈ ਗੁਰਮੀਤ ਸਿੰਘ ਵੀ ਇਸੇ ਨਗਰ ਦੇ ਰਹਿਣ ਵਾਲੇ ਹਨ। ਇਨ੍ਹਾਂ ਵਿਅਕਤੀਆਂ ਨੂੰ ਬੇਅੰਤ ਸਿੰਘ ਦੀ ਹੱਤਿਆ ਤੋਂ ਬਾਅਦ ਜਗਤਾਰ ਸਿੰਘ ਹਵਾਰਾ ਤੇ ਹੋਰਨਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹਨ।

ਉਧਰ, ਭਾਈ ਲਖਵਿੰਦਰ ਸਿੰਘ ਲੱਖਾ ਦੀ ਵੱਡੀ ਭੈਣ ਸੁਖਵਿੰਦਰ ਕੌਰ ਅਤੇ ਜੀਜਾ ਜੰਗ ਸਿੰਘ ਦੀ ਅਪੀਲ ’ਤੇ ਸੋਮਵਾਰ ਨੂੰ ਸਿੱਖ ਜਥੇਬੰਦੀਆਂ ਵੱਲੋਂ ਇਨ੍ਹਾਂ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਰਾਜ ਭਵਨ ਤੱਕ ਰੋਸ ਮਾਰਚ ਕੱਢਣ ਦਾ ਪ੍ਰੋਗਰਾਮ ਉਲੀਕਿਆ ਗਿਆ ਪਰ ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਰੋਕ ਲਿਆ। ਸਿੱਖ ਆਗੂਆਂ ਨੇ ਸੂਬੇ ਦੇ ਰਾਜਪਾਲ ਸ਼ਿਵਰਾਜ ਪਾਟਿਲ ਨੂੰ ਮੰਗ ਪੱਤਰ ਦੇਣ ਜਾਣ ਦੀ ਮੰਗ ਕੀਤੀ ਪਰ ਪੁਲੀਸ ਨੇ ਉਨ੍ਹਾਂ ਦੀ ਇਕ ਨਹੀਂ ਸੁਣੀ ਜਿਸ ਕਾਰਨ ਉਹ ਸੜਕ ’ਤੇ ਧਰਨਾ ਲਾ  ਕੇ ਬੈਠ ਗਏ। ਇਸ ਮਗਰੋਂ ਰਾਜਪਾਲ ਦੇ ਦਫ਼ਤਰੋਂ ਡੀ.ਐਸ.ਪੀ. ਬਲਵੰਤ ਸਿੰਘ ਪ੍ਰਦਰਸ਼ਨ ਕਰ ਰਹੇ ਸਿੱਖ ਆਗੂਆਂ ਕੋਲ ਪਹੁੰਚ ਕੇ ਮੰਗ ਪੱਤਰ  ਹਾਸਲ ਕੀਤਾ।
ਇਸ ਤੋਂ ਪਹਿਲਾਂ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਇੱਥੋਂ ਦੇ ਫੇਜ਼-8 ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਤਰਤਾ ਹੋਈ। ਇਸ ਵਿੱਚ ਸੰਤ ਸਮਾਜ ਦੇ ਆਗੂ ਬਲਜੀਤ ਸਿੰਘ ਦਾਦੂਵਾਲ ਵੱਲੋਂ ਪੰਥਕ ਸੇਵਾ ਲਹਿਰ ਦੇ ਨੁਮਾਇੰਦੇ ਪਰਦੀਪ ਸਿੰਘ ਚਾਂਦਪੁਰ, ਸ਼੍ਰੋਮਣੀ ਅਕਾਲੀ ਦਲ (ਸੁਤੰਤਰ) ਦੇ ਆਗੂ ਪਰਮਜੀਤ ਸਿੰਘ ਸਹੋਲੀ, ਗੁਰੂ ਆਸਰਾ ਟਰੱਸਟ ਦੇ ਮੁਖੀ ਕੰਵਰ ਸਿੰਘ ਧਾਮੀ, ਪੰਥਕ ਵਿਚਾਰ ਮੰਚ ਚੰਡੀਗੜ੍ਹ ਦੇ ਪ੍ਰਧਾਨ ਬਲਜੀਤ ਸਿੰਘ ਖਾਲਸਾ, ਅਕਾਲੀ ਦਲ (ਪੰਚ ਪ੍ਰਧਾਨੀ) ਦੇ ਬੁਲਾਰੇ ਹਰਪਾਲ ਸਿੰਘ ਚੀਮਾ, ਸੀਨੀਅਰ ਅਕਾਲੀ ਆਗੂ ਗੁਰਨਾਮ ਸਿੰਘ ਸਿੱਧੂ, ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੰਟੀ, ਰਜਿੰਦਰ ਸਿੰਘ ਖੁਰਾਣਾ, ਗੁਰਬਖ਼ਸ ਸਿੰਘ ਖਾਲਸਾ ਹਰਿਆਣਾ ਅਤੇ ਬੀਬੀ ਸੁਖਵਿੰਦਰ ਕੌਰ ਤੇ ਜੰਗ ਸਿੰਘ ਸਮੇਤ ਹੋਰ ਆਗੂਆਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਦੇਸ਼ ਵਿੱਚ ਸਿੱਖਾਂ ਲਈ ਵੱਖਰੇ ਕਾਨੂੰਨ ਬਣਾਏ ਗਏ ਹਨ ਜਿਸ ਕਾਰਨ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਹਨ। ਉਨ੍ਹਾਂ ਕਿਹਾ ਕਿ ਜਦੋਂ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਹੋਈ ਤਾਂ ਉਸ ਸਮੇਂ ਭਾਈ ਦਿਲਾਵਰ ਸਿੰਘ ਵੀ ਨਾਲ ਹੀ ਮਾਰੇ ਗਏ ਸਨ ਪਰ ਬਾਅਦ ਵਿੱਚ ਪੰਜਾਬ ਪੁਲੀਸ ਨੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਫੜ ਕੇ ਜੇਲ੍ਹਾਂ ਅੰਦਰ ਸੁੱਟ ਦਿੱਤਾ। ਉਨ੍ਹਾਂ ਕਿਹਾ ਕਿ ਭਾਈ ਸ਼ਮਸ਼ੇਰ ਸਿੰਘ, ਭਾਈ ਲਖਵਿੰਦਰ ਸਿੰਘ ਉਰਫ਼ ਲੱਖਾ ਅਤੇ ਭਾਈ ਗੁਰਮੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ। ਅਦਾਲਤ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਵੀ ਪੂਰੀ ਹੋ ਚੁੱਕੀ ਹੈ ਲੇਕਿਨ ਹਾਲੇ ਤੱਕ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ।

ਸਿੱਖ ਆਗੂਆਂ ਨੇ ਦਾਅਵਾ ਕੀਤਾ ਕਿ ਜੇਲ੍ਹ ਰਿਕਾਰਡ ਅਨੁਸਾਰ ਇਨ੍ਹਾਂ ਨੌਜਵਾਨਾਂ ਦੀ ਉਮਰ ਕੈਦ ਦੀ ਸਜ਼ਾ  ਪੂਰੀ ਹੋ ਚੁੱਕੀ ਹੈ। ਬਾਵਜੂਦ ਇਸ ਦੇ ਇਨ੍ਹਾਂ ਨੌਜਵਾਨਾਂ ਨੂੰ ਛੱਡਿਆ ਨਹੀਂ ਜਾ ਰਿਹਾ। ਇਹੀ ਨਹੀਂ ਲੰਮੇਂ ਸਮੇਂ ਤੋਂ ਜੇਲ੍ਹਾਂ ਵਿੱਚ ਸੜ ਰਹੇ ਇਨ੍ਹਾਂ ਨੌਜਵਾਨਾਂ ਨੂੰ ਨਾ ਤਾਂ ਕੋਈ ਪੈਰੋਲ ਦੀ ਸਹੂਲਤ ਹੈ ਅਤੇ ਨਾ ਹੀ ਇਕ ਦਿਨ ਦੀ ਵੀ ਛੁੱਟੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸ਼ਰ੍ਹੇਆਮ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਮਾਮਲਾ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਸਿੱਖ ਨੌਜਵਾਨਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ।



Archive

RECENT STORIES