Leading Punjabi Newspapers of CANADA & USA

1986 ਤੋਂ ਚੜ੍ਹਦੀ ਕਲਾ ਅਤੇ ਅਕਾਲ ਗਾਰਡੀਅਨ ਅਖਬਾਰਾਂ ਰਾਹੀਂ ਕੈਨੇਡਾ-ਅਮਰੀਕਾ ਦੇ ਪੰਜਾਬੀਆਂ ਦੀ ਸੇਵਾ ਵਿੱਚ

ਵਿਸ਼ਵ ਭਾਈਚਾਰਾ ਕਸ਼ਮੀਰ ਮਸਲੇ ਦੇ ਹੱਲ 'ਚ ਭੂਮਿਕਾ ਨਿਭਾਵੇ

Posted on August 30th, 2013


ਇਸਲਾਮਾਬਾਦ- ਪਾਕਿਸਤਾਨ ਨੇ ਕਿਹਾ ਹੈ ਕਿ ਵਿਸ਼ਵ ਭਾਈਚਾਰਾ ਕਸ਼ਮੀਰ ਮਸਲੇ ਦੇ ਹੱਲ ਲਈ ਆਪਣੀ ਭੂਮਿਕਾ ਨਿਭਾਵੇ। ਪਾਕਿਸਤਾਨ ਨੇ ਕਿਹਾ ਕਿ ਭਾਰਤ ਦੋਹਾਂ ਮੁਲਕਾਂ ਵਿਚਾਲੇ ਪ੍ਰਸਪਰ ਗੱਲਬਾਤ ਨਾਲ ਇਹ ਮਸਲਾ ਹੱਲ ਕਰਨਾ ਚਾਹੁੰਦਾ ਹੈ ਪਰ ਇਸ ਗੱਲਬਾਤ ਦਾ ਅਜੇ ਤੱਕ ਕੋਈ ਨਤੀਜਾ ਨਹੀਂ ਨਿਕਲਿਆ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਵਿਦੇਸ਼ੀ ਮਾਮਲਿਆਂ ਸਬੰਧੀ ਸਲਾਹਕਾਰ ਸਰਤਾਜ ਅਜ਼ੀਜ਼ ਨੇ ਕਿਹਾ ਕਿ ਭਾਰਤ ਕਸ਼ਮੀਰ ਮਸਲੇ ਦਾ ਹੱਲ ਗੱਲਬਾਤ ਰਾਹੀਂ ਕਰਨ 'ਤੇ ਜ਼ੋਰ ਦਿੰਦਾ ਰਿਹਾ ਹੈ ਪਰ ਇਸ ਦਾ ਕੋਈ ਨਤੀਜਾ ਸਾਹਮਣੇ ਨਹੀਂ ਆਇਆ। 

ਪਾਕਿਸਤਾਨ ਦੀ ਨੈਸ਼ਨਲ ਅਸੰਬਲੀ 'ਚ ਵਿਦੇਸ਼ ਨੀਤੀ ਬਾਰੇ ਬਿਆਨ ਦਿੰਦੇ ਹੋਏ ਅਜ਼ੀਜ਼ ਨੇ ਕਿਹਾ ਕਿ ਵਿਸ਼ਵ ਭਾਈਚਾਰੇ ਨੂੰ ਚਾਹੀਦਾ ਹੈ ਕਿ ਉਹ ਇਸ ਖੇਤਰ 'ਚ ਸ਼ਾਂਤੀ ਬਣਾਈ ਰੱਖਣ ਲਈ ਕਸ਼ਮੀਰ ਮਸਲੇ ਨੂੰ ਹੱਲ ਕਰਨ ਲਈ ਆਪਣੀ ਜ਼ਿੰਮੇਵਾਰੀ ਨਿਭਾਵੇ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਸਰਹੱਦ 'ਤੇ ਸ਼ਾਂਤੀ ਕਾਇਮ ਕਰਨਾ ਚਾਹੁੰਦਾ ਹੈ ਪਰ ਭਾਰਤ ਸਹਿਯੋਗ ਨਹੀਂ ਕਰ ਰਿਹਾ। ਉਨ੍ਹਾਂ ਨੇ ਸਰਹੱਦ 'ਤੇ ਬਣੇ ਤਣਾਅ 'ਤੇ ਅਫ਼ਸੋਸ ਜਾਹਰ ਕੀਤਾ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਫ਼ੌਜ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਪੰਜ ਭਾਰਤੀ ਫੌਜੀਆਂ ਦੀ ਹੋਈ ਮੌਤ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ਵਿਚ ਤਣਾਅ ਪੈਦਾ ਹੋਇਆ ਹੈ। ਹਾਲਾਂਕਿ ਦੋਵੇਂ ਦੇਸ਼ ਇਕ-ਦੂਜੇ 'ਤੇ ਗੋਲੀਬੰਦੀ ਦੀ ਉਲੰਘਣਾ ਦਾ ਦੋਸ਼ ਲਾਉਂਦੇ ਰਹੇ ਹਨ। ਅਜ਼ੀਜ਼ ਨੇ ਕਿਹਾ ਕਿ ਪਾਕਿਸਤਾਨ ਨੇ ਸਰਹੱਦ 'ਤੇ ਹੁੰਦੀ ਗੋਲੀਬੰਦੀ ਦੀ ਉਲੰਘਣਾ ਬਾਰੇ ਸਾਂਝੀ ਜਾਂਚ ਕਿਸੇ ਸੁਤੰਤਰ ਕਮਿਸ਼ਨ ਤੋਂ ਕਰਾਉਣ ਬਾਰੇ ਭਾਰਤ ਨੂੰ ਕਿਹਾ ਸੀ ਪਰ ਉਸ ਨੇ ਇਸ ਸੁਝਾਅ ਨੂੰ ਵੀ ਰੱਦ ਕਰ ਦਿੱਤਾ।



Archive

RECENT STORIES